Latest news

Ex Dgp ਸੁਮੇਧ ਸੈਣੀ ਖ਼ਿਲਾਫ਼ ਚਲਾਨ ਪੇਸ਼ ਕਰਨ ਦੀ ਤਿਆਰੀ

Ex Dgp preparing to introduce challan against Sumit Saini

ਫਰੀਦਕੋਟ,

ਕੋਟਕਪੂਰਾ ਗੋਲੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਅਦਾਲਤ ਵਿੱਚ ਇੱਕ ਅਕਾਲੀ ਆਗੂ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਦੋਸ਼ ਪੱਤਰ ਦਾਇਰ ਕਰਨ ਤੋਂ ਬਾਅਦ ਇਸ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਲੁਧਿਆਣਾ ਦੇ ਸਹਾਇਕ ਪੁਲੀਸ ਕਮਿਸ਼ਨਰ ਪਰਮਪਾਲ ਸਿੰਘ ਪੰਨੂ ਅਤੇ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਨੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ। ਪਰਮਪਾਲ ਸਿੰਘ ਪੰਨੂ ਨੇ ਸਪੈਸ਼ਲ ਜੱਜ ਹਰਪਾਲ ਸਿੰਘ ਦੀ ਅਦਾਲਤ ਵਿੱਚ ਅਰਜ਼ੀ ਦੇ ਕੇ ਗ੍ਰਿਫ਼ਤਾਰੀ ’ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਨੇ ਵੀ ਗ੍ਰਿਫ਼ਤਾਰੀ ਦਾ ਖ਼ਦਸ਼ਾ ਜ਼ਾਹਰ ਕਰਦਿਆਂ ਜ਼ਮਾਨਤ ਦੀ ਮੰਗ ਕੀਤੀ ਸੀ। ਅਦਾਲਤ ਨੇ ਇਸ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 4 ਜੂਨ ਨੂੰ ਇਸ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ। ਜਿਹੜੇ ਪੁਲੀਸ ਅਧਿਕਾਰੀਆਂ ਨੇ ਅਦਾਲਤ ਪਾਸੋਂ ਜ਼ਮਾਨਤ ਦੀ ਮੰਗ ਕੀਤੀ ਹੈ, ਉਨ੍ਹਾਂ ਅਧਿਕਾਰੀਆਂ ਨੂੰ ਪੁਲੀਸ ਨੇ ਪੜਤਾਲ ਦੌਰਾਨ ਗ੍ਰਿਫ਼ਤਾਰ ਨਹੀਂ ਕੀਤਾ ਸੀ ਅਤੇ ਇਨ੍ਹਾਂ ਅਧਿਕਾਰੀਆਂ ਨੂੰ ਪੁੱਛ ਪੜਤਾਲ ਕਰਕੇ ਰਿਹਾਅ ਕਰ ਦਿੱਤਾ ਸੀ, ਜਦੋਂ ਕਿ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸਾਬਕਾ ਸਾਂਸਦੀ ਸਕੱਤਰ ਮਨਤਾਰ ਸਿੰਘ ਬਰਾੜ ਵੀ ਇਸ ਮਾਮਲੇ ਵਿੱਚ ਦੋਸ਼ੀ ਵਜੋਂ ਨਾਮਜ਼ਦ ਕੀਤੇ ਗਏ ਹਨ ਅਤੇ ਹਾਈ ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਉੱਪਰ ਰੋਕ ਲਾਈ ਹੋਈ ਹੈ। ਇਸੇ ਦਰਮਿਆਨ ਚਲਾਨ ਅਦਾਲਤ ਵਿੱਚ ਪੇਸ਼ ਕਰਨ ਨੂੰ ਲੈ ਕੇ ਪੈਦਾ ਹੋਏ ਵਿਵਾਦ ਨੂੰ ਨਿਪਟਾਉਣ ਲਈ ਡੀ.ਜੀ.ਪੀ ਪੰਜਾਬ ਨੇ ਜਾਂਚ ਟੀਮ ਅਧਿਕਾਰੀਆਂ ਨੂੰ ਗੱਲਬਾਤ ਲਈ ਬੁਲਾਇਆ ਜਿਸ ਵਿੱਚ ਏ.ਡੀ.ਜੀ.ਪੀ ਪ੍ਰਬੋਧ ਕੁਮਾਰ, ਆਈਜੀ ਕੁੰਵਰ ਵਿਜੇ ਪ੍ਰਤਾਪ ਅਤੇ ਦੋ ਹੋਰ ਜਾਂਚ ਅਧਿਕਾਰੀ ਸ਼ਾਮਲ ਹੋਏ। ਡੀਜੀਪੀ ਨੇ ਜਾਂਚ ਟੀਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਾਂਚ ਸਬੰਧੀ ਕਿਸੇ ਵੀ ਤੱਥ ਜਾਂ ਵਿਵਾਦ ਨੂੰ ਮੀਡੀਆ ਵਿੱਚ ਨਾ ਲਿਜਾਣ। ਸੂਤਰਾਂ ਅਨੁਸਾਰ ਮੀਟਿੰਗ ਦੌਰਾਨ ਆਪਸ ਵਿੱਚ ਉਲਝਣ ਦੀ ਥਾਂ ਜਾਂਚ ਨੂੰ ਤੁਰੰਤ ਮੁਕੰਮਲ ਕਰਨ ਦੇ ਮੁੱਦੇ ’ਤੇ ਵੀ ਚਰਚਾ ਹੋਈ। ਮੀਟਿੰਗ ਦੌਰਾਨ ਪੰਜਾਬ ਪੁਲੀਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਚਲਾਨ ਦੇਣ ਦੇ ਮੁੱਦੇ ਨੂੰ ਵੀ ਵਿਚਾਰਿਆ ਗਿਆ। ਕੋਟਕਪੂਰਾ ਗੋਲੀ ਕਾਂਡ ਵਿੱਚ ਜਾਂਚ ਟੀਮ ਵੱਲੋਂ ਪੇਸ਼ ਕੀਤੇ ਗਏ ਚਲਾਨ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕੋਟਕਪੂਰਾ ਗੋਲੀ ਕਾਂਡ ਵਿੱਚ ਨਿਭਾਏ ਰੋਲ ਦੀ ਜਾਂਚ ਹੋ ਰਹੀ ਹੈ।

Leave a Reply

Your email address will not be published. Required fields are marked *