Latest news

ਸੁਪਰੀਮ ਕੋਰਟ ਨੇ ਸੈਣੀ ਦੀ ਗ੍ਰਿਫ਼ਤਾਰੀ ‘ਤੇ ਲਗਾਈ ਰੋਕ,ਪੜ੍ਹੋ ਪੂਰਾ ਮਾਮਲਾ

ਨਵੀਂ ਦਿੱਲੀ:GIN

29 ਸਾਲ ਪੁਰਾਣੇ ਆਈਏਐਸ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਰਾਹਤ ਮਿਲੀ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਨੇ ਸੈਣੀ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਨੋਟਿਸ ਜਾਰੀ ਕਰ ਪੰਜਾਬ ਸਰਕਾਰ ਤੋਂ ਦੋ ਹਫ਼ਤਿਆਂ ਵਿੱਚ ਜਵਾਬ ਤਲਬ ਕੀਤਾ ਹੈ।

ਸੁਪਰੀਮ ਕੋਰਟ ਵਿੱਚ ਸੁਮੇਧ ਸਿੰਘ ਸੈਣੀ ਦੀ ਪਟੀਸ਼ਨ ‘ਤੇ ਜਸਟਿਸ ਅਸ਼ੋਕ ਭੂਸ਼ਣ ਜਸਟਿਸ ਸੁਭਾਸ਼ ਰੈੱਡੀ ਅਤੇ ਜਸਟਿਸ ਐਮਆਰ ਸ਼ਾਹ ਦੀ ਬੈਂਚ ਨੇ ਸੁਣਵਾਈ ਕੀਤੀ।

ਸੈਣੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।

ਮੁਲਤਾਨੀ ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਸੁਪਰੀਮ ਕੋਰਟ ਨੇ ਇਹ ਫੈਸਲਾ ਸੁਣਾਇਆ।

ਸੁਣਵਾਈ ਦੌਰਾਨ, ਅਦਾਲਤ ‘ਚ ਸੈਣੀ ਦੇ ਵਕੀਲ ਮੁਕੁਲ ਰੋਹਤਗੀ ਨੇ ਕਿਹਾ, ”ਇਹ ਇੱਕ ਗੰਭੀਰ ਮੁੱਦਾ ਹੈ। ਉਹ ਇੱਕ ਕਾਬਲ ਅਫ਼ਸਰ ਸਨ ਜੋ ਗੋਲੀ ਦਾ ਜ਼ਖ਼ਮ ਤੱਕ ਆਪਣੇ ਸਰੀਰ ‘ਤੇ ਝੱਲ ਸਕੇ। ਜਦ ਉਹ ਐੱਸਐੱਸਪੀ ਸਨ ਤਾਂ ਉਸ ਵੇਲੇ ਅੱਤਵਾਦੀਆਂ ਨੇ ਉਨ੍ਹਾਂ ‘ਤੇ ਹਮਲਾ ਕੀਤਾ ਸੀ।”

ਪੰਜਾਬ ਸਰਕਾਰ ਦੇ ਵਕੀਲ ਸਿਧਾਰਥ ਮਲਹੋਤਰਾ ਨੇ ਕਿਹਾ ਉਨ੍ਹਾਂ ਖ਼ਿਲਾਫ਼ ਵਾਰੰਟ ਨਿਕਲ ਚੁੱਕੇ ਹਨ ਅਤੇ ਉਹ ਫਰਾਰ ਹਨ।

ਇਸ ‘ਤੇ ਜਸਟਿਸ ਅਸ਼ੋਕ ਭੂਸ਼ਣ ਨੇ ਪੁੱਛਿਆ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਇਨ੍ਹੀਂ ਕਾਹਲੀ ਕਿਉਂ ਹੈ?

ਕੋਰੋਨਾ ਮਹਾਂਮਾਰੀ ਕਾਰਨ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ।

ਸਾਬਕਾ ਡੀਜੀਪੀ ਸੈਣੀ ਨੇ ਆਪਣੀਆਂ ਪਟੀਸ਼ਨਾਂ ਵਿੱਚ ਦਲੀਲ ਦਿੱਤੀ ਸੀ ਕਿ ਇਹ 29 ਸਾਲ ਪੁਰਾਣਾ ਮਾਮਲਾ ਹੈ।

ਇਸ ਸਬੰਧੀ ਪਹਿਲਾਂ ਉਨ੍ਹਾਂ ਖ਼ਿਲਾਫ਼ ਸੀਬੀਆਈ ਨੇ ਵੀ ਕੇਸ ਦਰਜ ਕੀਤਾ ਸੀ, ਪਰ ਸੁਣਵਾਈ ਦੌਰਾਨ ਕੌਮੀ ਜਾਂਚ ਏਜੰਸੀ ਸੁਪਰੀਮ ਕੋਰਟ ਵਿੱਚ ਉਨ੍ਹਾਂ ਖ਼ਿਲਾਫ਼ ਠੋਸ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਕਾਰਨ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਖ਼ਿਲਾਫ਼ ਦਰਜ ਕੇਸ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ।

ਉਨ੍ਹਾਂ ਇਲਜ਼ਾਮ ਲਾਇਆ ਕਿ ਹੁਣ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਪੀੜਤ ਪਰਿਵਾਰ ਦੀ ਝੂਠੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਜਾਣਬੁੱਝ ਕੇ ਤੰਗ-ਪ੍ਰੇਸ਼ਾਨ ਅਤੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਖ਼ਿਲਾਫ਼ ਦਰਜ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ।

 ਬਲਵੰਤ ਸਿੰਘ ਮੁਲਤਾਨੀ ਕੌਣ ਸੀ 

ਬਲਵੰਤ ਸਿੰਘ ਮੁਲਤਾਨੀ ਤਤਕਾਲੀ ਆਈਏਐੱਸ ਅਧਿਕਾਰੀ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਸਨ।

ਬਲਵੰਤ ਸਿੰਘ ਚੰਡੀਗੜ੍ਹ ਇੰਡਸਟ੍ਰਿਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕੌਰਪੋਰੇਸ਼ਨ (ਸਿਟਕੋ) ਵਿੱਚ ਕੰਮ ਕਰਦੇ ਸਨ।

ਦਿ ਇੰਡੀਅਨ ਐਕਸਪ੍ਰੈੱਸ ਅਖ਼ਬਾਰ ਦੁਆਰਾ 19 ਸਤੰਬਰ 2007 ਨੂੰ ਲਿਖੀ ਇੱਕ ਰਿਪੋਰਟ ਦੇ ਅਨੁਸਾਰ, ਬਲਵੰਤ ਨੇ ਸਿਵਲ ਇੰਜੀਨੀਅਰਿੰਗ ਦੀ ਡਿਗਰੀ ਹਾਸਲ ਕੀਤੀ ਹੋਈ ਸੀ ਅਤੇ ਉਹ ਮਈ, 1989 ਤੋਂ ਚੰਡੀਗੜ੍ਹ ਵਿੱਚ ਹੀ ਸਿਟਕੋ ਵਿੱਚ ਜੂਨੀਅਰ ਇੰਜੀਨੀਅਰ ਵਜੋਂ ਕੰਮ ਕਰ ਰਹੇ ਸਨ।

31 ਦਸੰਬਰ, 1991 ਤੱਕ ਉਨ੍ਹਾਂ ਨੂੰ ਐਸ.ਡੀ.ਓ ਵਜੋਂ ਤਰੱਕੀ ਦਿੱਤੀ ਜਾਣੀ ਸੀ।

ਉਨ੍ਹਾਂ ਦਾ ਅਜੇ ਵਿਆਹ ਨਹੀਂ ਹੋਇਆ ਸੀ ਅਤੇ ਹਾਦਸੇ ਵੇਲੇ ਉਹ 28 ਸਾਲਾਂ ਦੇ ਸਨ।

ਪੂਰਾ ਮਾਮਲਾ?

 • ਬਲਵੰਤ ਸਿੰਘ ਮੁਲਤਾਨੀ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਵਲੋਂ ਕੀਤੀ ਗਈ ਸ਼ਿਕਾਇਤ ਅਨੁਸਾਰ, ਉਨ੍ਹਾਂ ਨੂੰ 11 ਦਸੰਬਰ 1991 ਨੂੰ ਤੜਕੇ 4 ਵਜੇ ਦੇ ਕਰੀਬ ਉਨ੍ਹਾਂ ਦੇ ਮੋਹਾਲੀ ਸਥਿਤ ਆਵਾਸ ਤੋਂ ਪੁਲਿਸ ਨੇ ਹਿਰਾਸਤ ‘ਚ ਲਿਆ ਗਿਆ ਸੀ। ਉਸ ਵੇਲੇ ਕੁਝ ਹੋਰ ਲੋਕਾਂ ਨੂੰ ਵੀ ਹਿਰਾਸਤ ‘ਚ ਲਿਆ ਗਿਆ ਸੀ।
 • ਸ਼ਿਕਾਇਤ ਮੁਤਾਬਕ ਇਲਜ਼ਾਮ ਹੈ ਕਿ ਚੰਡੀਗੜ੍ਹ ਪੁਲਿਸ ਨੇ ਦੋ ਦਿਨ ਟਾਰਚਰ ਕਰਨ ਤੋਂ ਬਾਅਦ 13 ਦਸੰਬਰ ਨੂੰ ਐੱਫ਼ਆਈਆਰ ਦਰਜ ਕਰ ਲਈ ਸੀ, ਜਿਸ ਵਿੱਚ ਉਸ ਵੇਲੇ ਦੇ ਚੰਡੀਗੜ੍ਹ ਦੇ ਐੱਸਐੱਸਪੀ ਸੁਮੇਧ ਸਿੰਘ ਸੈਣੀ ‘ਤੇ ਹੋਏ ਹਮਲੇ ਵਿਚ ਉਸ ਦਾ ਹੱਥ ਦੱਸਿਆ ਗਿਆ।
 • ਚੰਡੀਗੜ੍ਹ ਪੁਲਿਸ ਦੀ ਹਿਰਾਸਤ ‘ਚ ਕੁਲ 7 ਦਿਨਾਂ ਤੱਕ ਟਾਰਚਰ ਕਰਨ ਤੋਂ ਬਾਅਦ ਬਲਵੰਤ ਨੂੰ ਕਾਦੀਆਂ (ਗੁਰਦਾਸਪੁਰ) ਥਾਣੇ ਲੈ ਜਾਇਆ ਗਿਆ ਅਤੇ ਉੱਥੇ ਉਸ ਨੂੰ ਫਰਾਰ ਘੋਸ਼ਿਤ ਕਰਕੇ ਉਸ ਖਿਲਾਫ਼ ਇੱਕ ਹੋਰ ਐਫ਼ਆਈਆਰ ਦਰਜ ਕੀਤੀ ਗਈ।
 • ਦਸੰਬਰ 1991 ‘ਚ ਬਲਵੰਤ ਦੇ ਪਿਤਾ ਅਤੇ ਆਈਏਐੱਸ ਅਫ਼ਸਰ ਦਰਸ਼ਨ ਸਿੰਘ ਮੁਲਤਾਨੀ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਦਿਆਂ ਉਨ੍ਹਾਂ ਦੇ ਬੇਟੇ ਬਲਵੰਤ ਨੂੰ ਅਦਾਲਤ ‘ਚ ਪੁਲਿਸ ਵਲੋਂ ਪੇਸ਼ ਕਰਾਉਣ ਲਈ ਕਿਹਾ।
 • ਪਰ ਅਦਾਲਤ ਨੇ ਇਸ ਦਾਅਵੇ ਦੇ ਆਧਾਰ ‘ਤੇ ਪਟੀਸ਼ਨ ਖਾਰਿਜ ਕਰ ਦਿੱਤੀ ਕਿ ਬਲਵੰਤ ਪੁਲਿਸ ਹਿਰਾਸਤ ਤੋਂ ਭੱਜ ਗਿਆ ਸੀ ਅਤੇ ਉਸ ਦੇ ਠਿਕਾਨੇ ਬਾਰੇ ਹੁਣ ਕਿਸੇ ਨੂੰ ਨਹੀਂ ਪਤਾ।
 • ਪਰਿਵਾਰ ਦਾ ਕਹਿਣਾ ਸੀ ਕਿ ਬਲਵੰਤ ਦੀ ਪੁਲਿਸ ਤਸ਼ੱਦਦ ਦੌਰਾਨ ਮੌਤ ਹੋਈ ਹੈ।
 • ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸਾਲ 2007 ‘ਚ ਇਹ ਕੇਸ ਸੀਬੀਆਈ ਨੂੰ ਸੌਂਪ ਦਿਤਾ ਗਿਆ।
 • 2008 ‘ਚ ਸੀਬੀਆਈ ਨੇ ਸੁਪਰੀਮ ਕੋਰਟ ‘ਚ ਆਪਣਾ ਹਲਫ਼ਨਾਮਾ ਸੌਂਪਿਆ ।
 • ਸੁਪਰੀਮ ਕੋਰਟ ‘ਚ ਉਸ ਵੇਲੇ ਦੀ ਅਕਾਲੀ ਸਰਕਾਰ ਨੇ ਸੈਨੀ ਦੇ ਹੱਕ ‘ਚ ਆਪਣਾ ਪੱਖ ਰਖਦਿਆਂ ਕਿਹਾ ਕਿ ਸੈਨੀ ਵਰਗੇ ਇਮਾਨਦਾਰ ਪੁਲਿਸ ਅਧਿਕਾਰੀ ਨੇ ਪੰਜਾਬ ਤੋਂ ਅੱਤਵਾਦ ਖ਼ਤਮ ਕਰਨ ਦੀ ਹਮੇਸ਼ਾ ਕੋਸ਼ਿਸ਼ ਕੀਤੀ ਹੈ।
 • ਦਸੰਬਰ 2011 ‘ਚ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਦੀ ਅਪੀਲ ਨੂੰ ਮੰਜ਼ੂਰੀ ਦਿਤੀ ਅਤੇ ਹਾਈਕੋਰਟ ਦੇ ਆਦੇਸ਼ਾਂ ਨੂੰ ਗ਼ਲਤ ਘੋਸ਼ਿਤ ਕੀਤਾ।
 • ਬਲਵੰਤ ਸਿੰਘ ਮੁਲਤਾਨੀ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਦੀ ਸ਼ਿਕਾਇਤ ‘ਤੇ 7 ਮਈ 2020 ਨੂੰ ਮੁੜ੍ਹ ਤੋਂ ਸੁਮੇਧ ਸਿੰਘ ਸੈਣੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
 • ਪਲਵਿੰਦਰ ਮੁਲਤਾਨੀ ਵਲੋਂ ਕੇਸ ਲੜ ਰਹੇ ਵਕੀਲ ਪ੍ਰਦੀਪ ਵਿਰਕ ਨੇ ਦੱਸਿਆ ਕਿ ਸੈਣੀ ਅਤੇ 7 ਹੋਰਾਂ ਖ਼ਿਲਾਫ਼ ਧਾਰਾ 364, 201, 344, 330 ਅਤੇ 120ਬੀ ਦੇ ਨਾਲ ਅਦਾਲਤ ਦੇ ਹੁਕਮਾਂ ਤੋਂ ਬਾਅਦ ਧਾਰਾ 302 (ਕਤਲ਼ ਦੀ ਧਾਰਾ) ਵੀ ਜੋੜ ਲਈ ਗਈ ਹੈ।

 

Subscribe us on Youtube

 


  

Jobs Listing

Required Marketing executive to sale Advertisement packages of reputed reputed media firms of Punjab.

Read More


Leave a Reply