

ਅਣਅਧਿਕਾਰਤ ਕਲੋਨੀਆਂ ਦੇ ਜਿਨ੍ਹਾਂ ਵਸਨੀਕਾਂ ਕੋਲ ਐਨ.ਓ.ਸੀ. ਹੋਵੇਗੀ, ਉਨ੍ਹਾਂ ਨੂੰ ਆਪਣੀ ਜਾਇਦਾਦ ਦੀ ਰਜਿਸਟਰੀ ਕਰਵਾਉਣ ਵੇਲੇ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਇਸ ਸਬੰਧੀ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਮਾਲ ਮੰਤਰੀ ਨੇ ਦੱਸਿਆ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮੰਤਵ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਮਾਲ ਵਿਭਾਗ ਵਿਚ ਵੀ ਸਾਰਾ ਕੰਮਕਾਰ ਨਿਯਮਾਂ ਅਨੁਸਾਰ ਅਤੇ ਸੁਚੱਜੇ ਢੰਗ ਨਾਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹੋਏ ਹਨ।
ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸੂਬੇ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਸਥਿਤ ਜਾਇਦਾਦਾਂ ਦੀ ਰਜਿਸਟ੍ਰੇਸ਼ਨ ਲਈ ਲੋੜੀਂਦੀ ਐਨ.ਓ.ਸੀ. ਵਾਸਤੇ ਅਰਜ਼ੀਆਂ ਦੇ ਤੁਰੰਤ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਇਕ ਪੋਰਟਲ ਸ਼ੁਰੂ ਕਰ ਦਿੱਤਾ ਗਿਆ ਹੈ। ਜਿੰਪਾ ਨੇ ਕਿਹਾ ਕਿ ਅਣਅਧਿਕਾਰਤ ਕਾਲੋਨੀਆਂ ਵਿੱਚ ਸਥਿਤ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਤ ਕਰਨ ਲਈ ਸਬੰਧਤ ਵਿਅਕਤੀ ਪੋਰਟਲ www.punjabregularization.in `ਤੇ ਲੌਗਇਨ ਕਰ ਸਕਦਾ ਹੈ। ਦਰਖਾਸਤ ਦੇਣ ਤੋਂ ਲੈ ਕੇ ਐਨ.ਓ.ਸੀ. ਪ੍ਰਾਪਤ ਹੋਣ ਤੱਕ ਦੀ ਸਾਰੀ ਪ੍ਰਕਿਰਿਆ ਆਨਲਾਈਨ ਹੈ। ਜ਼ਿਕਰਯੋਗ ਹੈ ਕਿ ਇਹ ਸਹੂਲਤ ਸਿਰਫ ਉਨ੍ਹਾਂ ਅਲਾਟੀਆਂ/ਨਿਵਾਸੀਆਂ ਨੂੰ ਹੀ ਮਿਲ ਸਕਦੀ ਹੈ, ਜਿਨ੍ਹਾਂ ਦੀਆਂ ਜਾਇਦਾਦਾਂ 19 ਮਾਰਚ, 2018 ਤੋਂ ਪਹਿਲਾਂ ਵਿਕਸਤ ਹੋਈਆਂ ਅਣਅਧਿਕਾਰਤ ਕਾਲੋਨੀਆਂ ਵਿੱਚ ਪੈਂਦੀਆਂ ਹਨ।