ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਕਿਸੇ ਉਮੀਦਵਾਰ ਲਈ ਚੋਣ ਪ੍ਰਚਾਰ ਨਹੀਂ ਕਰਨਗੇ। ਬੇਸ਼ੱਕ ਉਹ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਬਣੇ ਹਨ ਪਰ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਚੋਣ ਪ੍ਰਚਾਰ ਨਹੀਂ ਕਰਨਗੇ।
ਉਨ੍ਹਾਂ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਰਾਜ ਸਭਾ ਸੀਟ ਦੀ ਪੇਸ਼ਕਸ਼ ਕੀਤੀ ਸੀ ਤਾਂ ਉਨ੍ਹਾਂ ਨੇ ਤਿੰਨ ਵਾਰ ਜਵਾਬ ਦਿੱਤਾ ਸੀ ਕਿ ਉਹ ਸਿਆਸਤ ਵਿੱਚ ਨਹੀਂ ਆਉਣਾ ਚਾਹੁੰਦੇ ਤੇ ਉਹ ਸਮਾਜ ਸੇਵਾ ਦੇ ਖੇਤਰ ਵਿੱਚ ਹੀ ਰਹਿਣਾ ਚਾਹੁੰਦੇ ਹਨ।
ਇਸ ਮਗਰੋਂ ਉਸ ਵੇਲੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਪਾਰਟੀ ਉਨ੍ਹਾਂ ਨੂੰ ਕਿਸੇ ਚੋਣ ਰੈਲੀ ਵਿੱਚ ਨਹੀਂ ਬੁਲਾਵੇਗੀ ਤੇ ਨਾ ਹੀ ਚੋਣ ਪ੍ਰਚਾਰ ਲਈ ਕਹੇਗੀ। ਸੀਚੇਵਾਲ ਨੇ ਕਿਹਾ ਕਿ ਉਹ ਸਾਲ 2002 ਤੋਂ ਵਾਤਾਵਰਣ ਨੂੰ ਚੋਣ ਮਨੋਰਥ ਪੱਤਰਾਂ ਵਿੱਚ ਸ਼ਾਮਲ ਕਰਨ ਲਈ ਰਾਜਨੀਤਿਕ ਪਾਰਟੀਆਂ ਨੂੰ ਕਹਿ ਰਹੇ ਹਨ।