ਕਾਂਗਰਸ ਸਾਂਸਦ ਰਾਹੁਲ ਗਾਂਧੀ ਨਵੀਂ ਮੁਸੀਬਤ ‘ਚ, CBI ਵਲੋਂ ਨਾਗਰਿਕਤਾ ਜਾਂਚ ਸ਼ੁਰੂ
Citizenship investigation started by CBI
ਕਾਂਗਰਸ ਸਾਂਸਦ ਰਾਹੁਲ ਗਾਂਧੀ ਨਵੀਂ ਮੁਸੀਬਤ ਵਿੱਚ ਫਸਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਨਾਗਰਿਕਤਾ ਨੂੰ ਲੈ ਕੇ ਦਾਇਰ ਜਨਹਿਤ ਪਟੀਸ਼ਨ ‘ਤੇ ਇਲਾਹਾਬਾਦ ਹਾਈ ਕੋਰਟ ‘ਚ ਸੁਣਵਾਈ ਚੱਲ ਰਹੀ ਹੈ ਅਤੇ ਸੀਬੀਆਈ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਅੱਜ ਦਿੱਲੀ ਹਾਈ ਕੋਰਟ ਨੂੰ ਦਿੱਤੀ ਗਈ।
ਰਾਹੁਲ ਗਾਂਧੀ ਦੀ ਨਾਗਰਿਕਤਾ ਦੀ ਜਾਂਚ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਦਿੱਲੀ ਹਾਈ ਕੋਰਟ ਨੇ ਕਿਹਾ ਕਿ ਇੱਕੋ ਮਾਮਲੇ ਦੀ ਦੋ ਵੱਖ-ਵੱਖ ਅਦਾਲਤਾਂ ‘ਚ ਸੁਣਵਾਈ ਨਹੀਂ ਹੋ ਸਕਦੀ। ਇਸ ਮਾਮਲੇ ਦੀ ਸੁਣਵਾਈ ਦੌਰਾਨ ਦਿੱਲੀ ਹਾਈ ਕੋਰਟ ਨੇ ਪਟੀਸ਼ਨਰ ਵਿਗਨੇਸ਼ ਸ਼ਿਸ਼ਿਰ ਨੂੰ ਦੋ ਹਫ਼ਤਿਆਂ ਦੇ ਅੰਦਰ ਇਲਾਹਾਬਾਦ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ।
ਇਸ ਮਾਮਲੇ ਦੀ ਸੁਣਵਾਈ ਦੌਰਾਨ ਪਟੀਸ਼ਨਰ ਵਿਗਨੇਸ਼ ਸ਼ਿਸ਼ਿਰ ਨੇ ਕਿਹਾ ਸੀ ਕਿ ਇਲਾਹਾਬਾਦ ਹਾਈ ਕੋਰਟ ‘ਚ ਮਾਮਲੇ ਦੀ ਸੁਣਵਾਈ ਅਗੇਤੇ ਪੜਾਅ ‘ਤੇ ਹੈ। ਇਸ ਮਾਮਲੇ ਦੀ ਜਾਂਚ ਲਈ ਕੇਂਦਰੀ ਜਾਂਚ ਏਜੰਸੀ ਸੀਬੀਆਈ ਨੂੰ ਪੱਤਰ ਲਿਖਿਆ ਗਿਆ ਸੀ।
ਦਰਅਸਲ ਇਲਾਹਾਬਾਦ ਹਾਈ ਕੋਰਟ ‘ਚ ਦਾਇਰ ਪਟੀਸ਼ਨ ‘ਚ ਰਾਹੁਲ ਗਾਂਧੀ ਖਿਲਾਫ ਐੱਫਆਈਆਰ ਦਰਜ ਕਰਨ ਅਤੇ ਉਨ੍ਹਾਂ ਦੀ ਸੰਸਦ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਵੀ ਕੀਤੀ ਗਈ ਹੈ।