ਕਿਸਾਨਾਂ ਵਲੋਂ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਦਾ ਕੀਤਾ ਗਿਆ ਘਿਰਾਓ
ਕਿਸਾਨਾਂ ਨੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਮੋਰਚਾ ਖੋਲ ਦਿੱਤਾ ਹੈ। ਕਿਸਾਨਾਂ ਵੱਲੋਂ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਵੱਖ ਵੱਖ ਥਾਵਾਂ ’ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੋਮਵਾਰ ਨੂੰ ਫਿਰੋਜ਼ਪੁਰ ‘ਚ ਗੁਰਦੁਆਰਾ ਸਾਰਾਗੜ੍ਹੀ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਸਾਬਕਾ ਫੌਜੀਆਂ ਅਤੇ ਕਿਸਾਨਾਂ ਨੇ ਸਮਾਗਮ ਵਾਲੀ ਥਾਂ ਅੰਦਰ ਨਹੀਂ ਜਾਣ ਦਿੱਤਾ। ਧਰਨਾਕਾਰੀਆਂ ਵੱਲੋਂ ਮੰਤਰੀ ਦੇ ਕਾਫ਼ਲੇ ਨੂੰ ਕਾਲੇ ਝੰਡੇ ਦਿਖਾਏ ਗਏ ਅਤੇ ਵਾਪਸ ਮੋੜ ਦਿੱਤਾ ਗਿਆ। ਅੱਧਾ ਘੰਟਾ ਉਡੀਕ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਗੁਰਦੁਆਰਾ ਸਾਰਾਗੜ੍ਹੀ ਪੁਜੇ।
ਦੱਸ ਦਈਏ ਕਿ ਸਾਰਾਗੜ੍ਹੀ ਦੀ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸੋਮਵਾਰ ਨੂੰ ਫਿਰੋਜ਼ਪੁਰ ਦੇ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਸਨ। ਸਾਰਾਗੜ੍ਹੀ ਗੁਰਦੁਆਰਾ ਸਾਹਿਬ ਦੇ ਬਾਹਰ ਸਵੇਰੇ 11 ਵਜੇ ਜਿਉਂ ਹੀ ਸਰਾਰੀ ਦਾ ਕਾਫਲਾ ਪੁੱਜਾ ਤਾਂ ਸਾਬਕਾ ਫੌਜੀਆਂ ਅਤੇ ਕਿਸਾਨਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਅਤੇ ਕਾਲੇ ਝੰਡੇ ਦਿਖਾ ਕੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।
ਇਨਾਂ ਹੀ ਨਹੀਂ ਸਰਕਾਰ ਅਤੇ ਮੰਤਰੀ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਸਾਬਕਾ ਫੌਜੀਆਂ ਅਤੇ ਕਿਸਾਨਾਂ ਨੇ ਮੰਤਰੀ ਸਰਾਰੀ ਦਾ ਪੁਤਲਾ ਵੀ ਫੂਕਿਆ। ਵਿਰੋਧ ਨੂੰ ਦੇਖਦੇ ਹੋਏ ਮੰਤਰੀ ਦੇ ਕਾਫਲੇ ਨੂੰ ਵਾਪਸ ਮੋੜ ਦਿੱਤਾ ਗਿਆ।
ਕਿਸਾਨਾਂ ਵੱਲੋਂ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦਾ ਘਿਰਾਓ, ਖਿੱਚ-ਧੂਹ ਹੋਈ
ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਹੱਕੀ ਮੰਗਾਂ ਲਈ ਪੰਜਾਬ ਸਰਕਾਰ ਤੇ ਮੰਤਰੀਆਂ ਵਿਰੁੱਧ ਸੰਘਰਸ਼ ਵਿੱਢਿਆ ਹੋਇਆ ਹੈ। ਇਸ ਤਹਿਤ ਅੱਜ ਹੁਸ਼ਿਆਰਪੁਰ ਵਿਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦਾ ਘਿਰਾਓ ਕਰਨ ਆਏ ਕਿਸਾਨਾਂ ਤੇ ਪੁਲਿਸ ਅਧਿਕਾਰੀਆਂ ਵਿਚਕਾਰ ਮਾਹੌਲ ਤਣਾਅਪੂਰਨ ਹੋ ਗਿਆ।
ਕਿਸਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦਾ ਘਿਰਾਓ ਕਰਨ ਲਈ ਅੱਗੇ ਵੱਧ ਰਹੇ ਸਨ ਪਰ ਪੁਲਿਸ ਨੇ ਮੁਜ਼ਾਹਰਾਕਾਰੀ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਲਗਾ ਦਿੱਤੇ। ਕਿਸਾਨਾਂ ਨੇ ਬੈਰੀਕੇਡ ਉਤੇ ਟਰੈਕਟਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਤੇ ਇਸ ਦੌਰਾਨ ਮਾਹੌਲ ਕਾਫੀ ਭਖ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਹੈ ਤੇ ਲੋਕਾਂ ਨਾਲ ਕੀਤਾ ਵਾਅਦਾ ਕੋਈ ਵੀ ਪੂਰਾ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਆਪਣੀਆਂ 12 ਸੂਤਰੀ ਮੰਗਾਂ ਨੂੰ ਲੈ ਕੇ ਉਹ ਘਿਰਾਓ ਕਰਨ ਆਏ ਨੇ ਪਰੰਤੂ ਅੱਜ ਤਕ ਮੰਤਰੀ ਵੱਲੋਂ ਕਦੇ ਵੀ ਮੀਟਿੰਗ ਨਹੀਂ ਕੀਤੀ ਗਈ ਤੇ ਮੁੱਖ ਮੰਤਰੀ ਵੀ ਕਿਸਾਨਾਂ ਨਾਲ ਮੀਟਿੰਗ ਕਰਨ ਤੋਂ ਭੱਜ ਰਿਹਾ ਹੈ। ਇਸ ਕਾਰਨ ਕਿਸਾਨਾਂ ਵਿਚ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ।