ਗਿਆਨੀ ਹਰਪ੍ਰੀਤ ਸਿੰਘ ਦੀ ਡੇਰਾ ਬਿਆਸ ਦੇ ਮੁਖੀ ਨਾਲ ਮੁਲਾਕਾਤ ਨੇ ਛੇੜੀ ਨਵੀਂ ਚਰਚਾ
Giani Harpreet Singh's meeting with Dera Beas chief sparks new discussion





ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਵਿਰਸਾ ਸਿੰਘ ਵਲਟੋਹਾ ਨਾਲ ਹੋਈ ਬਹਿਸ ਦੀ ਵਾਇਰਲ ਵੀਡੀਓ ਤੋਂ ਬਾਅਦ ਲਗਾਤਾਰ ਵਿਵਾਦਾਂ ‘ਚ ਘਿਰ ਰਹੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਇੱਕ ਵਾਰ ਫਿਰ ਚਰਚਾ ਵਿੱਚ ਹਨ। ਦਰਅਸਲ ਅੱਜ ਉਹਨਾਂ ਨੂੰ ਮਿਲਣ ਲਈ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਉਹਨਾਂ ਦੀ ਰਿਹਾਇਸ਼ ‘ਤੇ ਪਹੁੰਚੇ। ਉਹਨਾਂ ਦੀ ਮੁਲਾਕਾਤ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ। ਹਾਲਾਂਕਿ ਉਹਨਾਂ ਵੱਲੋਂ ਮੀਡੀਆ ਤੋਂ ਦੂਰੀ ਬਣਾਈ ਗਈ। ਉਹਨਾਂ ਦੀ ਮੁਲਾਕਾਤ ਲੱਗਭਗ ਇੱਕ ਘੰਟਾ ਜਥੇਦਾਰ ਹਰਪ੍ਰੀਤ ਸਿੰਘ ਦੀ ਰਿਹਾਇਸ਼ ’ਤੇ ਹੋਈ ਅਤੇ ਇਸ ਤੋਂ ਬਾਅਦ ਉਹ ਵਾਪਸ ਰਵਾਨਾ ਹੋ ਗਏ। ਮਿਲੀ ਜਾਣਕਾਰੀ ਮੁਤਾਬਿਕ ਇਸ ਮੌਕੇ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ਵੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਪਹੁੰਚੇ ਸਨ।
ਉਥੇ ਹੀ ਹੁਣ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਇਸ ਫ਼ੇਰੀ ਨੇ ਕਈ ਤਰ੍ਹਾਂ ਦੀਆਂ ਚਰਚਾਵਾਂ ਨੂੰ ਜਨਮ ਦੇ ਦਿੱਤਾ ਹੈ ਕਿਉਂਕਿ ਗਿਆਨੀ ਹਰਪ੍ਰੀਤ ਸਿੰਘ ਬਾਰੇ ਸ਼੍ਰੋਮਣੀ ਕਮੇਟੀ ਦੀ ਅਗਲੀ ਮੀਟਿੰਗ 30 ਦਸੰਬਰ ਨੂੰ ਸੱਦੀ ਗਈ ਹੈ।