PoliticsPunjab

ਪੰਜਾਬ ‘ਚ ਪੰਚਾਇਤੀ ਚੋਣਾਂ ਦੀ ਤਰੀਕ ਨੂੰ ਲੈ ਕੇ ਆਈ ਵੱਡੀ ਖ਼ਬਰ, ਚੋਣ ਕਿਸੇ ਵੇਲੇ ਵੀ ਸੰਭਵ

Big news about the date of panchayat elections in Punjab

ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਤਾਜ਼ਾ ਜਾਣਕਾਰੀ ਹੱਥ ਲੱਗੀ ਹੈ ਕਿ ਸੂਬਾ ਸਰਕਾਰ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਦੋ ਪੜਾਵਾਂ ਵਿਚ ਕਰਾਏਗੀ। ਪਹਿਲੇ ਪੜਾਅ ‘ਚ ਸਿਰਫ਼ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਦੀ ਚੋਣ ਹੋਣੀ ਹੈ ਅਤੇ ਅਕਤੂਬਰ ਮਹੀਨੇ ਦੇ ਅੱਧ ਤੋਂ ਬਾਅਦ ਇਹ ਚੋਣ ਕਿਸੇ ਵੇਲੇ  ਵੀ ਸੰਭਵ ਹੈ। 

ਪੰਜਾਬ ਸਰਕਾਰ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵੱਖਰੇ ਤੌਰ ‘ਤੇ ਕਰਾਏਗੀ। ਪੰਚਾਇਤੀ ਚੋਣਾਂ ਮਗਰੋਂ ਹੀ ਨਗਰ ਨਿਗਮਾਂ ਆਦਿ ਦੀਆਂ ਚੋਣਾਂ ਲਈ ਰਾਹ ਪੱਧਰਾ ਹੋਣਾ ਹੈ।  ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ਵਿਚ ਜ਼ਿਮਨੀ ਚੋਣਾਂ ਵੀ ਹੋਣੀਆਂ ਹਨ ਜਿਨ੍ਹਾਂ ਦਾ ਚੋਣ ਕਮਿਸ਼ਨ ਵੱਲੋਂ ਐਲਾਨ ਕੀਤਾ ਜਾਣਾ ਬਾਕੀ ਹੈ। ਪੰਚਾਇਤੀ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਪਿੰਡਾਂ ਵਿਚ ਫ਼ੰਡ ਦੇਣੇ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ  ਨੇ ਆਪਣੇ ਅਖ਼ਤਿਆਰੀ ਕੋਟੇ ਦੇ ਕਰੀਬ 50 ਕਰੋੜ ਦੇ ਫ਼ੰਡ ਸਾਰੇ ਹਲਕਿਆਂ ਨੂੰ ਜਾਰੀ ਕਰ ਦਿੱਤੇ ਹਨ। ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਨੇ  ਪੰਚਾਇਤੀ ਚੋਣਾਂ ਸਬੰਧੀ ਪ੍ਰਕਿਰਿਆ ਵਿੱਢੀ ਹੋਈ ਹੈ। 

ਰਾਜ ਚੋਣ ਕਮਿਸ਼ਨ ਨੇ ਚੋਣ ਨਿਸ਼ਾਨਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿੱਚ ਪੰਚਾਇਤੀ ਰਾਜ ਐਕਟ 1994 ਵਿਚ ਕੀਤੀਆਂ ਸੋਧਾਂ ‘ਤੇ ਹਾਲੇ ਰਾਜਪਾਲ ਦੀ ਮੋਹਰ ਲੱਗਣੀ ਬਾਕੀ ਹੈ।  ਸੂਬਾ ਸਰਕਾਰ ਨੇ ਇਸ ਵਾਰ ਬਿੱਲ ਰਾਹੀਂ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੇ ਅਹੁਦੇ ਦੇ ਰਾਖਵੇਂਕਰਨ ਵਿੱਚ ਤਬਦੀਲੀ ਕਰ ਦਿੱਤੀ ਹੈ ਜਿਸ ਵਾਸਤੇ ਹੁਣ ਬਲਾਕ ਨੂੰ ਆਧਾਰ ਬਣਾਇਆ ਜਾਵੇਗਾ ਜਦਕਿ ਪਹਿਲਾਂ ਜ਼ਿਲ੍ਹੇ ਨੂੰ ਇਕਾਈ ਮੰਨ ਕੇ ਰਾਖਵੇਂਕਰਨ ਦਾ ਰੋਸਟਰ ਤਿਆਰ ਕੀਤਾ ਜਾਂਦਾ ਸੀ। 

Back to top button