
ਅਕਾਲੀ ਦਲ ਦੇ ਇਸ ਬਾਗ਼ੀ ਧੜੇ ਵੱਲ਼ੋਂ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਕੈਂਪ ਲਗਾ ਕੇ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਦੇ ਨਾਮ ‘ਤੇ ਸਮਰਪਿਤ ਅਕਾਲੀ ਵਰਕਰਾਂ ਨੂੰ ਮੈਂਬਰਸ਼ਿਪ ਦਿੱਤੀ ਜਾ ਰਹੀ ਹੈ। ਧੜੇ ਦੇ ਆਗੂ ਕਹਿ ਰਹੇ ਹਨ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਗਰੁੱਪ ਦਾ ਬਦਲ ਬਣੇਗੀ।
ਅਕਾਲੀ ਦਲ ਸੁਧਾਰ ਲਹਿਰ ਸ਼ੁਰੂ ਕਰਨ ਵਾਲੇ ਬਾਗ਼ੀ ਮੈਂਬਰਾਂ ਦੁਆਰਾ ਇੱਕ ਨਵਾਂ ਅਕਾਲੀ ਦਲ ਬਣਾਇਆ ਜਾਵੇਗਾ। ਬੀਬੀ ਜਗੀਰ ਕੌਰ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਐਲਾਨ ਕੀਤਾ ਕਿ ਉਹ ਪੰਜਾਬ ਵਿੱਚ ਇੱਕ ਨਵੀਂ ਪਾਰਟੀ ਬਣਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੇ ਸੰਵਿਧਾਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਇਸਨੂੰ ਜਲਦੀ ਹੀ ਲਾਂਚ ਕੀਤਾ ਜਾਵੇਗਾ।
ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਦੁਬਾਰਾ ਪ੍ਰਧਾਨ ਚੁਣੇ ਜਾਣ ਤੋਂ ਬਾਅਦ, ਬਾਗ਼ੀ ਅਕਾਲੀ ਆਗੂਆਂ ਨੇ ਪੰਜਾਬ ਵਿੱਚ ਇੱਕ ਨਵਾਂ ਅਕਾਲੀ ਦਲ ਬਣਾਉਣ ਲਈ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧੀ ਪਿੰਡ ਪੱਧਰ ‘ਤੇ ਭਰਤੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਮੈਨੂਅਲ ਭਰਤੀ ਦੇ ਨਾਲ-ਨਾਲ, ਇੱਕ ਪੋਰਟਲ ਰਾਹੀਂ ਔਨਲਾਈਨ ਭਰਤੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਗੁਰਪ੍ਰਤਾਪ ਸਿੰਘ ਵਡਾਲਾ ਨਾਲ ਰਾਬਤਾ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਜਿਹੜਾ ਫੈਸਲਾ ਪੰਥ ਦੇ ਹਿੱਤ ਵਿੱਚ ਹੋਵੇਗਾ ਉਹ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਬਾਦਲ ਧੜੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਹਿਲਾਂ ਤੱਕੜੀ ਦਾ ਚੋਣ ਨਿਸ਼ਾਨ ਸੁਰਜੀਤ ਸਿੰਘ ਬਰਨਾਲਾ ਕੋਲ ਹੁੰਦਾ ਸੀ ਉਦੋਂ ਵੀ ਅਸੀਂ ਪਰਕਾਸ਼ ਸਿੰਘ ਬਾਦਲ ਨਾਲ ਮਿਲ ਕੇ ਲਿਆ ਹੀ ਸੀ।