ਕਿਹਾ, ਪੀ.ਐਸ.ਪੀ.ਸੀ.ਐਲ. ਤਕਨੀਕੀ ਸੰਭਾਵਨਾ ਦੀ ਜਾਂਚ ਤੋਂ ਬਾਅਦ ਬਿਜਲੀ ਸਪਲਾਈ ਲਈ ਸਹਿਮਤ
ਸ਼ੂਗਰਫੈਡ ਦੇ ਐਮ.ਡੀ. ਤੇ ਹੋਰ ਸਬੰਧਤ ਧਿਰਾਂ ਦੇ ਸਾਹਮਣੇ ਵੀ ਉਠਾਇਆ ਮਾਮਲਾ
ਜਲੰਧਰ, ਐਚ ਐਸ ਚਾਵਲਾ।
ਡਿਪਟੀ ਕਮਿਸ਼ਨਰ ਜਲੰਧਰ ਜਸਪ੍ਰੀਤ ਸਿੰਘ ਨੇ ਅੱਜ ਦੱਸਿਆ ਕਿ ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਨਵੰਬਰ ਦੇ ਤੀਜੇ ਹਫ਼ਤੇ ਤੱਕ ਚਾਲੂ ਹੋਣ ਦੀ ਸੰਭਾਵਨਾ ਹੈ ਕਿਉਂਕਿ ਪੰਜਾਬ ਰਾਜ ਪਾਵਰਕਾਮ ਲਿਮਟਿਡ ਨੇ ਸਾਈਟ ‘ਤੇ ਤਕਨੀਕੀ ਸੰਭਾਵਨਾ ਦੀ ਜਾਂਚ ਤੋਂ ਬਾਅਦ ਮਿੱਲ ਨੂੰ ਬਿਜਲੀ ਸਪਲਾਈ ਕਰਨ ਲਈ ਸਹਿਮਤੀ ਦੇ ਦਿੱਤੀ ਹੈ।
ਸ਼ੂਗਰਫੈੱਡ ਦੇ ਮੈਨੇਜਿੰਗ ਡਾਇਰੈਕਟਰ ਅਰਵਿੰਦ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਵਰਚੁਅਲ ਸਮੀਖਿਆ ਮੀਟਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਖੰਡ ਮਿੱਲ ਦੇ ਸ਼ੁਰੂ ਹੋਣ ਵਿੱਚ ਹੋ ਰਹੀ ਦੇਰੀ ਦਾ ਮਾਮਲਾ ਸਾਰੀਆਂ ਸਬੰਧਤ ਧਿਰਾਂ ਦੇ ਸਾਹਮਣੇ ਰੱਖਿਆ ਗਿਆ ਤਾਂ ਜੋ ਮਿੱਲ ਨੂੰ ਦਰਪੇਸ਼ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਯਕੀਨੀ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਖੰਡ ਮਿੱਲ ਨੂੰ ਜਲਦੀ ਤੋਂ ਜਲਦੀ ਚਾਲੂ ਕਰਨ ਲਈ ਸਾਰੀਆਂ ਸਬੰਧਤ ਅਥਾਰਟੀਆਂ ਵੱਲੋਂ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਅਧਿਕਾਰੀਆਂ ਵੱਲੋਂ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵੱਲੋਂ ਭੋਗਪੁਰ ਸ਼ੂਗਰ ਮਿੱਲ ਦਾ ਦੌਰਾ ਵੀ ਕੀਤਾ ਗਿਆ ਸੀ ਤਾਂ ਜੋ ਮੌਜੂਦਾ ਗੰਨੇ ਦੀ ਪਿੜਾਈ ਦੇ ਸੀਜ਼ਨ ਦੇ ਮੱਦੇਨਜ਼ਰ ਮਿੱਲ ਦੇ ਜਲਦ ਸੰਚਾਲਨ ਨੂੰ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਵਿੱਚ ਪੀ.ਐਸ.ਪੀ.ਸੀ.ਐਲ ਤੋਂ ਡਿਪਟੀ ਚੀਫ਼ ਇੰਜਨੀਅਰ ਹਰਮਿੰਦਰ ਸਿੰਘ ਅਤੇ ਕਾਰਜਕਾਰੀ ਇੰਜਨੀਅਰ ਗੁਰਜਿੰਦਰ ਸਿੰਘ ਵੀ ਮੌਜੂਦ ਸਨ।