ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕੀਤੇ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ ਸਣੇ ਦੋ ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਜੈ ਜੈਨੇਂਦਰ ਫਰਮ ਦੇ ਠੇਕੇਦਾਰ ਹਰੀਸ਼ ਦਲਾਲ, ਸ਼ਿਵ ਸ਼ਕਤੀ ਰਾਈਸ ਮਿੱਲ ਗੜ੍ਹਸ਼ੰਕਰ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ, ਅੰਜਨੀ ਰਾਈਸ ਮਿੱਲ ਕੁੱਤੀਵਾਲ ਕਲਾਂ, ਮੌੜ ਮੰਡੀ, ਬਠਿੰਡਾ ਦੇ ਮਾਲਕ, ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਦੀ ਜਾਂਚ ਦੌਰਾਨ ਭਾਰਤੀ ਖੁਰਾਕ ਨਿਗਮ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਗਲੋਬਲ ਵੇਅਰਹਾਊਸ ਦੇ ਅਧਿਕਾਰੀਆਂ/ਕਰਮਚਾਰੀਆਂ/ਨਿਗਰਾਨਾਂ ਦੀ ਭੂਮਿਕਾ ਵੀ ਵਿਚਾਰੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ‘ਭਾਰਤ ਬ੍ਰਾਂਡ’ ਸਕੀਮ ਤਹਿਤ ਰਾਸ਼ਟਰੀ ਸਹਿਕਾਰੀ ਖ਼ਪਤਕਾਰ ਫੈਡਰੇਸ਼ਨ ਆਫ ਇੰਡੀਆ ਵੱਲੋਂ ਬਠਿੰਡਾ, ਭੁੱਚੋ, ਮੌੜ, ਰਾਮਪੁਰਾ ਫੂਲ ਅਤੇ ਬੁਢਲਾਡਾ ਦੇ ਗਰੀਬ ਪਰਿਵਾਰਾਂ ਨੂੰ ਲਗਭਗ 70,000 ਮੀਟ੍ਰਿਕ ਟਨ ਚੌਲ ਵੰਡੇ ਜਾ ਰਹੇ ਸਨ, ਜਿੰਨ੍ਹਾਂ ਦੀ ਕੀਮਤ ਲਗਭਗ 130 ਕਰੋੜ ਰੁਪਏ ਬਣਦੀ ਹੈ। ਇਨ੍ਹਾਂ ਵਿੱਚੋਂ 1000 ਮੀਟ੍ਰਿਕ ਟਨ ਚੌਲ 5 ਕਿਲੋ ਅਤੇ 10 ਕਿਲੋ ਦੀ ਥੈਲਿਆਂ ਵਿੱਚ 18.50 ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵੰਡੇ ਜਾਣੇ ਸੀ। ਬਠਿੰਡਾ ਜ਼ਿਲ੍ਹੇ ਵਿੱਚ 29 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਇਹ ਚੌਲ ਲਾਭਪਾਤਰੀਆਂ ਨੂੰ ਸਪਲਾਈ ਕਰਨ ਦਾ ਟੈਂਡਰ ਜੈ ਜੈਨੇਂਦਰ ਫਰਮ ਨੂੰ ਦਿੱਤਾ ਗਿਆ ਸੀ।
ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਲਾਭਪਾਤਰੀਆਂ ਦੇ 3.40 ਕਰੋੜ ਰੁਪਏ ਦੇ ਚੌਲਾਂ ਵਿੱਚ ਗਬਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੂਚਨਾ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕਰ ਲਏ ਹਨ