ਪੰਜਾਬ ਵਿੱਚ ਕਾਫ਼ੀ ਲੰਬੇ ਸਮੇਂ ਤੋਂ ਚਰਚਾਵਾਂ ਚੱਲ ਰਹੀਆਂ ਸਨ ਕਿ ਭਾਜਪਾ ਆਪਣਾ ਪ੍ਰਧਾਨ ਬਦਲਣ ਦੀ ਤਿਆਰੀ ਕਰ ਰਹੀ ਹੈ,ਸੁਨੀਲ ਜਾਖੜ ਨੇ ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਸੁਨੀਲ ਜਾਖੜਨੂੰ ਅਜੇ ਸਾਲ ਪਹਿਲਾਂ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ। ਜਾਖੜ ਦੇ ਅਸਤੀਫ਼ੇ ਨਾਲ ਭਾਜਪਾ ਪੰਚਾਇਤ ਚੋਣਾਂ ਤੋਂ ਐਨ ਪਹਿਲਾਂ ਪ੍ਰਧਾਨ ਵਿਹੂਣੀ ਹੋ ਗਈ ਹੈ। ਜਾਖੜ ਨੇੜਲੇ ਸੂਤਰਾਂ ਅਤੇ ਭਾਜਪਾ ਦੀ ਪੰਜਾਬ ਇਕਾਈ ਤੇ ਰਾਸ਼ਟਰੀ ਜਥੇਬੰਦੀ ਵਿਚਲੇ ਸੂਤਰਾਂ ਨੇ ਵੀ ਜਾਖੜ ਵੱਲੋਂ ਅਸਤੀਫ਼ਾ ਦੇਣ ਦੀ ਪੁਸ਼ਟੀ ਕੀਤੀ ਹੈ।
ਜਾਖੜ ਪੰਚਾਇਤ ਚੋਣਾਂ ਬਾਰੇ ਰਣਨੀਤੀ ਘੜਨ ਤੇ ਵਿਚਾਰ ਚਰਚਾ ਲਈ ਸੱਦੀ ਪਾਰਟੀ ਦੀ ਅਹਿਮ ਬੈਠਕ ’ਚੋਂ ਵੀ ਅੱਜ ਗ਼ੈਰਹਾਜ਼ਰ ਰਹੇ। ਸੂਤਰਾਂ ਮੁਤਾਬਕ ਪੰਜਾਬ ਭਾਜਪਾ ਦੇ ਸੀਨੀਅਰ ਅਹੁਦੇਦਾਰ ਨੇ ਅੱਜ ਦੀ ਬੈਠਕ ਵਿਚ ਸ਼ਮੂਲੀਅਤ ਸਬੰਧੀ ਜਾਖੜ ਨੂੰ ਫੋਨ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਹ ਨਾ ਅੱਜ ਤੇ ਨਾ ਹੀ ਭਵਿੱਖ ਵਿਚ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਵਜੋਂ ਕਿਸੇ ਮੀਟਿੰਗ ’ਚ ਸ਼ਾਮਲ ਹੋਣਗੇ।
ਜਾਖੜ ਨਾਲ ਜਦੋਂ ਇਸ ਬਾਰੇ ਸਿੱਧਾ ਰਾਬਤਾ ਕੀਤਾ ਤਾਂ ਉਨ੍ਹਾਂ ਆਪਣੇ ਅਸਤੀਫ਼ੇ ਬਾਰੇ ਕੋਈ ਟਿੱਪਣੀ ਕਰਨ ਤੋਂ ਨਾਂਹ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪਾਰਟੀ ਦਾ ਅੰਦਰੂਨੀ ਮਾਮਲਾ ਹੈ। ਸੂਤਰਾਂ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਨੇ ਅਜੇ ਤੱਕ ਜਾਖੜ ਦਾ ਅਸਤੀਫ਼ਾ ਸਵੀਕਾਰ ਨਹੀਂ ਕੀਤਾ ਹੈ।