
ਸ਼੍ਰੀ ਹਰਿਮੰਦਰ ਸਾਹਿਬ ਤੋਂ ਕੀਰਤਨ ਪ੍ਰਸਾਰਨ ਦੇ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਗੁਰਦੁਆਰਾ ਸੋਧ ਬਿੱਲ ਨੂੰ ਸ਼੍ਰੋਮਣੀ ਕਮੇਟੀ ਨੇ ਰੱਦ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਸਮੂਹ ਮੈਂਬਰਾਂ ਨੇ ਸਰਬਸਮਤੀ ਨਾਲ ਗੁਰਦੁਆਰਾ ਸੋਧ ਬਿੱਲ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਨੂੰ ਵੀ ਚੇਤਾਵਨੀ ਦਿੱਤੀ ਹੈ।
ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਇੱਕ ਨੁਕਾਤੀ ਏਜੰਡਾ ’ਤੇ ਸੱਦੇ ਹੰਗਾਮੀ ਜਨਰਲ ਇਜਲਾਸ ਵਿੱਚ ਇਹ ਮਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੜ੍ਹਿਆ, ਜਿਸ ਨੂੰ ਹਾਲ ਵਿੱਚ ਮੌਜੂਦ ਸਮੂਹ ਮੈਂਬਰਾਂ ਨੇ ਇਕਸੁਰ ਨਾਲ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਇਸ ਮਤੇ ਰਾਹੀਂ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲ ਅੰਦਾਜ਼ੀ ਕਰਾਰ ਦਿੱਤਾ ਗਿਆ ਤੇ ਇਸ ਦਾ ਸਖ਼ਤ ਵਿਰੋਧ ਕੀਤਾ ਗਿਆ। ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਪਾਸ ਕੀਤੇ ਬਿੱਲ ਨੂੰ ਵਾਪਸ ਲਵੇ ਨਹੀਂ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਅਕਾਲ ਤਖ਼ਤ ਦੀ ਅਗਵਾਈ ਹੇਠ ਮੋਰਚਾ ਸ਼ੁਰੂ ਕੀਤਾ ਜਾਵੇਗਾ।