PunjabReligious

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪਹਿਲਾ ਪੁਰਬ ਅੱਜ,ਵਿਸ਼ੇਸ਼ ਰਿਪੋਰਟ, ਅੰਮ੍ਰਿਤਸਰ ‘ਚ ਸਜਾਇਆ ਅਲੌਕਿਕ ਨਗਰ ਕੀਰਤਨ

Prakash Pahla Purab of Sri Guru Granth Sahib ji today, read full report

 ਚਵਰ ਤਖ਼ਤ ਦੇ ਮਾਲਕ ਸਰਬ ਕਲਾ ਭਰਪੂਰ,ਜਾਗਤ ਜੋਤ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਪਹਿਲਾ ਪ੍ਰਕਾਸ਼ ਪੁਰਬ ਹੈ, ਜੋ ਕਿ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਤੁਹਾਨੂੰ ਵੀ ਦੱਸਦੇ ਹਾਂ ਕਿਵੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਹੋਈ ਅਤੇ ਕੀ ਹੈ ਇਸ ਦਿਨ ਦਾ ਵਿਲੱਖਣ ਇਤਿਹਾਸ। 

ਇਤਿਹਾਸ ਅਨੁਸਾਰ ਸੰਮਤ 1660 (1603 ਈਸਵੀ) ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਸਥਾਨ ‘ਤੇ ਗੁਰੂ ਅਰਜਨ ਦੇਵ ਜੀ ਨੇ ਸੰਪਾਦਨਾ ਦਾ ਕਾਰਜ ਆਰੰਭ ਕਰਵਾਇਆ ਤੇ ਲਿਖਣ ਦੀ ਸੇਵਾ ਦਾ ਮਾਣ ਭਾਈ ਗੁਰਦਾਸ ਜੀ ਨੂੰ ਪ੍ਰਾਪਤ ਹੋਇਆ। ਸੰਮਤ 1661 (1604 ਈਸਵੀ) ਨੂੰ ਇਹ ਕਾਰਜ ਸੰਪੂਰਨ ਹੋਇਆ ਅਤੇ ਇਸੇ ਸਾਲ ਭਾਦੋਂ ਸੁਦੀ ਏਕਮ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ।

ਸੇਵਾ-ਸੰਭਾਲ ਲਈ ਗੁਰੂ ਸਾਹਿਬ ਜੀ ਨੇ ਬਾਬਾ ਬੁੱਢਾ ਜੀ ਨੂੰ ਪਹਿਲੇ ਮੁੱਖ ਗ੍ਰੰਥੀ ਥਾਪਿਆ। ਇਸ ਤੋਂ ਬਾਅਦ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ ਤਲਵੰਡੀ ਸਾਬੋ ਵਿਖੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪੂਰਨਤਾ ਕੀਤੀ ਅਤੇ ਆਪਣੇ ਅੰਤਲੇ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰਗੱਦੀ ਦੇ ਕੇ ਸਿੱਖਾਂ ਨੂੰ ਸ਼ਬਦ ਗੁਰੂ ਨਾਲ ਅਮਲੀ ਰੂਪ ‘ਚ ਜੋੜਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ 6 ਗੁਰੂ ਸਾਹਿਬਾਨ ਤੋਂ ਇਲਾਵਾ 15 ਭਗਤਾਂ, 4 ਗੁਰਸਿੱਖਾਂ ਅਤੇ 11 ਭੱਟ ਸਾਹਿਬਾਨ ਦੀ ਬਾਣੀ 31 ਰਾਗਾਂ ਵਿਚ ਦਰਜ ਹੈ। ਇਸ ਦੇ ਨਾਲ ਹੀ ਛੇ ਗੁਰੂ ਸਾਹਿਬਾਨ ਸਮੇਤ ਭਗਤਾਂ, ਭੱਟਾਂ ਅਤੇ ਮਹਾਪੁਰਖਾਂ ਦੀ ਪਾਵਨ ਬਾਣੀ ਵੀ ਸ਼ਾਮਲ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ।

ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਲੈਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ।

1430 ਅੰਗਾਂ ਵਿੱਚ ਬਾਣੀ ਦਰਜ

1604 ਈ: ਵਿੱਚ ਅੱਜ ਦੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿੱਚ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਸੀ। 1430 ਅੰਗਾਂ (ਪੰਨਿਆਂ) ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੇ ਕੀਰਤਨ ਦੀਵਾਨ ਸਜਾਏ ਅਤੇ ਬਾਬਾ ਬੁੱਢਾ ਜੀ ਨੇ ਬਾਣੀ ਦਾ ਜਾਪ ਸ਼ੁਰੂ ਕੀਤਾ। ਪਹਿਲੀ ਪਾਤਸ਼ਾਹੀ ਤੋਂ ਛੇਵੀਂ ਪਾਤਸ਼ਾਹੀ ਤੱਕ ਸਿੱਖ ਧਰਮ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਬਾਬਾ ਬੁੱਢਾ ਜੀ ਇਸ ਗ੍ਰੰਥ ਦੇ ਪਹਿਲੇ ਗ੍ਰੰਥੀ ਬਣੇ।

ਮੁੱਢ ਤੋਂ ਲੈਕੇ ਸੰਪੂਰਨਤਾ ਦਾ ਇਤਿਹਾਸ
ਸਭ ਤੋਂ ਪਹਿਲਾਂ ਸਿੱਖ ਪੰਥ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅਕਾਲ ਪੁਰਖ ਦੇ ਸਦੀਵੀ ਬਚਨਾਂ ਨੂੰ ਪੋਥੀ ਰੂਪ ਵਿੱਚ ਲਿਖਿਆ। ਇਸ ਤੋਂ ਮਗਰੋਂ ਜਿਸ ਵਕਤ ਗੁਰੂ ਅੰਗਦ ਦੇਵ ਜੀ ਗੁਰਿਆਈ ’ਤੇ ਬਿਰਾਜਮਾਨ ਸਨ, ਉਸ ਵਕਤ ਗੁਰੂ ਨਾਨਕ ਦੇਵ ਜੀ ਨੇ ਇਸ ਪੋਥੀ ਨੂੰ ਗੁਰੂ ਅੰਗਦ ਦੇਵ ਜੀ ਨੂੰ ਸੌਂਪ ਦਿੱਤਾ। ਆਤਮ ਤ੍ਰਿਪਤੀ ਅਤੇ ਨਿਰੰਕਾਰ ਦੇ ਦਰਸ਼ਨ ਕਰਵਾਉਣ ਵਾਲੇ ਇਹਨਾਂ ਅੰਮ੍ਰਿਤ ਬਚਨਾਂ ਦਾ ਪਰਵਾਹ ਗੁਰੂ ਨਾਨਕ ਦੇਵ ਜੀ, ਗੁਰੂ ਅੰਗਦ ਦੇਵ ਜੀ, ਗੁਰੂ ਅਮਰਦਾਸ ਜੀ, ਗੁਰੂ ਰਾਮਦਾਸ ਜੀ, ਗੁਰੂ ਅਰਜਨ ਦੇਵ ਜੀ ਤੱਕ ਨਿਰੰਤਰ ਚਲਦਾ ਰਿਹਾ।
ਸ੍ਰੀ ਗੁਰੂ ਅਰਜਨ ਦੇਵ ਜੀ ਨੇ ਮਨੁੱਖਤਾ ਦਾ ਦੁੱਖ ਹਰਣ ਦੇ ਲਈ ਭਗਤਾਂ, ਭੱਟਾਂ ਤੇ ਗੁਰੂ ਘਰ ਵਲੋਂ ਵਰੋਸਾਏ ਸਿੱਖਾਂ ਦੀ ਬਾਣੀ ਨੂੰ ਇਕੱਤਰ ਕਰਨ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੂਪ ’ਚ ‘ਆਦਿ ਗ੍ਰੰਥ’ ਤਿਆਰ ਕਰਵਾਇਆ। 1430 ਅੰਕ ਵਾਲੇ ਇਸ ਮਹਾਨ ਗ੍ਰੰਥ ਵਿੱਚ ਅੰਕ 1 ਤੋਂ ਲੈ ਕੇ 13 ਤੱਕ ਰਾਗ-ਮੁਕਤ ਨਿੱਤਨੇਮ ਦੀਆਂ ਬਾਣੀਆਂ ਅੰਕਿਤ ਹਨ। ਅੰਕ 14 ਤੋਂ ਲੈ ਕੇ 1353 ਤੱਕ ਰਾਗ-ਬੱਧ ਬਾਣੀ ਅੰਕਿਤ ਹੈ। ਅੰਕ 1353 ਤੋਂ 1430 ਤੱਕ ਸ੍ਰੀ ਗੁਰੂ ਤੇਗ ਬਹਾਦਰ ਜੀ, ਭਗਤ ਕਬੀਰ ਜੀ, ਬਾਬਾ ਸ਼ੇਖ ਫਰੀਦ ਤੇ ਭੱਟ ਸਾਹਿਬਾਨ ਵਲੋਂ ਉਚਾਰੇ ਸਲੋਕ, ਸਵੱਯੇ, ਰਾਗ ਮਾਲਾ ਦਰਜ ਹੈ। ਅਖੀਰ ਵਿੱਚ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਨੇ 1708 ਈ ਨੂੰ ਜੋਤੀ ਜੋਤਿ ਸਮਾਉਣ ਦੇ ਸਮੇਂ ਇਸ ਪਾਵਨ ਗ੍ਰੰਥ ਨੂੰ ਮੱਥਾ ਟੇਕਿਆ ਅਤੇ ਇਸ ਗ੍ਰੰਥ ਦੀ ਪਰਿਕਰਮਾ ਕਰਕੇ ਗੁਰੂ ਥਾਪ ਦਿੱਤਾ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ‘ਚ ਸਜਾਇਆ ਅਲੌਕਿਕ ਨਗਰ ਕੀਰਤਨ

 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਇਤਿਹਾਸਕ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਮਾਗਮ ਕੀਤੇ ਗਏ ਅਤੇ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਅਲੌਕਿਕ ਨਗਰ ਕੀਰਤਨ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ।

Back to top button