
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੀਆਂ ਵੋਟਾਂ ਨਾਲ ਦਿੱਲੀ ਆਧਾਰਿਤ ਪਾਰਟੀਆਂ ਲਈ ਪੰਜਾਬ ਦੇ ਬਾਰਡਰ ਸੀਲ ਕਰ ਦੇਣ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਆਧਾਰਿਤ ਸਾਰੀਆਂ ਪਾਰਟੀਆਂ ਸਿਰਫ ਆਪਣੀ ਹਾਈ ਕਮਾਂਡ ਦੀ ਸੁਣਦੀਆਂ ਹਨ ਜਿਵੇਂ ਕਿ ਪੰਜਾਬ ਦੇ ਭਾਰਤੀ ਜਨਤਾ ਪਾਰਟੀ ਦੇ ਆਗੂ ਕਰਦੇ ਹਨ ਤੇ ਉਹ ਕਿਸਾਨ ਅੰਦੋਲਨ ਦੇ ਖਿਲਾਫ ਡਟੇ ਰਹੇ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਸੂਬਾ ਭਾਜਪਾ ਕਾਰਜਕਾਰਨੀ ਮੈਂਬਰ ਤੇ ਪ੍ਰਮੁੱਖ ਸਮਾਜ ਸੇਵੀ ਪ੍ਰੋ. ਸੁਮਰਿੰਦਰ ਸਿੰਘ ਸੀੜ੍ਹਾ ਨੂੰ ਅਕਾਲੀ ਦਲ ਵਿਚ ਸ਼ਾਮਲ ਕਰਵਾਇਆ। ਪ੍ਰੋ. ਸੀੜ੍ਹਾ ਨੂੰ ਸ਼ਾਮਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਨੂੰ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲਾ ਮੋਹਰੀ ਆਗੂ ਦੱਸਿਆ ਜੋ ਖਿੱਤੇ ਵਿਚ ਸਮਾਜ ਸੇਵਾ ਕਰਦਾ ਹੈ। ਉਹਨਾਂ ਨੇ ਪ੍ਰੋ. ਸੀੜ੍ਹਾ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਵੀ ਐਲਾਨ ਕੀਤਾ। ਪ੍ਰੋ. ਸੀੜ੍ਹਾ ਨੇ ਅਕਾਲੀ ਦਲ ਦੇ ਪ੍ਰਧਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਵਜੋਂ ਸੇਵਾਵਾਂ ਨਿਭਾਉਂਦੇ ਰਹਿਣਗੇ।