ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗੱਠਜੋੜ ਨੂੰ ਲੈ ਕੇ ਚੱਲ ਰਹੀ ਹੈ ਗੱਲਬਾਤ ਰੁਕ ਗਈ ਹੈ। ਸੂਤਰਾਂ ਮੁਤਾਬਕ ਸੀਟਾਂ ਦੀ ਵੰਡ ਲੈ ਕੇ ਦੋਵੇਂ ਧਿਰਾਂ ਵਿਚਾਲੇ ਅੜਿੱਕਾ ਖੜ੍ਹਾ ਹੋ ਗਿਆ ਹੈ ਜਿਸ ਤੋਂ ਬਾਅਦ ਗੱਠਜੋੜ ਦੀ ਗੱਲਬਾਤ ਅਸਫਲ ਹੋ ਗਈ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਇਕ ਸਾਥ ਚੋਣਾਂ ਨਾ ਲੜਨ ਦੇ ਐਲਾਨ ਤੋਂ ਬਾਅਦ ਭਾਜਪਾ ਨੇ ਆਪਣੀ ਰਣਨੀਤੀ ਬਦਲ ਲਈ ਹੈ। ਸੂਤਰ ਦੱਸਦੇ ਹਨ ਕਿ ਅਕਾਲੀ ਦਲ ਵਲੋਂ ਕਿਸਾਨ ਅੰਦੋਲਨ, ਸਿੱਖ ਕੈਦੀਆਂ ਦੀ ਰਿਹਾਈ ਦੇ ਮਾਮਲਿਆਂ ਨੂੰ ਲੈ ਕੇ ਵੀ ਭਾਜਪਾ ’ਤੇ ਦਬਾਅ ਬਣਾਇਆ ਜਾ ਰਿਹਾ ਸੀ। ਨਾਲ ਹੀ ਪੰਜਾਬ ਦੀ ਭਾਜਪਾ ਲੀਡਰਸ਼ਿਪ ਨਾਲ ਗੱਠਜੋੜ ਦੇ ਹੱਕ ਵਿਚ ਨਹੀਂ ਸੀ। ਦੱਸ ਦੇਈਏ ਕਿ ਕੇਂਦਰ ਸਰਕਾਰ ਜਦੋਂ ਕਿਸਾਨਾਂ ਲਈ ਨਵੇਂ ਖੇਤੀ ਕਾਨੂੰਨ ਲੈ ਕੇ ਆਈ ਸੀ, ਉਸ ਦੇ ਵਿਰੋਧ ਵਿਚ ਅਕਾਲੀ ਦਲ ਨੇ ਐੱਨ. ਡੀ. ਏ. ਤੋਂ ਤੋੜ-ਵਿਛੋੜ ਕਰ ਲਿਆ ਸੀ। ਇਸ ਤੋਂ ਬਾਅਦ ਅਕਾਲੀ ਦਲ ਨੇ ਬਸਪਾ ਨਾਲ ਮਿਲ ਕੇ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਸਨ। ਦੂਜੇ ਪਾਸੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗੱਠਜੋੜ ਅਜੇ ਤੱਕ ਬਹੁਜਨ ਸਮਾਜ ਪਾਰਟੀ ਨਾਲ ਹੀ ਹੈ, ਭਾਜਪਾ ਨਾਲ ਗੱਠਜੋੜ ਬਾਰੇ ਅਤੇ ਸੰਭਾਵਨਾਵਾਂ ਬਾਰੇ ਮੈਨੂੰ ਮੀਡੀਆ ਤੋਂ ਹੀ ਪਤਾ ਲੱਗ ਰਿਹਾ ਹੈ।
ਅਕਾਲੀ ਦਲ ਦੇ ਸੂਤਰਾਂ ਮੁਤਾਬਕ ਭਾਜਪਾ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੋਂ 6 ਸੀਟਾਂ ’ਤੇ ਚੋਣ ਲੜਨ ਦੀ ਮੰਗ ਕਰ ਰਹੀ ਹੈ ਜਦਕਿ ਅਕਾਲੀ ਦਲ ਇੰਨੀਆਂ ਸੀਟਾਂ ਦੇਣ ਨੂੰ ਤਿਆਰ ਨਹੀਂ ਹੈ। ਅਕਾਲੀ ਦਲ ਜਦੋਂ ਐੱਨ. ਡੀ. ਏ. ਦਾ ਹਿੱਸਾ ਸੀ ਤਾਂ ਉਹ 10 ਸੀਟਾਂ ’ਤੇ ਚੋਣ ਲੜਦਾ ਸੀ ਅਤੇ ਭਾਜਪਾ 3 ਸੀਟਾਂ ’ਤੇ ਚੋਣ ਲੜਦੀ ਸੀ। ਇਸ ਸਮੇਂ ਪੰਜਾਬ ਵਿਚ ਅਕਾਲੀ ਦਲ ਅਤੇ ਬਸਪਾ ਦਾ ਗੱਠਜੋੜ ਹੈ। ਕਿਹਾ ਜਾ ਰਿਹਾ ਹੈ ਕਿ ਉਹ ਇਸ ਗੱਠਜੋੜ ਨੂੰ ਤੋੜਨਾ ਨਹੀਂ ਚਾਹੁੰਦੇ ਕਿਉਂਕਿ ਬਸਪਾ ਦਾ ਪੰਜਾਬ ਵਿਚ ਚੰਗਾ ਆਧਾਰ ਹੈ। ਉਥੇ ਹੀ ਸੁਖਦੇਵ ਸਿੰਘ ਢੀਂਡਸਾ ਦੇ ਧੜੇ ਨੂੰ ਵੀ ਅਕਾਲੀ ਦਲ ਵਿਚ ਸ਼ਾਮਲ ਹੋਣ ਦੀ ਗੱਲ ਚੱਲ ਰਹੀ ਹੈ।