
”ਪੁਲਿਸ ਹਿਰਾਸਤ ਵਿਚ ਨਹੀਂ ਹਨ ਡੱਲੇਵਾਲ”,? ਪੰਜਾਬ ਸਰਕਾਰ ਨੇ ਹਾਈ ਕੋਰਟ ”ਚ ਦਿੱਤੀ ਸੂਚਨਾ
Tuesday, Mar 25, 2025 – 11:49 AM (IST)
ਚੰਡੀਗੜ੍ਹ (ਹਾਂਡਾ)- ਪੰਜਾਬ ਸਰਕਾਰ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਪੁਲਸ ਹਿਰਾਸਤ ’ਚ ਨਹੀਂ ਹਨ। ਸਰਕਾਰ ਨੇ ਦੱਸਿਆ ਕਿ ਡੱਲੇਵਾਲ ਨੇ ਆਪਣੀ ਮਰਜ਼ੀ ਨਾਲ ਪਟਿਆਲਾ ਦੇ ਇਕ ਹਸਪਤਾਲ ’ਚ ਭਰਤੀ ਹੋਣ ਦਾ ਬਦਲ ਚੁਣਿਆ ਸੀ।
ਇਹ ਖ਼ਬਰ ਵੀ ਪੜ੍ਹੋ – ਅਮਿਤ ਸ਼ਾਹ ਦੇ ਬਿਆਨ ‘ਤੇ ਪੰਜਾਬ ਵਿਧਾਨ ਸਭਾ ‘ਚ ਹੰਗਾਮਾ! ਨਿੰਦਾ ਪ੍ਰਤਸਾਵ ਲਿਆਉਣ ਦੀ ਮੰਗ
ਪੰਜਾਬ ਸਰਕਾਰ ਦੇ ਉਪਰੋਕਤ ਜਵਾਬ ਤੋਂ ਬਾਅਦ ਜਸਟਿਸ ਮਨੀਸ਼ਾ ਬੱਤਰਾ ਨੇ ਸੂਬਾ ਸਰਕਾਰ ਨੂੰ ਨਿਰਦੇਸ਼ ਦਿੱਤੇ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਹਸਪਤਾਲ ਖੇਤਰ ’ਚ ਬਿਨਾਂ ਕਿਸੇ ਰੋਕ-ਟੋਕ ਦੇ ਉਨ੍ਹਾਂ ਨਾਲ ਮਿਲਣ ਦੀ ਇਜ਼ਾਜਤ ਦਿੱਤੀ ਜਾਵੇ। ਪੰਜਾਬ ਸਰਕਾਰ ਦੇ ਵਕੀਲ ਨੇ ਸੁਣਵਾਈ ਦੌਰਾਨ ਸਪੱਸ਼ਟ ਕੀਤਾ ਕਿ ਡੱਲੇਵਾਲ ਨੇ ਖੁਦ ਹਸਪਤਾਲ ’ਚ ਭਰਤੀ ਹੋਣ ਦਾ ਫੈਸਲਾ ਕੀਤਾ ਸੀ ਅਤੇ ਉਹ ਜਦੋਂ ਚਾਹੁਣ ਹਸਪਤਾਲ ਛੱਡ ਸਕਦੇ ਹਨ ਜਾਂ ਦਾਖਲ ਰਹਿ ਸਕਦੇ ਹਨ। ਸਰਕਾਰ ਨੇ ਇਹ ਵੀ ਕਿਹਾ ਕਿ ਪਰਿਵਾਰਕ ਮੈਂਬਰ ਉਨ੍ਹਾਂ ਨਾਲ ਮਿਲ ਸਕਦੇ ਹਨ ਪਰ ਇਹ ਸੁਰੱਖਿਆ ਮਾਪਦੰਡਾਂ ਦੇ ਤਹਿਤ ਹੋਵੇਗਾ। ਸੂਬਾ ਸਰਕਾਰ ਦੇ ਵਕੀਲ ਨੇ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਡੱਲੇਵਾਲ ਦੀ ਡਾਕਟਰੀ ਦੇਖਭਾਲ ਦੀ ਜ਼ਿੰਮੇਵਾਰੀ ਸੂਬੇ ਦੀ ਹੈ।
ਉਧਰ ਪਟੀਸ਼ਨਰ ਦੇ ਵਕੀਲ ਨੇ ਅਦਾਲਤ ਵਿਚ ਦਲੀਲ ਦਿੱਤੀ ਕਿ ਅਧਿਕਾਰੀਆਂ ਵਲੋਂ ਡੱਲੇਵਾਲ ਨੂੰ ਉਨ੍ਹਾਂ ਦੇ ਪਰਿਵਾਰ ਨੂੰ ਉਨ੍ਹਾਂ ਨਾਲ ਮਿਲਣ ਦੀ ਇਜ਼ਾਜਤ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਾਣੀ ਵੀ ਨਹੀਂ ਦਿੱਤਾ ਜਾ ਰਿਹਾ ਅਤੇ ਕਿਸੇ ਵਿਅਕਤੀ ਨੂੰ ਉਨ੍ਹਾਂ ਨਾਲ ਮਿਲਣ ਦੀ ਇਜ਼ਾਜਤ ਨਹੀਂ ਮਿਲ ਰਹੀ। ਸੁਣਵਾਈ ਦੌਰਾਨ ਪਟਿਆਲਾ ਦੇ ਐੱਸ.ਐੱਸ.ਪੀ. ਨਾਨਕ ਸਿੰਘ ਵਲੋਂ ਮਾਮਲੇ ਦੀ ਇਕ ਸਟੇਟਸ ਰਿਪੋਰਟ ਵੀ ਪੇਸ਼ ਕੀਤੀ ਗਈ।
ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜਸਟਿਸ ਬੱਤਰਾ ਨੇ ਕਿਹਾ ਕਿ ਸੂਬਾ ਸਰਕਾਰ ਦੇ ਵਕੀਲ ਨੇ ਕਿਹਾ ਹੈ ਕਿ ਪਟੀਸ਼ਨਰ ਪੁਲਸ ਹਿਰਾਸਤ ’ਚ ਨਹੀਂ ਹੈ ਨਾ ਹੀ ਕਾਨੂੰਨੀ ਤੌਰ ’ਤੇ ਅਤੇ ਨਾ ਹੀ ਗੈਰ-ਕਾਨੂੰਨੀ ਤੌਰ ’ਤੇ। ਉਨ੍ਹਾਂ ਦੀ ਸਿਹਤ ਸਥਿਤੀ ਨੂੰ ਧਿਆਨ ’ਚ ਰੱਖਦੇ ਹੋਏ ਉਹ ਖ਼ੁਦ ਦੀ ਇੱਛਾ ਨਾਲ ਪਾਰਕ ਹਸਪਤਾਲ, ਪਟਿਆਲਾ ’ਚ ਭਰਤੀ ਹੋਏ ਹਨ। ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ 26 ਮਾਰਚ ਤੱਕ ਮੁਲਤਵੀ ਕਰਦਿਆਂ ਸਰਕਾਰ ਨੂੰ ਸਟੇਟਸ ਰਿਪੋਰਟ ਦਾਇਰ ਕਰਨ ਦੇ ਹੁਕਮ ਦੇ ਦਿੱਤੇ …।
”ਪੁਲਸ ਹਿਰਾਸਤ ਵਿਚ ਨਹੀਂ ਹਨ ਡੱਲੇਵਾਲ”, ਪੰਜਾਬ ਸਰਕਾਰ ਨੇ ਹਾਈ ਕੋਰਟ ”ਚ ਦਿੱਤੀ ਸੂਚਨਾ