
ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦੇ ਪ੍ਰਧਾਨ ਅਤੇ ਖਾਲਿਸਤਾਨ ਦੇ ਸਮਰਥਕ ਕੁਲਦੀਪ ਸਿੰਘ ਦਿਓਲ ਨੇ ਖਾਲਿਸਤਾਨੀ ਸਮਰਥਕ ਅਵਤਾਰ ਸਿੰਘ ਖੰਡਾ ਦੀ ਬ੍ਰਿਟੇਨ ‘ਚ ਹੋਈ ਮੌਤ ‘ਤੇ ਚਿੰਤਾ ਪ੍ਰਗਟਾਈ ਹੈ। ਕੁਲਦੀਪ ਦਿਓਲ ਨੇ ਬ੍ਰਿਟਿਸ਼ ਸਰਕਾਰ ਤੋਂ ਅਵਤਾਰ ਸਿੰਘ ਖੰਡਾ ਦੀ ਮੌਤ ਦੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਸਰਕਾਰ ਨੂੰ ਪੱਤਰ ਲਿਖ ਕੇ ਕਿਹਾ, ”ਜਾਇਦਾਦ ਅਤੇ ਕਾਰੋਬਾਰ ਹੀ ਸਭ ਕੁਝ ਨਹੀਂ ਹੁੰਦਾ।
ਲੀਡਰਾਂ ਨੂੰ ਲੋਕਾਂ ਦੇ ਨਾਲ ਖੜ੍ਹਾ ਹੋਣਾ ਚਾਹੀਦਾ ਹੈ ਤਾਂ ਜੋ ਸਾਰੇ ਸਿੱਖ ਯੂਕੇ ਵਿੱਚ ਸੁਰੱਖਿਅਤ ਮਹਿਸੂਸ ਕਰ ਸਕਣ।” ਖਾਲਿਸਤਾਨੀ ਆਗੂ ਨੇ ਕਿਹਾ ਕਿ ਸਰਕਾਰ ਨੂੰ ਇਸ ਬਾਰੇ ਚਿੰਤਾ ਕਰਨੀ ਚਾਹੀਦੀ ਹੈ ਅਤੇ ਇਸ ਦਾ ਨੋਟਿਸ ਲੈਣਾ ਚਾਹੀਦਾ ਹੈ। ਸਿੱਖਾਂ ਨੇ ਯੂਕੇ ਦੀ ਆਰਥਿਕਤਾ ਵਿੱਚ ਵੱਡਾ ਯੋਗਦਾਨ ਪਾਇਆ ਹੈ। ਦਿਓਲ ਨੇ ਭਾਰਤ ਵਿੱਚ ਜੇਲ੍ਹ ‘ਚ ਬੰਦ ਖਾਲਿਸਤਾਨੀ ਸਮਰਥਕ ਜਗਤਾਰ ਸਿੰਘ ਜੌਹਲ ਅਤੇ ਅਵਤਾਰ ਸਿੰਘ ਖੰਡਾ ਦੀ ਹਾਲ ਹੀ ‘ਚ ਹੋਈ ਮੌਤ ਦਾ ਮਾਮਲਾ ਯੂਕੇ ਸਰਕਾਰ ਕੋਲ ਉਠਾਇਆ ਹੈ ਅਤੇ ਸਰਕਾਰ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਆਗੂਆਂ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ।
ਕੁਲਦੀਪ ਸਿੰਘ ਦਿਓਲ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ, ਜਦੋਂ ਕੈਨੇਡਾ ਨੇ ਭਾਰਤ ‘ਤੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਨੂੰ ਮਾਰਨ ਦਾ ਦੋਸ਼ ਲਗਾਇਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ ਪਾਰਲੀਮੈਂਟ ਵਿੱਚ ਕਿਹਾ ਕਿ ਹਰਦੀਪ ਸਿੰਘ ਨਿੱਝਰ ਦੀ ਮੌਤ ‘ਚ ਇਕ ਭਾਰਤੀ ਏਜੰਟ ਦਾ ਹੱਥ ਸੀ। ਹਾਲਾਂਕਿ, ਭਾਰਤ ਨੇ ਟਰੂਡੋ ਦੇ ਦਾਅਵਿਆਂ ਨੂੰ ਬੇਬੁਨਿਆਦ ਅਤੇ ਬੇਤੁਕਾ ਦੱਸਿਆ ਹੈ। ਟਰੂਡੋ ਦੇ ਬੇਤੁਕੇ ਬਿਆਨ ਤੋਂ ਬਾਅਦ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ‘ਚ ਪਾੜਾ ਵਧਦਾ ਜਾ ਰਿਹਾ ਹੈ। ਭਾਰਤ ਨੇ ਵੀਰਵਾਰ ਨੂੰ ਵੀਜ਼ਾ ਸੇਵਾਵਾਂ ਨੂੰ ਵੀ ਮੁਅੱਤਲ ਕਰ ਦਿੱਤਾ ਹੈ।
ਖਾਲਿਸਤਾਨੀ ਨੇਤਾ ਕੁਲਦੀਪ ਸਿੰਘ ਦਿਓਲ ਨੇ ਅੱਗੇ ਕਿਹਾ, “ਸਾਨੂੰ ਉਮੀਦ ਹੈ ਕਿ ਬ੍ਰਿਟਿਸ਼ ਸਰਕਾਰ ਅੰਤਰਰਾਸ਼ਟਰੀ ਕਾਨੂੰਨ ਅਤੇ ਬ੍ਰਿਟਿਸ਼ ਕਾਨੂੰਨ ਦੇ ਅਨੁਸਾਰ ਆਜ਼ਾਦ ਆਵਾਜ਼, ਪ੍ਰਗਟਾਵੇ ਦੀ ਆਜ਼ਾਦੀ, ਸ਼ਾਂਤਮਈ ਪ੍ਰਦਰਸ਼ਨ, ਲੋਕਤੰਤਰੀ ਪ੍ਰਚਾਰ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰੇਗੀ। ਕੈਨੇਡੀਅਨ ਸਰਕਾਰ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ, “ਅਸੀਂ ਇਹ ਕਦਮ ਚੁੱਕਣ ਲਈ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਹਿੰਮਤ ਦੀ ਸ਼ਲਾਘਾ ਕਰਦੇ ਹਾਂ। ਸਾਨੂੰ ਉਮੀਦ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਸਾਨੂੰ ਨਿਆਂ ਮਿਲੇਗਾ।”