ਪੰਜਾਬ ‘ਚ ਦਹਾਕਿਆਂ ਤੋਂ ਚੱਲੀ ਆ ਰਹੀ ਰਜਿਸਟਰੀ ਲਿਖਣ ਦਾ ਸਟਾਈਲ ਹੁਣ ਬਦਲ ਗਿਆ ਹੈ ਕਿਉਂਕਿ ਪੰਜਾਬ ਸਰਕਾਰ ਨੇ ਅੱਜ ਤੋਂ ਰਜਿਸਟਰੀ ਲਿਖਣ ਦਾ ਨਵਾਂ ਫਾਰਮੈਟ ਲਾਗੂ ਕਰ ਦਿੱਤਾ ਹੈ। ਹੁਣ ਇਸ ਨਵੇਂ ਫਾਰਮੈਟ ਨੂੰ ਭਰਨ ਤੋਂ ਬਾਅਦ ਹੀ ਸੂਬੇ ਭਰ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਰਜਿਸਟਰੀ ਮਨਜ਼ੂਰੀ ਲਈ ਪੇਸ਼ ਕੀਤੀ ਜਾ ਸਕੇਗੀ।
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ (ਅੱਠਵੀਂ ਅਤੇ ਰਜਿਸਟ੍ਰੇਸ਼ਨ ਸ਼ਾਖਾ) ਨੇ ਅੱਜ ਇਸ ਫਾਰਮੈਟ ਦੀ ਕਾਪੀ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਭੇਜੀ ਹੈ ਅਤੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਪੰਜਾਬ ਸੂਬੇ ਵਿੱਚ ਆਮ ਲੋਕਾਂ ਦੀ ਸਹੂਲਤ ਲਈ ਜਾਇਦਾਦ ਦੀ ਰਜਿਸਟ੍ਰੇਸ਼ਨ ਵੇਲੇ ਸਟੈਂਪ ਪੇਪਰ ‘ਤੇ ਵਰਤੀ ਗਈ ਭਾਸ਼ਾ ਨੂੰ ਸਰਲ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਪ੍ਰਾਪਰਟੀ ਰਜਿਸਟਰੀਆਂ/ਸੇਲ ਡੀਡਾਂ ਦੌਰਾਨ ਸਰਲ ਪੰਜਾਬੀ ਭਾਸ਼ਾ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ।
ਮਾਲ ਵਿਭਾਗ ਨੇ ਰਜਿਸਟਰੀ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਮਾਲ ਵਿਭਾਗ ਦੇ ਫੈਸਲੇ ਅਨੁਸਾਰ ਮਾਲ ਵਿਭਾਗ ਦੇ ਰਿਕਾਰਡ ਵਿੱਚੋਂ ਉਰਦੂ ਅਤੇ ਫਾਰਸੀ ਸ਼ਬਦ ਹਟਾ ਦਿੱਤੇ ਗਏ ਹਨ। ਹੁਣ ਸਿਰਫ ਰਜਿਸਟ੍ਰੇਸ਼ਨ ਲਈ ਸਿਰਫ਼ ਪੰਜਾਬੀ ਅਤੇ ਅੰਗਰੇਜ਼ੀ ਦੀ ਵਰਤੋਂ ਕੀਤੀ ਜਾਵੇਗੀ। ਰਜਿਸਟਰੀ ਲਿਖਣ ਦੀ ਪ੍ਰਕਿਰਿਆ ਨੂੰ ਸਰਲ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾਵਾਂ ਵਿੱਚ ਪ੍ਰੋਫਾਰਮਾ ਜਾਰੀ ਕੀਤਾ ਗਿਆ ਹੈ।
ਇਸ ਲਈ ਸਰਲ ਅਤੇ ਆਸਾਨ ਕੰਮ ਕਰਨ ਵਾਲੀ ਪ੍ਰਣਾਲੀ ਲਈ ਪੰਜਾਬ ਸਰਕਾਰ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਸੇਲ ਡੀਡ/ ਬੈ ਨਾਮਾ ਦਾ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਹੁਣ ਪੁਰਾਣੀ ਕਾਰਜ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਬੰਦ ਕਰਦੇ ਹੋਏ ਮੰਗਲਵਾਰ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਨਵੀਂ ਕਾਰਜ ਪ੍ਰਣਾਲੀ ਤਹਿਤ ਰਜਿਸਟਰੀ ਤੋਂ ਉਰਦੂ ਅਤੇ ਫਾਰਸੀ ਦੇ ਸ਼ਬਦਾਂ ਨੂੰ ਪੂਰੀ ਤਰ੍ਹਾਂ ਹਟਾ ਦਿੱਤਾ ਗਿਆ।