
ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ, ਜੋ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਸਨ, ਨੂੰ ਵਿਜੀਲੈਂਸ ਬਿਊਰੋ ਨੇ ਮੁੱਲਾਂਪੁਰ ਸਟਰੀਟ ਲਾਈਟ ਘੁਟਾਲੇ ਵਿੱਚ ਨਾਮਜ਼ਦ ਕੀਤਾ ਹੈ। ਕੈਪਟਨ ਸੰਦੀਪ ਸੰਧੂ ਮੁੱਲਾਂਪੁਰ ਦਾਖਾ ਵਿਧਾਨ ਸਭਾ ਸੀਟ ਤੋਂ ਜ਼ਿਮਨੀ ਚੋਣ ਵਿੱਚ ਕਾਂਗਰਸ ਦੇ ਉਮੀਦਵਾਰ ਸਨ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਕਾਂਗਰਸ ਦੇ ਉਮੀਦਵਾਰ ਸਨ।
ਜਦੋਂ ਤੋਂ ਸਟਰੀਟ ਲਾਈਟ ਘੁਟਾਲਾ ਸਾਹਮਣੇ ਆਇਆ ਹੈ, ਉਦੋਂ ਤੋਂ ਹੀ ਕਿਆਸ ਲਗਾਈਆਂ ਜਾ ਰਹੀਆਂ ਸਨ ਕਿ ਵਿਜੀਲੈਂਸ ਇਸ ਮਾਮਲੇ ਵਿੱਚ ਕੈਪਟਨ ਸੰਦੀਪ ਸੰਧੂ ਨੂੰ ਵੀ ਗ੍ਰਿਫਤਾਰ ਕਰ ਸਕਦੀ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਟੀਮ ਨੇ ਇਸ ਮਾਮਲੇ ਵਿੱਚ ਬੀਡੀਪੀਓ ਸਤਵਿੰਦਰ ਸਿੰਘ ਕੰਗ ਅਤੇ ਬਲਾਕ ਸਮਿਤੀ ਚੇਅਰਮੈਨ ਲਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਬਾਅਦ ਵਿਜੀਲੈਂਸ ਟੀਮ ਨੇ ਕੈਪਟਨ ਸੰਦੀਪ ਸੰਧੂ ਦੇ ਸਾਲੇ ਹਰਪ੍ਰੀਤ ਨੂੰ ਵੀ ਨਾਮਜ਼ਦ ਕੀਤਾ ਹੈ। ਹੁਣ ਵਿਜੀਲੈਂਸ ਨੇ ਕੈਪਟਨ ਸੰਦੀਪ ਸੰਧੂ ਨੂੰ ਨਾਮਜ਼ਦ ਕੀਤਾ ਹੈ।

ਦੱਸਿਆ ਜਾ ਰਿਹਾ ਕਿ ਕੈਪਟਨ ਸੰਦੀਪ ਸੰਧੂ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਆਪਣਾ ਫੋਨ ਬੰਦ ਕਰ ਦਿੱਤਾ ਹੈ ਅਤੇ ਉਹ ਸ਼ਹਿਰ ਛੱਡ ਕੇ ਚਲਾ ਗਿਆ ਹੈ। ਦੱਸ ਦੇਈਏ ਕਿ ਮੁੱਲਾਂਪੁਰ ਵਿੱਚ 65 ਲੱਖ ਰੁਪਏ ਦਾ ਸਟਰੀਟ ਲਾਈਟ ਘੋਟਾਲਾ ਸਾਹਮਣੇ ਆਇਆ ਹੈ। ਕਾਂਗਰਸ ਦੀ ਕੈਪਟਨ ਸਰਕਾਰ ਵਿੱਚ ਕੈਪਟਨ ਸੰਦੀਪ ਸੰਧੂ ਕਾਫੀ ਮਜ਼ਬੂਤ ਸਨ। ਜ਼ਿਮਨੀ ਚੋਣ ਵਿੱਚ ਵੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਟਿਕਟ ਦੇ ਕੇ ਮੈਦਾਨ ਵਿੱਚ ਉਤਾਰਿਆ ਸੀ।