ਜਲੰਧਰ /ਐਸ ਐਸ ਚਾਹਲ
ਆਮ ਆਦਮੀ ਪਾਰਟੀ (ਆਪ) ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਦਾ ਕੋਈ ਆਧਾਰ ਨਹੀਂ ਹੈ ਅਤੇ ਕੋਈ ਵੀ ਉਨ੍ਹਾਂ ਲਈ ਜਲੰਧਰ ਜ਼ਿਮਨੀ ਚੋਣ ਨਹੀਂ ਲੜਨਾ ਚਾਹੁੰਦਾ ਸੀ। ਇਸੇ ਲਈ ਉਹ ਬਾਹਰਲੇ ਵਿਅਕਤੀ ਨੂੰ ਉਮੀਦਵਾਰ ਵਜੋਂ ਖੜ੍ਹਾ ਕਰ ਰਹੇ ਹਨ, ਜਿਸ ਨੂੰ ਜਲੰਧਰ ਦੇ ਮਸਲਿਆਂ ਦੀ ਵੀ ਜਾਣਕਾਰੀ ਨਹੀਂ ਹੈ ਅਤੇ ਜਲੰਧਰ ਦੇ ਲੋਕਾਂ ਨਾਲ ਉਸ ਦਾ ਕੋਈ ਸੰਬੰਧ ਵੀ ਨਹੀਂ ਹੈ।
‘ਆਪ’ ਪੰਜਾਬ ਦੀ ਸਕੱਤਰ ਰਾਜਵਿੰਦਰ ਕੌਰ ਥਿਆੜਾ ਨੇ ਦੱਸਿਆ ਕਿ ਰਿੰਕੂ ਅਟਵਾਲ ਨਾਲ ਇੱਕ ਹੋਰ ਸਾਬਕਾ ਯੂਥ ਅਕਾਲੀ ਆਗੂ ਪਰਸ਼ੋਤਮ ਲਾਲ ਸੋਂਧੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਸ ਨੂੰ 23 ਮਾਰਚ 2008 ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ 23 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ, ਜਿਸਨੂੰ ਅਦਾਲਤ ਵਿੱਚ ਦੋਸ਼ੀ ਪਾਇਆ ਗਿਆ ਅਤੇ 12 ਸਾਲ ਦੀ ਸਜ਼ਾ ਸੁਣਾਈ ਗਈ।
ਉਸ ਨੇ ਇਸ ਫੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਿੱਥੇ ਉਹ ਮੁੜ ਦੋਸ਼ੀ ਪਾਇਆ ਗਿਆ ਅਤੇ ਉਸ ਨੂੰ 10 ਸਾਲ ਦੀ ਸਜ਼ਾ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਹਾਲਤ ਇੰਨੀ ਮਾੜੀ ਹੈ ਕਿ ਉਹ ਨਸ਼ਾ ਤਸਕਰਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰ ਰਹੇ ਹਨ।