ਦਿੱਲੀ ਜਾਣ ਲਈ ਪੰਜਾਬ ਦੇ ਹਜ਼ਾਰਾਂ ਕਿਸਾਨ ਹਰਿਆਣਾ ਦੀਆਂ ਹੱਦਾਂ ਉਪਰ ਡਟੇ ਹੋਏ ਹਨ। ਹਰਿਆਣਾ ਸਰਕਾਰ ਕਿਸਾਨਾਂ ਨੂੰ ਰੋਕਣ ਲਈ ਪੂਰੀ ਸਖਤੀ ਵਰਤ ਰਹੀ ਹੈ। ਅਜਿਹੇ ਵਿੱਚ ਪੰਜਾਬ ਦੀਆਂ ਹੋਰ ਕਿਸਾਨ ਜਥੇਬੰਦੀਆਂ ਵੀ ਸੰਘਰਸ਼ ਦੀ ਹਮਾਇਤ ਵਿੱਚ ਆ ਗਈਆਂ ਹਨ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਏਕਤਾ ਉਗਰਾਹਾਂ ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਨੇ ਸਰਕਾਰ ਦੀ ਸਖਤੀ ਦੀ ਨਿਖੇਧੀ ਕੀਤੀ ਹੈ।
ਹਰਿਆਣਾ ਸਰਕਾਰ ਵੱਲੋਂ ਦਿੱਲੀ ਵੱਲ ਵਧ ਰਹੇ ਕਿਸਾਨਾਂ ਮਜ਼ਦੂਰਾਂ ਉਤੇ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਵਰ੍ਹਾਉਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 15 ਫਰਵਰੀ ਚਾਰ ਘੰਟਿਆਂ ਲਈ ਪੰਜਾਬ ਵਿਚ ਰੇਲਾਂ ਰੋਕਣ ਦਾ ਫੈਸਲਾ ਕੀਤਾ ਗਿਆ ਹੈ।
ਰੇਲਾਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੋਕੀਆਂ ਜਾਣਗੀਆਂ। ਜਥੇਬੰਦੀ ਵੱਲੋਂ ਕਿਸਾਨੀ ਮੰਗਾਂ ਦੇ ਹੱਕ ਵਿੱਚ ਵੀ ਪਹਿਲਾਂ ਵਾਂਗ ਡਟਵੀਂ ਆਵਾਜ਼ ਉਠਾਉਣ ਦਾ ਵੀ ਫੈਸਲਾ ਲਿਆ ਗਿਆ ਹੈ।
ਦੱਸ ਦਈਏ ਕਿ ਖੇਤੀ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਕੁਝ ਕਿਸਾਨ ਜਥੇਬੰਦੀਆਂ ਦਿੱਲੀ ਵੱਲ ਕੂਚ ਕਰ ਰਹੀਆਂ ਹਨ। ਉਨ੍ਹਾਂ ਨੂੰ ਹਰਿਆਣਾ ਵਿੱਚ ਦਾਖ਼ਲ ਹੋਣ ਲਈ ਅੱਥਰੂ ਗੈਸ ਤੇ ਪੁਲਿਸ ਦੀਆਂ ਲਾਠੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਕੁਝ ਕਿਸਾਨ ਜਥੇਬੰਦੀਆਂ ਇਸ ਸੰਘਰਸ਼ ਤੋਂ ਦੂਰੀ ਬਣਾ ਕੇ ਬੈਠੀਆਂ ਹਨ। ਹੁਣ ਉਹ ਵੀ ਕਿਸਾਨਾਂ ਦੇ ਇਸ ਸੰਘਰਸ਼ ਨੂੰ ਜਾਇਜ਼ ਮੰਨ ਰਹੀਆਂ ਹਨ।
ਸੰਘਰਸ਼ ਵਿੱਚ ਸ਼ਾਮਲ ਨਾ ਹੋਣ ਵਾਲੀਆਂ ਜਥੇਬੰਦੀਆਂ ਦਾ ਕਹਿਣਾ ਹੈ ਕਿ ਕਿਸਾਨ ਯੂਨੀਅਨਾਂ ਵੱਲੋਂ ਉਠਾਏ ਗਏ ਮੁੱਦੇ ਜਾਇਜ਼ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਜਿਸ ਤਰ੍ਹਾਂ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਉਹ ਗਲਤ ਹੈ।
ਪੰਜਾਬ ਦੇ ਸੀਨੀਅਰ ਕਿਸਾਨ ਆਗੂ ਤੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਏਕਤਾ ਉਗਰਾਹਾਂ ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਮੰਗਾਂ ਲਈ ਵੀ ਸੰਘਰਸ਼ ਦੇ ਰਾਹ ‘ਤੇ ਹੈ। ਕੋਈ ਵੀ ਕਿਸਾਨ ਜਥੇਬੰਦੀ ਆਪਣੀ ਨੀਤੀ ਅਨੁਸਾਰ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਸਕਦੀ ਹੈ, ਇਹ ਉਨ੍ਹਾਂ ਦਾ ਹੱਕ ਹੈ।
ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਇਸ ‘ਤੇ ਸਖਤੀ ਕਰਦੀ ਹੈ ਤਾਂ ਇਹ ਬਿਲਕੁਲ ਗਲਤ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਇਨ੍ਹਾਂ ਧੜਿਆਂ ਨੇ ਉਨ੍ਹਾਂ ਨੂੰ ਸੰਘਰਸ਼ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਤਾਂ ਅਸੀਂ ਵੱਖਰੇ ਮੋਰਚੇ ਤੋਂ ਉਨ੍ਹਾਂ ਵਿਰੁੱਧ ਸੰਘਰਸ਼ ਕਰਾਂਗੇ।
ਉਨ੍ਹਾਂ ਕਿਹਾ ਕਿ ਜਦੋਂ ਦਿੱਲੀ ਵਿੱਚ ਅੰਦੋਲਨ ਹੋਇਆ ਤਾਂ ਵੀ ਉਸ ਵੇਲੇ ਵੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਖਰੀ ਰਹੀ ਸੀ। ਕੋਈ ਵੀ ਜਥੰਬਦੀ ਇਸ ਤਰ੍ਹਾਂ ਸੰਘਰਸ਼ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਦੀ ਸਖਤੀ ਵਾਲੀ ਕਾਰਵਾਈ ਦਾ ਵਿਰੋਧ ਕਰਦੇ ਹਾਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਵੀ ਕਿਸਾਨਾਂ ਦੇ ਹੱਕਾਂ ਲਈ ਲੜ ਰਹੀ ਹੈ। ਉਨ੍ਹਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ ਹੈ। 16 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਉਸ ਤੋਂ ਬਾਅਦ ਦਿੱਲੀ ਜਾਣ ਦਾ ਐਲਾਨ ਕਰਨਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਉਧਰ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਨੇ ਦਿੱਲੀ ਵਿੱਚ ਧਰਨਾ ਦੇਣ ਜਾ ਰਹੇ ਕਿਸਾਨਾਂ ਦੇ ਸੰਘਰਸ਼ ਬਾਰੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ’ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਇਹ ਪੂਰੀ ਤਰ੍ਹਾਂ ਗਲਤ ਹੈ। ਅਸੀਂ ਇਸ ਦੀ ਨਿੰਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ 16 ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਬਾਰੇ ਉਨ੍ਹਾਂ ਕਿਹਾ ਕਿ ਉਹ ਆਪਣੀ ਜਥੇਬੰਦੀ ਦੀ ਮੀਟਿੰਗ ਸੱਦਣਗੇ।
ਕਿਸਾਨਾਂ ਨੇ ਫੜਿਆ ਹਰਿਆਣਾ ਇੰਟੈਲੀਜੈਂਸ ਪੁਲਿਸ ਦਾ ਮੁਲਾਜ਼ਮ
ਪੰਜਾਬ-ਹਰਿਆਣਾ ਸਰਹੱਦ ‘ਤੇ ਖਨੌਰੀ ‘ਚ ਕਿਸਾਨਾਂ ਨੇ ਹਰਿਆਣਾ ਇੰਟੈਲੀਜੈਂਸ ਪੁਲਿਸ ਦੇ ਇਕ ਮੁਲਾਜ਼ਮ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿੱਤਾ। ਕਿਸਾਨਾਂ ਨੂੰ ਸੂਚਨਾ ਮਿਲੀ ਸੀ ਕਿ ਹਰਿਆਣਾ ਪੁਲਿਸ ਦਾ ਇਕ ਮੁਲਾਜ਼ਮ ਕਿਸਾਨਾਂ ‘ਚ ਘੁੰਮ ਰਿਹਾ ਹੈ ਜਿਸ ਤਹਿਤ ਉਸ ਦੀ ਪਛਾਣ ਕਰ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ। ਪੁਲਿਸ ਅਧਿਕਾਰੀ ਉਕਤ ਪੁਲਿਸ ਮੁਲਾਜ਼ਮ ਦਾ ਨਾਂ ਸਤਵਿੰਦਰ ਦੱਸ ਰਹੇ ਹਨ, ਨੂੰ ਆਪਣੇ ਨਾਲ ਲੈ ਗਏ। ਪੁਲਿਸ ਅਧਿਕਾਰੀ ਉਕਤ ਪੁਲਿਸ ਮੁਲਾਜ਼ਮ ਜਿਸ ਦਾ ਨਾਂ ਸਤਵਿੰਦਰ ਦੱਸਿਆ ਜਾ ਰਿਹਾ ਹੈ, ਨੂੰ ਆਪਣੇ ਨਾਲ ਲੈ ਗਏ।