
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹੋਤਸਵ ਤਹਿਤ ਚਲਾਈ ਜਾ ਰਹੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਮੱਧ ਪ੍ਰਦੇਸ਼ ਦੇ ਇੰਦੌਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਤਿਰੰਗਾ ਲਹਿਰਾਉਣ ’ਤੇ ਇਤਰਾਜ਼ ਪ੍ਰਗਟਾਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਮਰਿਆਦਾ ਦਾ ਹਵਾਲਾ ਦਿੰਦੇ ਹੋਏ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਇਮਲੀ ਸਾਹਿਬ ਹੈ। ਸ਼੍ਰੋਮਣੀ ਕਮੇਟੀ ਨੂੰ ਗੁਰਦੁਆਰਾ ਇਮਲੀ ਸਾਹਿਬ ਵਿਖੇ ਤਿਰੰਗਾ ਲਹਿਰਾਉਣ ਵਾਲੀ ਤਸਵੀਰ ਮਿਲੀ ਹੈ। ਉਨ੍ਹਾਂ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖ ਰਹਿਤ ਮਰਿਆਦਾ ਮੁਤਾਬਕ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਵਿੱਚ ਸਿਰਫ਼ ਖਾਲਸੇ ਦਾ ਨਿਸ਼ਾਨ ਸਾਹਿਬ ਹੀ ਲਹਿਰਾਇਆ ਜਾ ਸਕਦਾ ਹੈ।