ReligiousPunjab

ਗੁਰਬਾਣੀ ਪ੍ਰਸਾਰਣ ਮਾਮਲਾ: ਸਰਕਾਰ ਵਿਰੁੱਧ ਘੇਰਾਬੰਦੀ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਈ ਦੁਫ਼ਾੜ

ਗੁਰਬਾਣੀ ਪ੍ਰਸਾਰਣ ਮਾਮਲੇ ‘ਚ SGPC ਦੀਆਂ ਮੁਸ਼ਕਿਲਾਂ ਘੱਟਦੀਆਂ ਨਜ਼ਰ ਨਹੀਂ ਆ ਰਹੀਆਂ। ਜਿੱਥੇ ਇੱਕ ਪਾਸੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸਰਕਾਰ ਦੇ ਗੁਰਦੁਆਰਾ ਸੋਧ ਬਿੱਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਹੀ ਹੁਣ ਕੁਝ SGPC ਮੈਬਰਾਂ ਨੇ ਵੀ ਸਵਾਲ ਉਠਾਉਣਾ ਸ਼ੁਰੂ ਕਰ ਦਿੱਤਾ ਹੈ। ਜਿਸ ਕਾਰਨ ਗੁਰਬਾਣੀ ਪ੍ਰਸਾਰਣ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਦੁਫ਼ਾੜ ਹੁੰਦੀ ਦਿਖਾਈ ਦੇ ਰਹੀ ਹੈ।
ਬੇਸ਼ੱਕ ਸਿੱਖ ਸੰਸਥਾਵਾਂ ਅਤੇ ਵੱਖ-ਵੱਖ ਜਥੇਬੰਦੀਆਂ ਵਲੋਂ ਗੁਰਬਾਣੀ ਪ੍ਰਸਾਰਣ ਮਾਮਲੇ ‘ਚ ਸਰਕਾਰ ਵਲੋਂ ਪਾਸ ਕੀਤੇ ਗਏ ਗੁਰਦੁਆਰਾ ਐਕਟ ‘ਚ ਸੋਧ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪਰ ਉਹ ਸਵਾਲ ਵੀ ਕਰ ਰਹੇ ਹਨ ਕਿ ਆਖ਼ਰਕਾਰ ਸ਼੍ਰੋਮਣੀ ਕਮੇਟੀ ਵਲੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਆਪਣਾ ਚੈਨਲ ਕਿਉਂ ਨਹੀਂ ਖੋਲ੍ਹਿਆ ਜਾ ਰਿਹਾ।

ਦੱਸ ਦੇਈਏ ਕਿ ਬੀਤੇ ਸੋਮਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਮੈਬਰਾਂ ਨੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਗੇ ਗੁਰਬਾਣੀ ਪ੍ਰਸਾਰਣ ਲਈ ਆਪਣਾ ਚੈਨਲ ਸ਼ੁਰੂ ਕਰਨ ਦੀ ਮੰਗ ਕੀਤੀ। ਇਸ ਦੌਰਾਨ ਅਤ੍ਰਿੰਗ ਕਮੇਟੀ ਮੈਂਬਰ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਮਲਕੀਤ ਸਿੰਘ ਚੰਗਾਲ, ਅਮਰੀਕ ਸਿੰਘ ਸ਼ਾਹਪੁਰ, ਰਾਮਪਾਲ ਸਿੰਘ ਬਹਿਣੀਵਾਲ ਅਤੇ ਨਿਰਮੈਲ ਸਿੰਘ ਜੌਲਾਂ ਦੀ ਸ਼ਮੂਲੀਅਤ ਵਾਲੇ ਵਫ਼ਦ ਨੇ ਇਸ ਸਬੰਧ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ-ਪੱਤਰ ਵੀ ਸੌਂਪਿਆ।

ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਸ੍ਰੀ ਹਰਿਮੰਦਿਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਸਿਰਫ਼ ਇੱਕ ਚੈਨਲ ਨੂੰ ਦਿੱਤੇ ਹੋਣ ਕਾਰਨ ਹੀ ਅਜਿਹੀ ਸਥਿਤੀ ਪੈਦਾ ਹੋਈ ਹੈ। ਮੈਬਰਾਂ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਦੇ ਏਕਾਅਧਿਕਾਰ ਨੂੰ ਖ਼ਤਮ ਕਰਨ ਦੇ ਨਾਂ ‘ਤੇ ਸਿੱਖ ਗੁਰਦੁਆਰਾ ਐਕਟ 1925 ‘ਚ ਗੈਰ-ਸੰਵਿਧਾਨਕ ਤੌਰ ‘ਤੇ ਸੋਧ ਕਰਨ ਲਈ ਮਾਤ ਪਾਸ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਆਪਣੇ ਚੈਨਲ ਨੂੰ ਵਿੱਤੀ ਲਾਭ ਦੇਣ ਲਈ ਕੀਰਤਨ ਦੇ ਪ੍ਰਸਾਰਣ ਦੇ ਸਮੁੱਚੇ ਹੱਕ ਸ਼੍ਰੋਮਣੀ ਕਮੇਟੀ ਜ਼ਰੀਏ ਆਪਣੇ ਚੈਨਲ ਨੂੰ ਦਿੱਤੇ ਹੋਏ ਹਨ।

Leave a Reply

Your email address will not be published.

Back to top button