
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਮੁੱਖ ਮੰਤਰੀ ਭਗਵੰਤ ਮਾਨ, ਜੋ ਕਿ ਪੰਜਾਬ ਦੇ ਮੌਜੂਦਾ ਗ੍ਰਹਿ ਮੰਤਰੀ ਵੀ ਹਨ, ਨੂੰ ਗ੍ਰਹਿ ਮੰਤਰੀ ਵਜੋਂ ਪੂਰੀ ਤਰ੍ਹਾਂ ਫੇਲ੍ਹ ਕਰਾਰ ਦਿੰਦਿਆਂ ਉਹਨਾਂ ਦੀ ਕਾਰਜਸ਼ੈਲੀ ‘ਤੇ ਸਵਾਲੀਆ ਨਿਸ਼ਾਨ ਲਾਏ ਹਨ। ਅਸ਼ਵਨੀ ਸ਼ਰਮਾ ਨੇ ਅੱਜ ਜਲੰਧਰ ਵਿਖੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ ਹੇਠ ਉਲੀਕੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਪੰਜਾਬ ਵਿੱਚ ਅਮਨ-ਕਾਨੂੰਨ ਨਾਮ ਦੀ ਚੀਜ਼ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ। ਪਿਛਲੇ ਇੱਕ ਸਾਲ ਵਿੱਚ ਆਮ ਆਦਮੀ ਪਾਰਟੀ ਦੇ ਸ਼ਾਸਨ ਵਿੱਚ ਪੰਜਾਬ ਦੇ ਹਾਲਾਤ ਯੂਪੀ-ਬਿਹਾਰ ਨਾਲੋਂ ਵੀ ਬਦਤਰ ਹੋ ਗਏ ਹਨ। ਹਰ ਪਾਸੇ ਡਰ ਦਾ ਮਾਹੌਲ ਹੈ। ਇਹ ਬਹੁਤ ਚਿੰਤਾਜਨਕ ਹੈ ਕਿ ਅੱਜ ਪੰਜਾਬ ਸਮੇਤ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਸੈਲਾਨੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗੇ ਹਨ। ਇਸ ਮੌਕੇ ਅਸ਼ਵਨੀ ਸ਼ਰਮਾ ਦੇ ਨਾਲ ਮੰਚ ‘ਤੇ ਬਿਕਰਮਜੀਤ ਸਿੰਘ ਚੀਮਾ, ਮਨਜਿੰਦਰ ਸਿੰਘ ਸਿਰਸਾ, ਡਾ: ਰਾਜ ਕੁਮਾਰ ਵੇਰਕਾ, ਡਾ: ਸੁਭਾਸ਼ ਸ਼ਰਮਾ, ਜਨਾਰਦਨ ਸ਼ਰਮਾ ਆਦਿ ਵੀ ਹਾਜ਼ਰ ਸਨI
ਅਸ਼ਵਨੀ ਸ਼ਰਮਾ ਬੀਤੀ ਰਾਤ ਕੁਝ ਅਣਪਛਾਤੇ ਨਕਾਬਪੋਸ਼ਾਂ ਵੱਲੋਂ ਚਲਾਈਆਂ ਗੋਲੀਆਂ ਨਾਲ ਗੰਭੀਰ ਜ਼ਖ਼ਮੀ ਹੋਏ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ, ਜੋ ਕਿ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ, ਦਾ ਹਾਲ ਚਾਲ ਜਾਣਨ ਲਈ ਵਿਸ਼ੇਸ਼ ਤੌਰ ‘ਤੇ ਗੁਰੂਨਗਰੀ ਪੁੱਜੇ। ਇਸ ਦੇ ਨਾਲ ਹੀ ਉਹ ਜ਼ਖਮੀ ਬਲਵਿੰਦਰ ਗਿੱਲ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮਿਲੇ ਅਤੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ਉਹਨਾਂ ਦੇ ਨਾਲ ਬਿਕਰਮਜੀਤ ਸਿੰਘ ਚੀਮਾ, ਰਾਜੇਸ਼ ਬਾਘਾ, ਡਾ: ਸੁਭਾਸ਼ ਸ਼ਰਮਾ, ਇੰਦਰ ਇਕਬਾਲ ਸਿੰਘ ਅਟਵਾਲ, ਸੁੱਚਾ ਰਾਮ ਲੱਧੜ, ਮਨਜੀਤ ਸਿੰਘ ਮੰਨਾ, ਮੁਨੀਸ਼ ਸ਼ਰਮਾ, ਸੰਜੀਵ ਕੁਮਾਰ, ਬਲਦੇਵ ਰਾਜ ਬੱਗਾ, ਡਾ: ਰਾਮ ਚਾਵਲਾ, ਕੇਵਲ ਕੁਮਾਰ ਗਿੱਲ ਆਦਿ ਵੀ ਹਾਜ਼ਰ ਸਨ