
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਆਹਮੋ-ਸਾਹਮਣੇ ਆ ਗਏ ਹਨ। ਚੰਦੂਮਾਜਰਾ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਇੰਚਾਰਜ ਵੀ ਹਨ ਅਤੇ ਇੱਥੋਂ ਪਹਿਲਾਂ ਵੀ ਸੰਸਦ ਮੈਂਬਰ ਚੁਣੇ ਜਾ ਚੁੱਕੇ ਹਨ ਪਰ ਡਾ. ਦਲਜੀਤ ਚੀਮਾ ਐਤਕੀਂ ਲੋਕ ਸਭਾ ਚੋਣਾਂ ਲੜਨ ਦਾ ਮਨ ਬਣਾ ਚੁੱਕੇ ਹਨ।
ਦੋਵੇਂ ਆਗੂਆਂ ਨੇ ਮੁਹਾਲੀ ਸਣੇ ਸਮੁੱਚੇ ਹਲਕੇ ਵਿੱਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਿਛਲੇ ਦਿਨੀਂ ਜਿੱਥੇ ਚੰਦੂਮਾਜਰਾ ਨੇ ਮੁਹਾਲੀ ਸਣੇ ਨੇੜਲੇ ਦਰਜਨਾਂ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਹਨ, ਉੱਥੇ ਡਾ. ਦਲਜੀਤ ਚੀਮਾ ਨੇ ਅੱਜ ਇੱਥੋਂ ਦੇ ਸੈਕਟਰ-66 ਵਿਖੇ ਰਮਨ ਅਰੋੜਾ ਅਤੇ ਹਰਮਿੰਦਰ ਧੀਮਾਨ ਦੀ ਅਗਵਾਈ ਹੇਠ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕਈ ਅਜਿਹੇ ਆਗੂ ਵੀ ਦੇਖੇ ਗਏ, ਜੋ ਕਾਫ਼ੀ ਸਮੇਂ ਤੋਂ ਲੀਡਰਸ਼ਿਪ ਤੋਂ ਨਾਰਾਜ਼ ਹੋ ਕੇ ਆਪਣੇ ਘਰਾਂ ਵਿੱਚ ਬੈਠ ਗਏ ਸਨ। ਇਨ੍ਹਾਂ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ, ਸਾਬਕਾ ਸ਼ਹਿਰੀ ਪ੍ਰਧਾਨ ਰਮਨਦੀਪ ਸਿੰਘ ਬਾਵਾ ਤੇ ਹੋਰ ਆਗੂ ਸ਼ਾਮਲ ਸਨ.