ਡਿਪਟੀ ਕਮਿਸ਼ਨਰ ਨੇ ਰੱਖਿਆ ਸਕੱਤਰ ਨੂੰ ਮੁੱਦਿਆਂ ਬਾਰੇ ਜਾਣੂ ਕਰਵਾਉਂਦਿਆਂ ਹੱਲ ਕਰਨ ਦਾ ਦਿਵਾਇਆ ਭਰੋਸਾ
ਜਲੰਧਰ, ਐਚ ਐਸ ਚਾਵਲਾ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲੰਧਰ ਛਾਉਣੀ ਖੇਤਰ ਦੇ ਦੁਆਲੇ ਕੈਂਟ ਦੇ ਬਾਹਰੋ-ਬਾਹਰ ਬਣਨ ਵਾਲੀ 12 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਲਈ ਭਾਰਤੀ ਫੌਜ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦਿੱਤਾ ਜਾਵੇਗਾ, ਜੋ ਕਿ ਸਿੱਧੀ ਨੈਸ਼ਨਲ ਹਾਈਵੇ ਨਾਲ ਜੁੜਨ ਸਦਕਾ ਕਈ ਪਿੰਡਾਂ ਦੇ ਵਸਨੀਕਾਂ ਲਈ ਵਰਦਾਨ ਸਾਬਤ ਹੋਵੇਗੀ।
ਭਾਰਤ ਸਰਕਾਰ ਦੇ ਰੱਖਿਆ ਸਕੱਤਰ ਅਜੈ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਵੀਡੀਓ ਕਾਨਫਰੰਸ ਦੌਰਾਨ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸਬੰਧਤ ਵਿਭਾਗਾਂ ਵੱਲੋਂ ਸਾਰੇ ਮੁੱਦਿਆਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਇਸ ਪ੍ਰਾਜੈਕਟ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਿਆ ਜਾ ਸਕੇ।
ਉਨ੍ਹਾਂ ਕਿਹਾ ਕਿ 29 ਏਕੜ ਜ਼ਮੀਨ ਦੇ ਮੁੱਦੇ ‘ਤੇ ਸਾਰੇ ਭਾਗੀਦਾਰਾਂ ਨਾਲ ਵਿਚਾਰ-ਚਰਚਾ ਕੀਤੀ ਜਾ ਰਹੀ ਹੈ, ਜਿਸ ਨੂੰ ਲੋੜੀਂਦੇ ਮੁਲਾਂਕਣ ਤੋਂ ਬਾਅਦ ਇੱਕ ਹਫ਼ਤੇ ਦੇ ਅੰਦਰ-ਅੰਦਰ ਫੌਜ ਦੇ ਅਧਿਕਾਰੀਆਂ ਪਾਸ ਵੀ ਉਠਾਇਆ ਜਾਵੇਗਾ। ਫੌਜ ਦੀ ਜ਼ਮੀਨ ਦੇ ਤਬਾਦਲੇ ‘ਤੇ ਚਰਚਾ ਦੌਰਾਨ ਆਰਮੀ ਹੈੱਡਕੁਆਰਟਰ ਵੱਲੋਂ ਇਸ ਸਬੰਧੀ ਐਨ.ਓ.ਸੀ. ਜਾਰੀ ਕਰਨ ਲਈ ਹਾਮੀ ਵੀ ਭਰੀ ਗਈ।
ਜਸਪ੍ਰੀਤ ਸਿੰਘ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਤੱਥਾਂ ਦੇ ਨਾਲ-ਨਾਲ ਤਕਨੀਕੀ ਪਹਿਲੂਆਂ ਦੀ ਭੌਤਿਕ ਤੌਰ ‘ਤੇ ਜਾਂਚ ਕਰਨ ਅਤੇ ਵਡੇਰੇ ਲੋਕ ਹਿੱਤ ਵਿੱਚ ਉਨ੍ਹਾਂ ਦੇ ਸੁਖਾਵੇਂ ਹੱਲ ਲਈ ਇੱਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਵੱਲੋਂ ਦਿੱਤਾ ਕੰਮ ਲਗਭਗ ਮੁਕੰਮਲ ਕੀਤਾ ਜਾ ਚੁੱਕਾ ਹੈ ਅਤੇ ਅਗਲੇਰੀ ਕਾਰਵਾਈ ਲਈ ਰਿਪੋਰਟ ਜਲਦ ਸੌਂਪੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਛਾਉਣੀ ਦੇ ਨਾਲ ਲੱਗਦੇ ਪਿੰਡਾਂ ਦੇ ਦੁਆਲੇ ਬਣਨ ਵਾਲੀ ਇਸ ਸੜਕ ਦਾ ਸਕੈਚ ਵੀ ਤਿਆਰ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੜਕ ਯਾਤਰੀਆਂ ਲਈ ਵੱਡੀ ਸਹੂਲਤ ਸਾਬਤ ਹੋਵੇਗੀ, ਜੋ ਕਿ ਉਨ੍ਹਾਂ ਦਾ ਰਾਸ਼ਟਰੀ ਰਾਜ ਮਾਰਗਾਂ ਨਾਲ ਸਿੱਧਾ ਸੰਪਰਕ ਬਣਾਏਗੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪ੍ਰਾਜੈਕਟ ਦੀ ਅਗਲੇਰੀ ਕਾਰਵਾਈ ਲਈ ਸਬੰਧਤ ਅਧਿਕਾਰੀਆਂ ਨੂੰ ਪ੍ਰਾਜੈਕਟ ਦੀ ਸਥਿਤੀ ਸਬੰਧੀ ਕੁਝ ਦਿਨਾਂ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ।