
ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਉੱਤੇ ਵਾਅਦਾਖ਼ਿਲਾਫ਼ੀ ਦਾ ਇਲ਼ਜ਼ਾਮ ਲਾਇਆ।
ਇਸ ਮੌਕੇ ਪ੍ਰਦਰਸ਼ਕਾਰੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਡੀਏ ਦੀਆਂ ਕਿਸ਼ਤਾਂ ਬਹਾਲ ਕਰਨ ਅਤੇ ਪੇ-ਕਮਿਸ਼ਨ ਦੇ ਬਕਾਏ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦਿੱਤਾ ਜਾਵੇਗਾ।
ਇਸ ਮੌਕੇ ਬੋਲਦਿਆਂ ਧਰਨਾਕਾਰੀ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਪੰਜਾਬ ਭਰ ਵਿੱਚ ਆਪਣੀਆਂ ਮੰਗਾਂ ਲਈ ਸਾਂਝੇ ਤੌਰ ’ਤੇ ਸੰਘਰਸ਼ ਕਰ ਰਹੀਆਂ ਹਨ ਜਿਸ ਤਹਿਤ ਅੱਜ ਸਮੂਹ ਮੁਲਾਜ਼ਮ ਜਥੇਬੰਦੀਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਸੂਬਾ ਪੱਧਰੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨਾਲ ਮੀਟਿੰਗਾਂ ਵੀ ਹੋ ਚੁੱਕੀਆਂ ਹਨ ਜਿਸ ਤਹਿਤ ਪਿਛਲੇ ਮਹੀਨੇ ਚੰਡੀਗੜ੍ਹ ਵਿਖੇ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਪਰ ਸਰਕਾਰ ਮੰਗਾਂ ਪੂਰੀਆਂ ਕਰਨ ਤੋਂ ਭੱਜਦੀ ਰਹੀ ਜਿਸ ਤੋਂ ਬਾਅਦ ਸਮੂਹ ਜਥੇਬੰਦੀਆਂ ਨੇ 9 ਤੋਂ 11 ਨਵੰਬਰ ਤੱਕ ਜ਼ਿਲ੍ਹਾ ਪੱਧਰ ‘ਤੇ ਪੰਜਾਬ ਸਰਕਾਰ ਦੇ ਖਿਲਾਫ ਅਤੇ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ।