ਜਲੰਧਰ : ਐਸ ਐਸ ਚਾਹਲ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਤੋਂ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿਚ ਭਾਜਪਾ ਦੀ ਸੂਬਾ ਵਿੱਤ ਕਮੇਟੀ ਦੇ ਮੈਂਬਰ ਸਰਬਜੀਤ ਸਿੰਘ ਮੱਕੜ ਤੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਨੇ ਸ਼ਾਮਲ ਹੋ ਕੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਪ੍ਰਸ਼ਾਦ ਲਿਆ। ਭਾਜਪਾ ਆਗੂਆਂ ਨੂੰ ਸਿਰੋਪਾਓ ਭੇਟ ਕੀਤੇ ਗਏ। ਇਸ ਮੌਕੇ ਸਰਬਜੀਤ ਸਿੰਘ ਮੱਕੜ ਨੇ ਕਿਹਾ ਕਿ ਦੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਰਿਣੀ ਹੈ। ਉਨ੍ਹਾਂ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਤੇ ਰਾਸ਼ਟਰਵਾਦ ਦੇ ਬੀਜ ਨੂੰ ਮਜ਼ਬੂਤ ਕੀਤਾ।
ਉਨ੍ਹਾਂ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਦੇਸ਼ ਦੇ ਇਤਿਹਾਸ ਦਾ ਇੱਕ ਸੁਨਹਿਰੀ ਦਿਨ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਨੇ ਦੇਸ਼ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਮੱਕੜ ਨੇ ਕਿਹਾ ਕਿ ਸਿੱਖ ਗੁਰੂਆਂ ਦੀ ਕੁਰਬਾਨੀ ਤੇ ਤਿਆਗ ਸਾਨੂੰ ਪੇ੍ਰਰਨਾ ਦਿੰਦੀ ਹੈ। ਗੁਰੂ ਗੋਬਿੰਦ ਸਿੰਘ ਜੀ ਨੇ ਭਾਰਤ ਦੀ ਸੰਸਕ੍ਰਿਤੀ ਅਤੇ ਧਰਮ ਦੀ ਰਾਖੀ ਲਈ ਆਪਣੇ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਦਿੱਤੀ। ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਤੇ ਧਰਮ ਦੀ ਰੱਖਿਆ ਲਈ 21 ਦਸੰਬਰ ਤੋਂ 27 ਦਸੰਬਰ ਤੱਕ ਇਨ੍ਹਾਂ 7 ਦਿਨਾਂ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਾਰਾ ਪਰਿਵਾਰ ਸ਼ਹੀਦ ਹੋਇਆ ਸੀ। ਇਹ ਹਫਤਾ ਭਾਰਤ ਦੇ ਇਤਿਹਾਸ ‘ਚ ਬਹਾਦਰੀ ਤੇ ਕੁਰਬਾਨੀ ਦਾ ਹਫਤਾ ਹੈ।