Uncategorized

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਪੰਜਾਬ ਲਈ ਟਰਨਿੰਗ ਪੁਆਇੰਟ ਸਾਬਤ ਹੋਵੇਗੀ: ਹਰਦੀਪ ਪੁਰੀ

ਜਲੰਧਰ,  : ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਹੇਠ ਪੂਰਾ ਦੇਸ਼ ਅਤੇ ਭਾਜਪਾ ਸ਼ਾਸਤ ਸੂਬੇ ਤੇਜ਼ੀ ਨਾਲ ਤਰੱਕੀ ਕਰ ਰਹੇ ਹਨ, ਪਰ ਪੰਜਾਬ ਲਗਾਤਾਰ ਪਛੜਦਾ ਜਾ ਰਿਹਾ ਹੈ, ਕਿਉਂਕਿ ਆਮ ਆਦਮੀ ਪਾਰਟੀ ਦੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਇੱਥੋਂ ਦੀ ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਗਈ ਹੈ। ਹਰ ਰੋਜ਼ ਕਤਲ ਹੋ ਰਹੇ ਹਨ, ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਅਜਿਹੇ ਮਾਹੌਲ ਵਿੱਚ ਨਾ ਤਾਂ ਕੋਈ ਨਿਵੇਸ਼ਕ ਇੱਥੇ ਨਿਵੇਸ਼ ਕਰੇਗਾ, ਨਾ ਹੀ ਇੱਥੇ ਕੋਈ ਨਵਾਂ ਉਦਯੋਗ ਸਥਾਪਿਤ ਹੋਵੇਗਾ ਅਤੇ ਨਾ ਹੀ ਰੁਜ਼ਗਾਰ ਵਿੱਚ ਵਾਧਾ ਹੋਵੇਗਾ। ਅਜਿਹੇ ‘ਚ ਇੱਥੇ ਕਾਨੂੰਨ ਵਿਵਸਥਾ ਨੂੰ ਸੁਧਾਰਨਾ ਬਹੁਤ ਜ਼ਰੂਰੀ ਹੈ। ਸਥਾਨਕ ਹੋਟਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਦੀਪ ਪੁਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇੱਕ ਬਦਲਾਅ ਵਜੋਂ ਮੌਕਾ ਦਿੱਤਾ ਸੀ ਪਰ ਇੱਕ ਸਾਲ ਦੇ ਕਾਰਜਕਾਲ ਵਿੱਚ ਹੀ ਲੋਕਾਂ ਨੂੰ ਇਹਨਾਂ ਦਾ ਅਸਲੀ ਚਿਹਰਾ ਨਜ਼ਰ ਆ ਗਿਆ ਹੈ।
ਉਨ੍ਹਾਂ ਕਿਹਾ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ, ਆਉਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਟਰਨਿੰਗ ਪਵਾਇੰਟ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਯੋਜਨਾਵਾਂ ਅਤੇ ਨੀਤੀਆਂ ਨੂੰ ਚੰਗੀ ਤਰ੍ਹਾਂ ਦੇਖ ਅਤੇ ਸਮਝ ਚੁੱਕੇ ਹਨ। ਅਜਿਹੇ ਵਿੱਚ ਪੰਜਾਬ ਦੇ ਲੋਕ ਹੁਣ ਭਾਰਤੀ ਜਨਤਾ ਪਾਰਟੀ ਨੂੰ ਬਦਲ ਵਜੋਂ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਲੋਕ ਸਭਾ ਉਪ ਚੋਣ ਜਿੱਤ ਜਾਂਦੇ ਹਨ ਤਾਂ ਜਲੰਧਰ ਅਤੇ ਪੰਜਾਬ ਦਾ ਵਿਕਾਸ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਹੀਂ ਦਿੱਤਾ, ਸਗੋਂ ਕਾਂਗਰਸ, ਅਕਾਲੀ ਦਲ ਅਤੇ ਹੋਰ ਸਾਰੀਆਂ ਪਾਰਟੀਆਂ ਨੂੰ ਨਕਾਰ ਦਿੱਤਾ ਹੈ। ਅਜਿਹੇ ‘ਚ ਉਨ੍ਹਾਂ ਨੇ ਬਦਲਾਅ ਦੇ ਰੂਪ ‘ਚ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਸੀ, ਪਰ ਇਕ ਸਾਲ ਦੇ ਕਾਰਜਕਾਲ ‘ਚ ਹੀ ਲੋਕਾਂ ਨੇ ਉਨ੍ਹਾਂ ਦਾ ਅਸਲੀ ਚਿਹਰਾ ਦੇਖ ਲਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਤਾਂ ਹਾਸਲ ਕੀਤੀ, ਪਰ ਹੁਣ ਉਹ ਵਾਅਦੇ ਪੂਰੇ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਖਤਮ ਕਰਨ ਦਾ ਵਾਅਦਾ, ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ, ਜੋ ਅਜੇ ਤੱਕ ਪੂਰਾ ਨਹੀਂ ਹੋਇਆ।
ਕੇਂਦਰੀ ਮੰਤਰੀ ਪੁਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਵੀ ਹੁਣ ਸਮਝ ਚੁੱਕੇ ਹਨ ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਦਾ ਹੋਣਾ ਬਹੁਤ ਜ਼ਰੂਰੀ ਹੈ। ਹਰਦੀਪ ਪੁਰੀ ਨੇ ਕਿਹਾ ਕਿ ਲੋਕ ਸਭਾ ਜ਼ਿਮਨੀ ਚੋਣ ਵਿੱਚ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਜੇਤੂ ਬਣਾ ਕੇ ਹੀ ਜਲੰਧਰ ਦਾ ਵਿਕਾਸ ਸੰਭਵ ਹੋਵੇਗਾ। ਇਸ ਮੌਕੇ ਭਾਜਪਾ ਦੇ ਕੌਮੀ ਸਕੱਤਰ ਤੇ ਪੰਜਾਬ ਦੇ ਸਹਿ ਇੰਚਾਰਜ ਡਾ.  ਨਰਿੰਦਰ ਸਿੰਘ ਰੈਨਾ, ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ.ਸਿੰਘ, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਸੂਬਾਈ ਬੁਲਾਰੇ ਅਨਿਲ ਸਰੀਨ, ਸੂਬਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ ਆਦਿ ਵੀ ਹਾਜ਼ਰ ਸਨI
ਕਿਸਾਨ ਬਚਾਓ ਮੋਰਚਾ ਦੇ ਲਖਵਿੰਦਰ ਸਿੰਘ ਸਾਥੀਆਂ ਸਮੇਤ ਭਾਜਪਾ ਵਿੱਚ ਹੋਏ ਸ਼ਾਮਲ।
ਜਲੰਧਰ, : ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਿਸਾਨ ਬਚਾਓ ਮੋਰਚਾ ਪੰਜਾਬ ਦੇ ਪ੍ਰਧਾਨ ਲਖਵਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਗੌਰਤਲਬ ਹੈ ਕਿ ਦੇਸ਼ ਭਰ ਦੇ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਇੱਕਜੁੱਟ ਹੋਏ ਸਨ, ਜਿਸ ਦੌਰਾਨ ਪੰਜਾਬ ਦੇ ਕਿਸਾਨਾਂ ਨੇ ਵੀ ਭਾਜਪਾ ਦਾ ਸਖ਼ਤ ਵਿਰੋਧ ਕੀਤਾ ਸੀ। ਕਿਸਾਨ ਬਚਾਓ ਮੋਰਚਾ ਵੀ ਉਨ੍ਹਾਂ ਵਿੱਚੋਂ ਇੱਕ ਸੀ। ਇਸ ਮੌਕੇ ਲਖਵਿੰਦਰ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਲੜਦੇ ਰਹੇ ਹਾਂ, ਪਰ ਅਸੀਂ ਮਹਿਸੂਸ ਕੀਤਾ ਕਿ ਪੰਜਾਬ ਦੇ ਹੱਕਾਂ ਦੀ ਗੱਲ ਕਰਨ ਲਈ ਭਾਰਤੀ ਜਨਤਾ ਪਾਰਟੀ ਦਾ ਪਲੇਟਫਾਰਮ ਸਭ ਤੋਂ ਉੱਤਮ ਹੈ। ਉਹ ਪੰਜਾਬ ਦੇ ਹਿੱਤ ਅਤੇ ਤਰੱਕੀ ਲਈ ਭਾਜਪਾ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਭਾਰਤੀ ਜਨਤਾ ਪਾਰਟੀ ਨਾਲ ਇਮਾਨਦਾਰੀ ਨਾਲ ਕੰਮ ਕਰੇਗੀ ਅਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਅਤੇ ਨੀਤੀਆਂ ਨੂੰ ਪਿੰਡਾਂ ਵਿੱਚ ਲੋਕਾਂ ਤੱਕ ਖਾਸ ਕਰਕੇ ਕਿਸਾਨਾਂ ਤੱਕ ਲੈ ਕੇ ਜਾਵੇਗੀ ਅਤੇ ਉਹਨਾਂ ਨੂੰ ਉਹਨਾਂ ਸੰਬੰਧੀ ਜਾਗਰੁਕ ਕਰੇਗੀ।
ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਇਸ ਮੌਕੇ ਲਖਵਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਭਾਜਪਾ ‘ਚ ਸਵਾਗਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ‘ਚ ਸਾਰਿਆਂ ਨੂੰ ਬਣਦਾ ਮਾਣ-ਸਤਿਕਾਰ ਅਤੇ ਬਰਾਬਰ ਦੇ ਮੌਕੇ ਮਿਲਦੇ ਹਨI ਭਾਜਪਾ ਪਰਿਵਾਰ ਬਹੁਤ ਵੱਡਾ ਹੈ, ਇਸ ਲਈ ਕਈ ਵਾਰ ਦੇਰੀ ਹੋ ਜਾਂਦੀ ਹੈ, ਪਰ ਜੋ ਭਾਜਪਾ ਲਈ ਸਮਰਪਿਤ ਹੋ ਕੇ ਕੰਮ ਕਰਦਾ ਹੈ, ਉਸ ਨੂੰ ਇਸ ਦਾ ਫਲ ਜ਼ਰੂਰ ਮਿਲਦਾ ਹੈ।
ਉਨ੍ਹਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਖੇਤੀ ਕਾਨੂੰਨ ਬਾਰੇ ਗੱਲ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੇ ਹਿੱਤ ਵਿੱਚ ਖੇਤੀ ਕਾਨੂੰਨ ਬਣਾਏ ਸਨ। ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਭ ਤੋਂ ਪਹਿਲਾਂ ਖੇਤੀ ਕਾਨੂੰਨ ਦੀ ਤਾਰੀਫ਼ ਕਰਦਿਆਂ ਵਿਧਾਨ ਸਭਾ ਵਿੱਚ ਇਸ ਨੂੰ ਪਾਸ ਕੀਤਾ ਸੀ। ਭਾਜਪਾ ਦੀ ਭਾਈਵਾਲ ਸ਼੍ਰੋਮਣੀ ਅਕਾਲੀ ਦਲ (ਬਾ) ਨੇ ਵੀ ਉਦੋਂ ਇਸ ਦੀ ਕਾਫੀ ਤਾਰੀਫ ਕੀਤੀ ਸੀ, ਪਰ ਬਾਅਦ ਵਿਚ ਇਸ ਦਾ ਸਿਆਸੀਕਰਨ ਹੋ ਗਿਆ ਅਤੇ ਸਾਰੇ ਵਿਰੋਧ ‘ਤੇ ਉਤਰ ਆਏ। ਬਾਅਦ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨ ਵਾਪਸ ਲੈ ਲਏ ਸਨ।

Leave a Reply

Your email address will not be published.

Back to top button