ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਬਿਜਲੀ ਮਹਿੰਗੀ ਹੋ ਗਈ ਹੈ। ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਵਿੱਤੀ ਸਾਲ 2024-25 ਲਈ ਨਵੇਂ ਟੈਰਿਫ ਚਾਰਜ ਨਿਰਧਾਰਤ ਕੀਤੇ ਹਨ। ਇਸ ਅਨੁਸਾਰ ਘਰੇਲੂ ਦਰਾਂ ਵਿੱਚ 10 ਤੋਂ 12 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਿਕ ਲਈ 15 ਪੈਸੇ ਦਾ ਵਾਧਾ ਕੀਤਾ ਗਿਆ ਹੈ। ਟਿਊਬਵੈੱਲ ਕੁਨੈਕਸ਼ਨ ਲਈ ਬਿਜਲੀ ਦਰਾਂ ਵਿੱਚ 15 ਪੈਸੇ ਦਾ ਵਾਧਾ ਕੀਤਾ ਗਿਆ ਹੈ। ਨਵੇਂ ਹੁਕਮ ਪੰਜਾਬ ਵਿੱਚ 16 ਜੂਨ ਤੋਂ ਲਾਗੂ ਹੋਣਗੇ। ਇਹ ਹੁਕਮ ਇੱਕ ਸਾਲ ਲਈ ਰਹਿਣਗੇ। ਇਸ ਦੌਰਾਨ ਸਾਰੀਆਂ ਸ਼੍ਰੇਣੀਆਂ ਦੀਆਂ ਦਰਾਂ ਵਿੱਚ ਬਦਲਾਅ ਹੋਵੇਗਾ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਹਰ ਪਰਿਵਾਰ ਨੂੰ ਇੱਕ ਮਹੀਨੇ ਵਿੱਚ 300 ਯੂਨਿਟ ਤੇ ਦੋ ਮਹੀਨਿਆਂ ਵਿੱਚ 600 ਯੂਨਿਟ ਮੁਫ਼ਤ ਬਿਜਲੀ ਮਿਲਦੀ ਹੈ। ਜੇ ਕੋਈ ਪਰਿਵਾਰ 600 ਯੂਨਿਟ ਤੋਂ ਵੱਧ ਬਿਜਲੀ ਦੀ ਖਪਤ ਕਰਦਾ ਹੈ ਤਾਂ ਉਸ ਤੋਂ ਪੂਰਾ ਬਿੱਲ ਵਸੂਲਿਆ ਜਾਂਦਾ ਹੈ।
ਬਿਜਲੀ ਦਰਾਂ ‘ਚ ਵਾਧਾ ਕਰਕੇ ‘ਆਪ’ ਸਰਕਾਰ ਨੇ ਪੰਜਾਬੀਆਂ ਨਾਲ ਭੱਦਾ ਮਜ਼ਾਕ ਕੀਤਾ : ਸੁਖਬੀਰ ਸਿੰਘ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪਾਰਲੀਮਾਨੀ ਚੋਣਾਂ ਖਤਮ ਹੋਣ ਤੋਂ ਬਾਅਦ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ ਵਾਧਾ ਕਰ ਕੇ ਪੰਜਾਬੀਆਂ ਨਾਲ ਭੱਦਾ ਮਜ਼ਾਕ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਇਹ ਵਾਧਾ ਤੁਰੰਤ ਵਾਪਸ ਲਿਆ ਜਾਵੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਇਕ ਪਾਰਟੀ ਜੋ ਲਗਾਤਾਰ ਇਹ ਦਾਅਵਾ ਕਰਦੀ ਆ ਰਹੀ ਸੀ ਕਿ ਉਹ ਘਰੇਲੂ ਤੇ ਉਦਯੋਗਿਕ ਦੋਵੇਂ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ ਕਟੌਤੀ ਕਰੇਗੀ ਨੇ ਉਸ ‘ਤੇ ਵਿਸ਼ਵਾਸ ਕਰਨ ਲਈ ਪੰਜਾਬੀਆਂ ਨੂੰ ਸਜ਼ਾ ਦਿੱਤੀ ਹੈ ਤੇ ਦੋਵਾਂ ਵਰਗਾਂ ਲਈ ਬਿਜਲੀ ਦਰਾਂ ਵਿਚ ਚੋਖਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ‘ਬਦਲਾਅ’ ਦੇ ਨਾਮ ‘ਤੇ ਇਹ ਧੋਖਾ ਕਿਉਂ ਕੀਤਾ ਅਤੇ ਆਮ ਆਦਮੀ ਦੀ ਜੇਬ ਵਿਚ ਸੰਨ ਕਿਉਂ ਲਾਈ ਜਦੋਂ ਗਰਮੀ ਕਾਰਣ ਬਿਜਲੀ ਖਪਤ ਸਿਖ਼ਰਾਂ ‘ਤੇ ਹੈ।