
ਫਿਲਮੀ ਅਦਾਕਾਰਾ ਤੇ ਕਿਸਾਨ ਮੋਰਚੇ ਦਾ ਅਹਿਮ ਹਿੱਸਾ ਰਹੀ ਸੋਨੀਆ ਮਾਨ ਨੇ ਜਾਟ ਮਹਾਂ ਸਭਾ ਇਸਤਰੀ ਯੂਥ ਵਿੰਗ ਪੰਜਾਬ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਇਸ ਅਸਤੀਫੇ ਸਬੰਧੀ ਜਾਣਕਾਰੀ ਦਿੰਦਿਆਂ ਸੋਨੀਆ ਮਾਨ ਨੇ ਦੱਸਿਆ ਕਿ ਮੈਂ ਮਹਾਂ ਸਭਾ ਨੂੰ ਹਰਿਆਣਾ ਦੇ ਬਾਰਡਰਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਘੋਲ ਵਿਚ ਸ਼ਾਮਲ ਹੋਣ ਲਈ ਕਿਹਾ ਸੀ, ਪਰ ਉਨ੍ਹਾਂ ਦਾ ਕਹਿਣਾ ਸੀ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੇ ਨਾਲ ਹਨ ਤੇ ਇਸ ਸੰਘਰਸ਼ ਵਿਚ ਸ਼ਾਮਲ ਨਹੀਂ ਹੋ ਸਕਦੇ।
ਸੋਨੀਆ ਮਾਨ ਨੇ ਕਿਹਾ ਕਿ ਇਸ ਤੋਂ ਦੁੱਖੀ ਹੋ ਕੇ ਮੈਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਕਿਸਾਨਾਂ ਦੇ ਸੰਘਰਸ਼ ਨਾਲ ਚੱਲਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸਵ: ਬਲਦੇਵ ਸਿੰਘ ਮਾਨ ਸਾਰੀ ਜ਼ਿੰਦਗੀ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਤੇ ਦੱਬੇ ਕੁਚਲੇ ਲੋਕਾਂ ਦੀ ਲੜਾਈ ਲੜਦੇ ਹੋਏ ਸ਼ਹੀਦ ਹੋਏ ਸਨ ਤੇ ਸੰਘਰਸ਼ ਉਨ੍ਹਾਂ ਨੂੰ ਵਿਰਸੇ ਵਿਚ ਮਿਲਿਆ। ਉਹ ਇਸ ਤੋਂ ਪ੍ਰਭਾਵਿਤ ਹੋ ਕੇ ਜਾਟ ਮਹਾਂ ਸਭਾ ਨਾਲ ਸਵਰਗੀ ਦਾਰਾ ਸਿੰਘ ਕਰਕੇ ਜੁੜੇ ਸਨ। ਅੱਜ ਜਦੋਂ ਕਿਸਾਨਾਂ ਨੂੰ ਸਾਡੀ ਸਭ ਤੋਂ ਜ਼ਿਆਦਾ ਜਰੂਰਤ ਹੈ ਤਾਂ ਉਸ ਵੇਲੇ ਉਨ੍ਹਾਂ ਨੂੰ ਉਸ ਸੰਘਰਸ਼ ਵਿਚ ਸ਼ਾਮਲ ਹੋਣ ਲਈ ਰੋਕਿਆ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਵੱਲੋਂ ਜਾਟ ਮਹਾਂ ਸਭਾ ਪੰਜਾਬ ਦੇ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਨੂੰ ਚਿੱਠੀ ਲਿਖ ਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।