ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਸਰਕਾਰ ‘ਤੇ ਸਿੱਖ ਆਗੂ ਦੇ ਕਤਲ ਦਾ ਦੋਸ਼ ਲਾਇਆ ਹੈ। ਟਰੂਡੋ ਨੇ ਸੋਮਵਾਰ ਨੂੰ ਕੈਨੇਡੀਅਨ ਪਾਰਲੀਮੈਂਟ ਨੂੰ ਦੱਸਿਆ ਕਿ ਭਾਰਤੀ ਸਰਕਾਰੀ ਏਜੰਟਾਂ ਨੇ ਜੂਨ ਮਹੀਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਚ ਸਿੱਖ ਭਾਈਚਾਰੇ ਦੇ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਰ ਦਿੱਤੀ ਸੀ।
ਟਰੂਡੋ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ 9-10 ਸਤੰਬਰ ਨੂੰ ਭਾਰਤ ਵਿਚ ਹੋਈ ਜੀ-20 ਮੀਟਿੰਗ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਹ ਮੁੱਦਾ ਉਠਾਇਆ ਸੀ। ਉਨ੍ਹਾਂ ਦੱਸਿਆ ਕਿ ਉਹ ਕੈਨੇਡਾ ਸਰਕਾਰ ਨੂੰ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਅਜਿਹੇ ਦੋਸ਼ ਲਗਾ ਰਹੇ ਹਨ। ਇਸ ਦੇ ਨਾਲ ਹੀ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਨੇ ਦੱਸਿਆ ਕਿ ਕੈਨੇਡਾ ਦੀ ਸਰਕਾਰ ਨੇ ਇਕ ਭਾਰਤੀ ਡਿਪਲੋਮੈਟ ਨੂੰ ਬਰਖਾਸਤ ਕਰ ਦਿੱਤਾ ਹੈ, ਜੋ ਕੈਨੇਡਾ ਵਿਚ ਭਾਰਤੀ ਖੁਫੀਆ ਏਜੰਸੀ ਦਾ ਮੁਖੀ ਸੀ।