
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਵੱਖਰਾ ਸ਼ੈਲਟਰ ਹੋਮ ਸਥਾਪਤ ਕਰਨ ਲਈ ਤਜਵੀਜ਼ ਤਿਆਰ ਕਰਨ ਦੇ ਨਿਰਦੇਸ਼
ਜਲੰਧਰ, ਐਚ ਐਸ ਚਾਵਲਾ।
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਬਾਲ ਭਲਾਈ ਕਮੇਟੀ ਨੂੰ ਬਾਲ ਅਧਿਕਾਰਾਂ ਦੀ ਰੱਖਿਆ ਲਈ ਪ੍ਰਭਾਵਸ਼ਾਲੀ ਢੰਗ ਨਾਲ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।
ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤਿਮਾਹੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਬਾਲ ਭਲਾਈ ਕਮੇਟੀ ਦਾ ਉਦੇਸ਼ ਲੋੜਵੰਦ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਉਨ੍ਹਾਂ ਨੂੰ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਬਾਲ ਭਲਾਈ ਕਮੇਟੀ ਬੱਚਿਆਂ ਦੀਆਂ ਮੁੱਢਲੀਆਂ ਲੋੜਾਂ ਦੀ ਪੂਰੀਆਂ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਦੇਖਭਾਲ, ਸੁਰੱਖਿਆ, ਇਲਾਜ, ਵਿਕਾਸ ਅਤੇ ਮੁੜ ਵਸੇਬੇ ਸਬੰਧੀ ਕੇਸਾਂ ਦਾ ਨਿਪਟਾਰਾ ਕਰਨ ਲਈ ਵੀ ਅੰਤਿਮ ਅਥਾਰਟੀ ਹੈ।
ਡਿਪਟੀ ਕਮਿਸ਼ਨਰ ਨੇ ਬਾਲ ਭਲਾਈ ਕਮੇਟੀ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਵੱਖਰਾ ਸ਼ੈਲਟਰ ਹੋਮ ਸਥਾਪਤ ਕਰਨ ਲਈ ਵਿਸਥਾਰਿਤ ਤਜਵੀਜ਼ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਢੁੱਕਵੀਂ ਦੇਖਭਾਲ ਕੀਤੀ ਜਾ ਸਕੇ। ਬਾਲ ਭਲਾਈ ਸਕੀਮਾਂ ਵਿੱਚ ਗੈਰ ਸਰਕਾਰੀ ਸੰਸਥਾਵਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਇਸ ਪ੍ਰਸਤਾਵ ਨੂੰ ਮਨਜ਼ੂਰੀ ਲਈ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਭੇਜਣ ਦੇ ਨਿਰਦੇਸ਼ ਵੀ ਦਿੱਤੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਗਿਆ ਕਿ ਬਾਲ ਭਲਾਈ ਕਮੇਟੀ ਵੱਲੋਂ ਪਿਛਲੀ ਤਿਮਾਹੀ ਭਾਵ ਜੁਲਾਈ ਤੋਂ ਸਤੰਬਰ 2022 ਦੌਰਾਨ ਬੱਚਿਆਂ ਦੀ ਕਸਟਡੀ, ਮੁੜ ਵਸੇਬੇ, ਸੁਰੱਖਿਆ, ਸ਼ੈਲਟਰ ਨਾਲ ਸਬੰਧਤ ਕੁੱਲ 38 ਕੇਸਾਂ ਦਾ ਨਿਪਟਾਰਾ ਕੀਤਾ ਹੈ ਜਦਕਿ ਕਮੇਟੀ ਪਾਸ 33 ਕੇਸ ਲੰਬਿਤ ਪਏ ਹਨ, ਜਿਨ੍ਹਾਂ ਦੀ ਨਿਯਮਿਤ ਸੁਣਵਾਈ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਗੋਦ ਲੈਣ ਦੇ ਮਾਮਲਿਆਂ ਬਾਰੇ ਵੀ ਚਰਚਾ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ, ਸੀ.ਡਬਲਯੂ.ਸੀ. ਦੇ ਚੇਅਰਮੈਨ ਜੇ.ਕੇ.ਗੁਲਾਟੀ, ਲੀਗਲ ਪ੍ਰੋਬੇਸ਼ਨ ਅਫ਼ਸਰ ਸੰਦੀਪ ਕੁਮਾਰ, ਡੀ.ਆਈ.ਓ. ਡਾ.ਰਾਕੇਸ਼ ਚੋਪੜਾ, ਡੀ.ਐਸ.ਪੀ ਹਰਜੀਤ ਸਿੰਘ, ਕਮੇਟੀ ਦੇ ਮੈਂਬਰ, ਸਮਾਜ ਸੇਵੀ ਅਤੇ ਸਰਕਾਰੀ ਵਿਭਾਗਾਂ ਦੇ ਨੁਮਾਇੰਦੇ ਵੀ ਮੌਜੂਦ ਸਨ।