ਸੁਪਰੀਮ ਕੋਰਟ ਦੀ ਸਖ਼ਤੀ ਤੋਂ ਬਾਅਦ ਸਰਕਾਰ ਵੀ ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਐਕਸ਼ਨ ਮੋਡ ਵਿੱਚ ਆ ਗਈ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਕਾਮਯਾਬ ਨਾ ਹੋਣ ਕਾਰਨ ਡੀਜੀਪੀ ਵੱਲੋਂ 11 ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਬਰਨਾਲਾ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫ਼ਿਰੋਜ਼ਪੁਰ, ਲੁਧਿਆਣਾ, ਮੋਗਾ, ਮੁਕਤਸਰ, ਸੰਗਰੂਰ, ਜਗਰਾਉਂ ਅਤੇ ਖੰਨਾ ਸ਼ਾਮਲ ਹਨ।
ਨੋਟਿਸ ਵਿੱਚ ਪੁੱਛਿਆ ਗਿਆ ਹੈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਨਾ ਹੋਣ ਦਾ ਕੀ ਕਾਰਨ ਹੈ। ਇਸ ‘ਤੇ ਹੁਣ ਤੱਕ ਕੀ ਕਾਰਵਾਈ ਹੋਈ ਹੈ? ਸਾਰਿਆਂ ਨੂੰ ਸੋਮਵਾਰ ਤੱਕ ਆਪਣਾ ਜਵਾਬ ਦਾਇਰ ਕਰਨਾ ਹੋਵੇਗਾ। ਹੁਣ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਬੰਧੀ ਪੁਲਿਸ ਵੱਲੋਂ 825 ਕੇਸ ਦਰਜ ਕੀਤੇ ਜਾ ਚੁੱਕੇ ਹਨ।
ਸਰਕਾਰ ਨੇ ਕੁਝ ਸਮਾਂ ਪਹਿਲਾਂ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਮੈਦਾਨ ਵਿੱਚ ਉਤਾਰਿਆ ਸੀ। ਨਾਲ ਹੀ ਸਾਰਾ ਪੰਜਾਬ ਚੱਕਰਾਂ ਵਿੱਚ ਵੰਡਿਆ ਗਿਆ। ਪਰ ਇਸ ਤੋਂ ਬਾਅਦ ਵੀ ਅੱਗਜ਼ਨੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅਜਿਹੇ ਵਿੱਚ ਹੁਣ ਡੀਜੀਪੀ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ।