ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਸਮਾਪਤ
ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਸਮਾਪਤ

SGPC ਮੈਂਬਰ ਮਨਜੀਤ ਸਿੰਘ ਨੇ ਕਿਹਾ ,”ਗਿਆਨੀ ਹਰਪ੍ਰੀਤ ਸਿੰਘ ਸੱਚ ਬੋਲਣ ਦੀ ਸਜ਼ਾ ਮਿਲੀ”
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਬੰਧ ਵਿਚ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਹੈ। ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਜਾਂਚ ਕਮੇਟੀ ਦੀ ਰਿਪੋਰਟ ’ਤੇ ਬਹੁਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਹੈ।
ਕੇਵਲ ਤਿੰਨ ਮੈਂਬਰਾਂ ਨੇ ਇਸ ਸਬੰਧ ਵਿਚ ਆਪਣਾ ਵਿਰੋਧੀ ਨੋਟ ਦਰਜ ਕਰਵਾਇਆ, ਜਦਕਿ ਬਾਕੀ ਹਾਜ਼ਰ ਅੰਤਿ੍ਰੰਗ ਕਮੇਟੀ ਮੈਂਬਰਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਾਂਚ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਫਾਰਗ ਕਰਨ ਬਾਰੇ ਸਹਿਮਤੀ ਪ੍ਰਗਟਾਈ। ਉਨ੍ਹਾਂ ਦੱਸਿਆ ਕਿ ਜਾਂਚ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਲੱਗੇ ਦੋਸ਼ ਸਾਬਤ ਹੋਣ ਅਤੇ ਤਖ਼ਤ ਸਾਹਿਬ ਦੀ ਮਾਣ ਮਰਯਾਦਾ ਨੂੰ ਠੇਸ ਪਹੁੰਚਾਉਣ ਕਾਰਨ ਅੰਤ੍ਰਿੰਗ ਕਮੇਟੀ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਪ੍ਰਤਾਪ ਸਿੰਘ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਫਿਲਹਾਲ ਆਪਣੇ ਕੰਮ ਦੇ ਨਾਲ-ਨਾਲ ਜਥੇਦਾਰ ਦੇ ਅਧਿਕਾਰ ਖੇਤਰ ਵਾਲੀਆਂ ਸੇਵਾਵਾਂ ਕਾਰਜਕਾਰੀ ਤੌਰ ’ਤੇ ਸੌਂਪੀਆਂ ਗਈਆਂ ਹਨ।
ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਐਸਜੀਪੀਸੀ ਦੀ ਕਾਰਵਾਈ ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਹੋਇਆ ਐਸਜੀਪੀਸੀ ਮੈਂਬਰ ਮਨਜੀਤ ਸਿੰਘ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਨੇ ਕਿਹਾ ਸੀ ਕਿ ਤੁਸੀਂ ਇਸ ਮਾਮਲੇ ਦੀ ਜਾਂਚ ਨਹੀਂ ਕਰ ਸਕਦੇ, ਪਰ ਇਕ ਪਰਿਵਾਰ ਨੂੰ ਖੁਸ਼ ਕਰਨ ਵਾਸਤੇ ਐਸਜੀਪੀਸੀ ਵਾਲਿਆਂ ਨੇ ਇਹ ਫ਼ੈਸਲਾ ਕੀਤਾ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਸੱਚ ਬੋਲਣ ਦੀ ਸਜ਼ਾ ਮਿਲੀ।
ਮਨਜੀਤ ਸਿੰਘ ਨੇ ਕਿਹਾ ਕਿ ਬਾਦਲਾਂ ਨੂੰ ਹਮੇਸ਼ਾਂ ਹੀ ਸੱਚ ਚੁਭਦਾ ਰਿਹਾ ਹੈ ਅਤੇ ਸੱਚ ਨਾਲ ਉਹ ਕਦੇ ਨਹੀਂ ਖੜ੍ਹੇ। ਉਨ੍ਹਾਂ ਦੋਸ਼ ਲਾਇਆ ਕਿ ਬਾਦਲਾਂ ਦੇ ਵਲੋਂ ਅਕਾਲ ਤਖ਼ਤ ਸਾਹਿਬ ਦੇ ਨਾਲ ਮੱਥਾ ਲਾਇਆ ਹੈ, ਜਿਸ ਦੀ ਸਜ਼ਾ ਉਨ੍ਹਾਂ ਨੂੰ ਭੁਗਤਣੀ ਪਵੇਗੀ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਬਾਦਲਾਂ ਦਾ ਜਿਵੇਂ ਹੁਕਮ ਹੁੰਦਾ ਹੈ, ਐਸਜੀਪੀਸੀ ਨੇ ਉਵੇਂ ਫ਼ੈਸਲਾ ਕਰਨਾ ਹੁੰਦਾ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਅਕਾਲ ਤਖਤ ਸਾਹਿਬ ਤੋਂ ਭਗੌੜਿਆਂ (ਬਾਦਲਾਂ) ਦਾ ਹੁਣ ਵੱਖਰਾ ਗਰੁੱਪ ਹੋ ਜਾਵੇਗਾ