
ਵਿਜੀਲੈਂਸ ਬਿਊਰੋ ਨੇ ਤਰਨਤਾਰਨ ਜ਼ਿਲ੍ਹੇ ਦੀ ਸਬ ਤਹਿਸੀਲ ਝਬਾਲ ਵਿਖੇ ਤਾਇਨਾਤ ਪਟਵਾਰੀ ਅਭੀਜੋਤ ਸਿੰਘ ਤੇ ਤਹਿਸੀਲਦਾਰ ਦੇ ਰੀਡਰ ਗੁਰਵਿੰਦਰ ਸਿੰਘ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿਫ਼ਤਾਰ ਕੀਤਾ ਹੈ। ਮੁਲਜ਼ਮ ਪਟਵਾਰੀ ਅਤੇ ਰੀਡਰ ਨੂੰ ਅਵਤਾਰ ਸਿੰਘ ਵਾਸੀ ਪਿੰਡ ਸਵਰਗਾਪੁਰੀ ਜ਼ਿਲ੍ਹਾ ਤਰਨਤਾਰਨ ਦੀ ਸ਼ਿਕਾਇਤ ‘ਤੇ ਗਿ੍ਫਤਾਰ ਕੀਤਾ ਗਿਆ।
ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਅਵਤਾਰ ਸਿੰਘ ਨੇ ਵਿਜੀਲੈਂਸ ਬਿਊਰੋ ਅੰਮਿ੍ਤਸਰ ਰੇਂਜ ਦੇ ਤਰਨਤਾਰਨ ਯੂਨਿਟ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਟਵਾਰੀ ਤੇ ਰੀਡਰ ਨੇ ਝਬਾਲ ਦੇ ਤਹਿਸੀਲਦਾਰ ਵੱਲੋਂ 25 ਮਈ ਨੂੰ ਮੁਸ਼ਤਰਕਾ ਖਾਤਾ (ਸਾਂਝੇ ਖਾਤੇ) ਜ਼ਮੀਨ ਦੇ ਮਾਮਲੇ ਵਿਚ ਪਾਸ ਕੀਤੇ ਹੁਕਮਾਂ ਦੇ ਅਮਲ ਨੂੰ ਇਕ ਮਹੀਨੇ ਲਈ ਰੋਕਣ ਬਦਲੇ ਉਸ ਤੋਂ 1 ਲੱਖ ਰੁਪਏ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਗੁਰਮੇਜ ਸਿੰਘ ਤੇ ਪਲਵਿੰਦਰ ਸਿੰਘ ਨੇ 2019 ਵਿਚ ਤਹਿਸੀਲਦਾਰ ਝਬਾਲ ਦੇ ਦਫਤਰ ਵਿਖੇ 68 ਕਨਾਲ ਸਾਂਝੇ ਖਾਤੇ ਵਾਲੀ ਜ਼ਮੀਨ ਦੀ ਤਕਸੀਮ ਲਈ ਦਰਖ਼ਾਸਤ ਦਿੱਤੀ ਸੀ ਤੇ ਇਸ ਮਾਮਲੇ ਵਿਚ ਉਸ ਦਾ ਪੱਖ ਸੁਣੇ ਬਿਨਾਂ ਤਹਿਸੀਲਦਾਰ ਨੇ 25 ਮਈ ਨੂੰ ਗੁਰਮੇਜ ਸਿੰਘ ਤੇ ਹੋਰਨਾਂ ਦੇ ਹੱਕ ‘ਚ ਫ਼ੈਸਲਾ ਕਰ ਦਿੱਤਾ।