
ਗੁਰਦਾਸਪੁਰ ਜ਼ਿਲ੍ਹੇ ਵਿੱਚ ਉਝ ਤੇ ਰਵੀ ਦਰਿਆ ਵਿੱਚ ਪਾਣੀ ਦਾ ਪੱਧਰ ਕਾਫ਼ੀ ਤਬਾਹੀ ਮਚਾ ਰਿਹਾ ਹੈ। ਧੁੱਸੀ ਬੰਨ੍ਹ ਟੁੱਟਣ ਨਾਲ ਡੇਰਾ ਬਾਬਾ ਨਾਨਕ ਦੇ ਨੇੜੇ ਕਰਤਾਰਪੁਰ ਕਾਰੀਡੋਰ ਦੇ ਰਸਤੇ ‘ਤੇ ਰਾਵੀ ਦਰਿਆ ਦਾ ਪਾਣੀ ਭਰ ਗਿਆ ਹੈ। ਅਜਿਹੇ ਵਿੱਚ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਜਾਣ ‘ਤੇ ਫਿਲਹਾਲ ਰੋਕ ਲਗਾ ਦਿੱਤੀ ਗਈ ਹੈ। ਪਾਕਿਸਤਾਨ ਵੱਲੋਂ ਰਾਵੀ ਦਰਿਆ ਦੇ ਪਾਣੀ ਦਾ ਵਹਾਅ ਕਰਤਾਰਪੁਰ ਕਾਰੀਡੋਰ ਦੇ ਨਾਲ ਧੁੱਸੀ ਬੰਨ੍ਹ ਤੱਕ ਆ ਜਾਣ ਦੇ ਕਾਰਨਾਂ ਬਾਰੇ ਪਤਾ ਲਗਾਇਆ ਜਾ ਰਿਹਾ ਹੈ। ਸਰਕਾਰ ਪਾਕਿਸਤਾਨੀ ਅਥਾਰਟੀ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੇ ਰਸਤੇ ਵਿੱਚ ਪੈਣ ਵਾਲੇ ਰਾਵੀ ਦੇ ਪਾਣੀ ‘ਤੇ ਰਿਪੋਰਟ ਲੈ ਰਹੀ ਹੈ।

ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਦੇ ਬਾਵਜੂਦ ਡੇਰਾ ਬਾਬਾ ਨਾਨਕ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਕੋਈ ਖਤਰਾ ਨਹੀਂ ਹੈ ਤੇ ਇਹ ਪੂਰੀ ਤਰ੍ਹਾਂ ਸੁਰੱਖਿਅਤ ਹੈ।