ਪੰਜਾਬ ਪ੍ਰਦੇਸ਼ ਕਾਂਗਰਸ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ‘ਆਪ’ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਐਸ ਵਾਈ ਐਲ ਦੇ ਮੁੱਦੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਦੌਰਾਨ ਨਵਜੋਤ ਸਿੱਧੂ ਨੇ ਆਪਣੀ ਭੜਾਸ ਕੱਢੀ। ਉਨ੍ਹਾਂ ਰੇਤ ਮਾਫੀਆ ਨੂੰ ਲੈ ਕੇ ਵੀ ‘ਆਪ’ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਮੇਂ ਰੇਤ ਦੀਆਂ ਕੀਮਤਾਂ ਨੂੰ ਲੈ ਕੇ ਵਿਰੋਧ ਹੁੰਦਾ ਸੀ ਜਦਕਿ ਹੁਣ ਰੇਤ ਦੀਆਂ ਕੀਮਤਾਂ ਤਿੰਨ ਗੁਣਾ ਹੋ ਗਈਆਂ ਹਨ। ਸ਼ਰਾਬ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਦਿਆਂ ਵੀ ਉਨ੍ਹਾਂ ਤਿੱਖਾ ਨਿਸ਼ਾਨਾ ਸਾਧਿਆ।
ਸਿੱਧੂ ਨੇ ਕਿਹਾ ਕਿ ਲੋਕਾਂ ਨੂੰ ਝੂਠ ਬੋਲ ਕੇ ਮੂਰਖ ਬਣਾਇਆ ਜਾ ਰਿਹਾ ਹੈ। ਸਿੱਧੂ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦਾ ਕੁਝ ਨਹੀਂ ਕੀਤਾ। ਸਿੱਧੂ ਨੇ ਕਿਹਾ ਪੰਜਾਬ ਦੀ ਕਿਰਤ ਕੌਣ ਖਾ ਰਿਹਾ ਹੈ। ਪਤਾ ਲੱਗਣਾ ਚਾਹੀਦਾ ਹੈ ਕਿ ਪੰਜਾਬ ਨੂੰ ਕਰਜ਼ੇ ਹੇਠ ਕੌਣ ਲੈ ਕੇ ਜਾਂ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਜਲਦੀ ਤੋਂ ਜਲਦੀ ਗਰੀਬ ਲੋਕਾਂ ਦੇ ਆਯੁਸ਼ਮਾਨ ਕਾਰਡ ਬਣਾਏ ਜਾ ਰਹੇ ਹਨ। ਆਯੁਸ਼ਮਾਨ ਸਕੀਮ ਬਾਰੇ ਉਨ੍ਹਾਂ ਕਿਹਾ ਕਿ ਇਹ ਮੁਫਤ ਸਕੀਮ ਕੇਂਦਰ ਦੀ ਹੈ।