ਨੌਜਵਾਨ ਕਿਸਾਨ ਦੀ ਮੌਤ ਤੋਂ ਬਾਅਦ ਗੁੱਸੇ ਚ ਆਏ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਜਾਮ,ਪਰਿਵਾਰ ਵੱਲੋਂ ਸ਼ਹੀਦ ਦਾ ਦਰਜਾ, ਸਰਕਾਰੀ ਨੌਕਰੀ ਦੇਣ ਦੀ ਮੰਗ
National Highway by angry farmers after the death of a young farmer
ਦਿੱਲੀ ਵੱਲ ਕਿਸਾਨਾਂ ਦੇ ਕੂਚ ਦੌਰਾਨ ਖਨੌਰੀ ਬਾਰਡਰ ‘ਤੇ ਪੰਜਾਬ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਹੋਈ ਮੌਤ ‘ਤੇ ਗੁੱਸਾ ਜ਼ਾਹਰ ਕਰਦਿਆਂ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਜਲੰਧਰ ਤੋਂ ਫਿਲੌਰ ਵੱਲ ਜਾਣ ਵਾਲੇ ਸਤਲੁਜ ਦਰਿਆ ਦੇ ਨੇੜੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਨੂੰ ਦੋਵੇਂ ਪਾਸੇ ਤੋਂ ਜਾਮ ਕਰ ਦਿੱਤਾ ਜਿਸ ਕਾਰਨ ਹਾਈਵੇਅ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਹਾਲਾਂਕਿ ਕਿਸਾਨ ਫੌਜ, ਮਰੀਜ਼ਾਂ, ਵਿਦਿਆਰਥੀਆਂ ਆਦਿ ਦੇ ਵਾਹਨਾਂ ਨੂੰ ਛੋਟ ਦਿੱਤੀ ਜਾ ਰਹੀ ਹੈ।
ਜਥੇਦਾਰ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਖਨੌਰੀ ਸਰਹੱਦ ‘ਤੇ ਗੋਲੀਬਾਰੀ ‘ਚ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗਿਆਨੀ ਰਘਬੀਰ ਸਿੰਘ ਨੇ ਇਸ ਸਮੁੱਚੀ ਘਟਨਾ ਦੀ ਤੁਲਨਾ ਜਲ੍ਹਿਆਂਵਾਲਾ ਬਾਗ ਵਿੱਚ ਭਾਰਤੀਆਂ ’ਤੇ ਅੰਗਰੇਜ਼ਾਂ ਵੱਲੋਂ ਕੀਤੇ ਅੱਤਿਆਚਾਰ ਨਾਲ ਕੀਤੀ ਹੈ।
ਪਰਿਵਾਰ ਵੱਲੋਂ ਸ਼ੁਭਕਰਨ ਨੂੰ ਸ਼ਹੀਦ ਦਾ ਦਰਜਾ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ
ਕਿਸਾਨ ਅੰਦੋਲਨ ਦੌਰਾਨ ਖਨੌਰੀ ਪੰਜਾਬ ਹਰਿਆਣਾ ਬਾਰਡਰ ਉਤੇ ਗੋਲੀ ਦਾ ਸ਼ਿਕਾਰ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਉਨ੍ਹਾਂ ਦੇ ਘਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਗੱਲਬਾਤ ਲਈ ਪੁੱਜੇ। ਇਸ ਤੋਂ ਇਲਾਵਾ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ। ਪਰਿਵਾਰਕ ਮੈਂਬਰਾਂ ਦੀਆਂ ਮੰਗਾਂ ਪ੍ਰਸ਼ਾਸਨ ਵੱਲੋਂ ਜਲਦ ਮੰਨਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ।
ਮੰਗਾਂ ਲਾਗੂ ਕਰਾਉਣ ਲਈ ਦੁਬਾਰਾ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦੌਰਾਨ ਪੰਜਾਬ ਹਰਿਆਣਾ ਬਾਰਡਰ ਖਨੌਰੀ ਵਿੱਚ ਗੋਲੀ ਦਾ ਸ਼ਿਕਾਰ ਹੋਏ ਪਿੰਡ ਬੱਲੋ ਦੇ ਰਹਿਣ ਵਾਲੇ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਕਰਨ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਨ ਉਸ ਦੇ ਘਰ ਪਹੁੰਚਿਆ। ਨੌਜਵਾਨ ਦੀ ਮੌਤ ਕਾਰਨ ਜਿੱਥੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ, ਉੱਥੇ ਹੀ ਪਰਿਵਾਰ ਗਹਿਰੇ ਸਦਮੇ ਵਿੱਚ ਹੈ। ਦੋ ਭੈਣਾਂ ਦੇ ਇਕਲੌਤੇ ਭਰਾ ਤੇ ਤਿੰਨ ਏਕੜ ਤੋਂ ਘੱਟ ਜ਼ਮੀਨ ਦੇ ਮਾਲਕ ਸ਼ੁਭਕਰਨ ਸਿੰਘ ਉਤੇ ਲੱਖਾਂ ਰੁਪਏ ਦਾ ਕਰਜ਼ਾ ਸੀ।
ਪਰਿਵਾਰਕ ਮੈਂਬਰ ਬੂਟਾ ਸਿੰਘ ਦਾ ਕਹਿਣਾ ਹੈ ਕਿ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਉਤੇ ਜਿਸ ਤਰ੍ਹਾਂ ਹਰਿਆਣਾ ਸਰਕਾਰ ਵੱਲੋਂ ਤਸ਼ੱਦਦ ਕੀਤਾ ਜਾ ਰਿਹਾ ਹੈ, ਉਹ ਬਹੁਤ ਹੀ ਮੰਦਭਾਗਾ ਹੈ। ਇਸ ਤਸ਼ੱਦਦ ਕਾਰਨ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਹੋਈ ਹੈ ਅਤੇ ਇਸ ਮੌਤ ਦਾ ਵੱਡਾ ਕਾਰਨ ਸੁਰੱਖਿਆ ਬਲਾਂ ਵੱਲੋਂ ਚਲਾਈ ਗਈ ਗੋਲੀ ਹੈ।
ਉਹ ਮੰਗ ਕਰਦੇ ਹਨ ਕਿ ਮ੍ਰਿਤਕ ਨੌਜਵਾਨ ਨੂੰ ਸ਼ਹੀਦ ਦਾ ਦਰਜਾ ਦਿੰਦੇ ਹੋਏ ਉਸ ਦੀ ਪਿੰਡ ਵਿੱਚ ਜਿੱਥੇ ਯਾਦਗਾਰ ਸਥਾਪਿਤ ਕੀਤੀ ਜਾਵੇ, ਉਥੇ ਹੀ ਪਰਿਵਾਰ ਦੇ ਮੈਂਬਰਾਂ ਵਿਚੋਂ ਇੱਕ ਨੂੰ ਸਰਕਾਰੀ ਨੌਕਰੀ ਦੇ ਨਾਲ ਨਾਲ ਕਰਜ਼ਾ ਮਾਫ ਕੀਤੀ ਜਾਵੇ।