
ਆਟਾ ਸਕੀਮ ਦੀ ਹੋਮ ਡਿਲੀਵਰੀ ਸ਼ੁਰੂ ਕਰਨ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ‘ਆਪ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਇਕ ਹੋਰ ਗਲਤ ਸਕੀਮ ਵਿਰੁੱਧ ਚੇਤਾਵਨੀ ਦਿੱਤੀ ਹੈ।
ਸੀਨੀਅਰ ਕਾਂਗਰਸੀ ਆਗੂਆਂ ਨੇ ਕਿਹਾ ਕਿ ਨਾ ਸਿਰਫ ਲਾਭਪਾਤਰੀਆਂ ਨੂੰ ਘਟੀਆ ਪੱਧਰ ਦਾ ਆਟਾ ਮਿਲਣ ਦਾ ਖਤਰਾ ਹੈ, ਸਗੋਂ ‘ਆਪ’ ਸਰਕਾਰ ਦੀ ਫਲੈਗਸ਼ਿਪ ਸਕੀਮ ਨਾਲ ਸਰਕਾਰੀ ਖਜ਼ਾਨੇ ‘ਤੇ ਬੇਲੋੜਾ ਬੋਝ ਵੀ ਵਧੇਗਾ।
ਉਨ੍ਹਾਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ ਪਹਿਲਾਂ ਹੀ ਚਿੰਤਾ ਜ਼ਾਹਰ ਕਰ ਚੁੱਕੇ ਹਨ ਕਿ ਉਨ੍ਹਾਂ ਕੋਲ ਕਣਕ ਦੇ ਆਟੇ ਦੀ ਗੁਣਵੱਤਾ ਦਾ ਪਤਾ ਲਗਾਉਣ ਦਾ ਕੋਈ ਤਰੀਕਾ ਨਹੀਂ ਹੈ। ਫਿਰ ਵੀ ‘ਆਪ’ ਸਰਕਾਰ ਇਸ ਯੋਜਨਾ ‘ਤੇ ਅੱਗੇ ਵਧਣ ‘ਤੇ ਅੜੀ ਹੋਈ ਹੈ।
ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਸਰਕਾਰ ਨੂੰ ਕਣਕ ਦੇ ਆਟੇ ਦੀ ਬਜਾਏ ਲਾਭਪਾਤਰੀਆਂ ਨੂੰ ਕਣਕ ਦਾ ਅਨਾਜ ਮੁਹੱਈਆ ਕਰਵਾਉਣਾ ਚਾਹੀਦਾ ਹੈ।
ਬਾਜਵਾ ਨੇ ਪੰਜਾਬ ਦੀ ‘ਆਪ’ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਦਿੱਲੀ ‘ਚ ਬੈਠੇ ‘ਆਪ’ ਦੇ ਆਕਾਵਾਂ ਦੇ ਤਰਕਹੀਣ ਵਿਚਾਰ ਨੂੰ ਸੰਤੁਸ਼ਟ ਕਰਨ ਲਈ ਸੁਚਾਰੂ ਢੰਗ ਨਾਲ ਚੱਲ ਰਹੇ ਰਾਸ਼ਨ ਡਿਪੂ ਸਿਸਟਮ ਨੂੰ ਖਤਮ ਕਰ ਰਹੀ ਹੈ।