ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਸ਼ਹਿਰ ਦੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੁਰਾਣੇ ਡੀਜ਼ਲ ਆਟੋ ਦੀ ਥਾਂ ‘ਤੇ ਇਲੈਕਟ੍ਰਿਕ ਆਟੋ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ‘ਰਾਹੀ ਪ੍ਰੋਜੈਕਟ’ ਤਹਿਤ 1 ਅਪ੍ਰੈਲ ਤੋਂ ਡੀਜ਼ਲ ਆਟੋ ਨਹੀਂ ਚੱਲਣ ਦਿੱਤੇ ਜਾਣਗੇ।
ਆਟੋ ਰਿਕਸ਼ਿਆਂ ਦੇ ਪ੍ਰਦੂਸ਼ਣ ਨੂੰ ਰੋਕਣ ਅਤੇ ਪ੍ਰੋਜੈਕਟ ਨੂੰ ਲਾਗੂ ਕਰਨ ਲਈ ਡੀਜ਼ਲ ਆਟੋ ਨੂੰ ਜ਼ਬਤ ਕੀਤਾ ਜਾਵੇਗਾ। ਨਗਰ ਨਿਗਮ ਅੰਮ੍ਰਿਤਸਰ ਦੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਅੰਮ੍ਰਿਤਸਰ ਸਮਾਰਟ ਸਿਟੀ ਦੇ ‘ਰਾਹੀ ਪ੍ਰੋਜੈਕਟ’ ਦੇ ਸਲਾਹਕਾਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸ਼ਹਿਰ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਅਤੇ ਰਾਹੀ ਪ੍ਰਾਜੈਕਟ ਨੂੰ ਜੰਗੀ ਪੱਧਰ ‘ਤੇ ਲਾਗੂ ਕਰਨ ਲਈ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਸਰਕਾਰ ਵੱਲੋਂ ਸ਼ਹਿਰ ਵਿੱਚ ਰਜਿਸਟਰਡ ਪੁਰਾਣੇ ਡੀਜ਼ਲ ਆਟੋ ਨੂੰ ਬਦਲਣ ਲਈ ਈ-ਆਟੋ ਚਲਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਰਾਹੀ ਪ੍ਰੋਜੈਕਟ ਤਹਿਤ ਲਾਭਪਾਤਰੀ ਨੂੰ ਵਾਜਬ ਦਰ ‘ਤੇ ਈ-ਆਟੋ ਨਾਲ 1.25 ਲੱਖ ਦੀ ਸਬਸਿਡੀ ਦਾ ਲਾਭ ਅਤੇ ਪੁਰਾਣੇ ਆਟੋ ਦੇ ਸਕ੍ਰੈਪ ‘ਤੇ 15 ਹਜ਼ਾਰ ਕੁੱਲ 1.40 ਲੱਖ ਰੁਪਏ ਦਾ ਲਾਭ ਦਿੱਤਾ ਜਾਣਾ ਹੈ।
ਇਸ ਤੋਂ ਇਲਾਵਾ ਇਸ ਸਕੀਮ ਤਹਿਤ ਲਾਭਪਾਤਰੀ ਦੇ ਪਰਿਵਾਰ ਦੀ ਇੱਕ ਔਰਤ ਨੂੰ ਹੁਨਰ ਵਿਕਾਸ ਸਕੀਮ ਤਹਿਤ ਵੱਖ-ਵੱਖ ਕੋਰਸਾਂ ਦੀ ਸਿਖਲਾਈ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ। ਇਸ ਸਕੀਮ ਦਾ ਲਾਭ ਨਕਦ ਭੁਗਤਾਨ ਜਾਂ ਬੈਂਕ ਕਰਜ਼ੇ ਦੀ ਆਸਾਨ ਕਿਸ਼ਤ ਦੇ ਨਾਲ ਸਬਸਿਡੀ ਦੇ ਕੇ ਲਿਆ ਜਾ ਸਕਦਾ ਹੈ। ਮੀਟਿੰਗ ਵਿੱਚ ਸੰਯੁਕਤ ਕਮਿਸ਼ਨਰ ਨੇ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰੋਜੈਕਟ ਦਾ ਟੀਚਾ ਮਿੱਥੇ ਸਮੇਂ ਵਿੱਚ ਪ੍ਰਾਪਤ ਕੀਤਾ ਜਾਵੇ ਕਿਉਂਕਿ ਇਸ ਸਕੀਮ ਦਾ ਲਾਭ 31 ਮਾਰਚ 2023 ਤੱਕ ਬਿਨਾਂ ਕਿਸੇ ਦਬਾਅ ਦੇ ਲਿਆ ਜਾ ਸਕਦਾ ਹੈ। ਇਸ ਤੋਂ ਬਾਅਦ 1 ਅਪ੍ਰੈਲ 2023 ਤੋਂ ਸਥਾਨਕ ਪ੍ਰਸ਼ਾਸਨ ਦੀ ਮਦਦ ਨਾਲ ਸ਼ਹਿਰ ਵਿੱਚ ਚੱਲ ਰਹੇ ਆਟੋ ਰਿਕਸ਼ਿਆਂ ਦੇ ਪ੍ਰਦੂਸ਼ਣ ਨੂੰ ਰੋਕਣ ਅਤੇ ਇਸ ਪ੍ਰੋਜੈਕਟ ਨੂੰ ਲਾਗੂ ਕਰਨ ਲਈ ਡੀਜ਼ਲ ਆਟੋਆਂ ਨੂੰ ਜ਼ਬਤ ਕੀਤਾ ਜਾਣਾ ਹੈ।