ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ, ਕਾਂਸਟੇਬਲ ਅਤੇ ਪੱਤਰਕਾਰ ਖਿਲਾਫ FIR ਦਰਜ, ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ, ਕਾਂਸਟੇਬਲ ਅਤੇ ਪੱਤਰਕਾਰ ਖਿਲਾਫ ਐਫ.ਆਈ.ਆਰ
ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਗਈ ਮੁਹਿੰਮ ਦੇ ਤਹਿਤ ਅੱਜ ਸਾਈਬਰ ਸੈੱਲ, ਪਟਿਆਲਾ ਵਿਖੇ ਤਾਇਨਾਤ ਹੌਲਦਾਰ ਕਰਨਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਇੱਕ ਸਬ-ਇੰਸਪੈਕਟਰ (ਐਸਆਈ) ਅਤੇ ਇੱਕ ਪੱਤਰਕਾਰ ਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਪਟਿਆਲਾ ਦੇ ਰਹਿਣ ਵਾਲੇ ਪ੍ਰਦੀਪ ਸਿੰਘ ਦੀ ਸ਼ਿਕਾਇਤ ‘ਤੇ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਵਿਖੇ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ (ਪ੍ਰਦੀਪ) ਅਤੇ ਉਸਦੀ ਪਤਨੀ ਦਾ ਝਗੜਾ ਚੱਲ ਰਿਹਾ ਸੀ, ਜਿਸ ਦੀ ਸਾਈਬਰ ਸੈੱਲ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪਟਿਆਲਾ ਦਾ ਇੰਚਾਰਜ ਸਬ-ਇੰਸਪੈਕਟਰ ਪ੍ਰਿਤਪਾਲ ਸਿੰਘ ਨੂੰ ਸੌਂਪਿਆ ਗਿਆ।
ਸ਼ਿਕਾਇਤਕਰਤਾ ਅਨੁਸਾਰ ਉਸ ਦੀ ਮੁਲਾਕਾਤ ਪ੍ਰਿਤਪਾਲ ਸਿੰਘ ਨਾਲ ਪ੍ਰੈੱਸ ਰਿਪੋਰਟਰ ਐੱਸਐੱਸ ਮਲਹੋਤਰਾ ਰਾਹੀਂ ਹੋਈ ਸੀ। ਐਸਆਈ ਪ੍ਰਿਤਪਾਲ ਨੇ ਉਸ ਨੂੰ ਆਪਣੇ ਨਾਲ ਤਾਇਨਾਤ ਹੌਲਦਾਰ ਕਰਮਬੀਰ ਸਿੰਘ ਕੋਲ ਜਾ ਕੇ ਪੂਰੇ ਮਾਮਲੇ ਦੀ ਜਾਣਕਾਰੀ ਦੇਣ ਲਈ ਕਿਹਾ। ਇਸ ਤੋਂ ਬਾਅਦ ਜਦੋਂ ਸ਼ਿਕਾਇਤਕਰਤਾ ਕਰਮਬੀਰ ਸਿੰਘ ਨੂੰ ਮਿਲਿਆ ਤਾਂ ਉਸ ਨੇ ਸ਼ਿਕਾਇਤਕਰਤਾ ਦੇ ਹੱਕ ਵਿੱਚ ਰਿਪੋਰਟ ਤਿਆਰ ਕਰਨ ਦੀ ਬਜਾਏ ਉਸ ਤੋਂ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ।
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਕਾਂਸਟੇਬਲ ਕਰਨਬੀਰ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਰਿਸ਼ਵਤ ਦੀ ਪਹਿਲੀ ਕਿਸ਼ਤ 10,000 ਰੁਪਏ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ।