ਪੰਜਾਬ ਪੁਲਿਸ ਦੇ ASI ਨੇ ਇੱਕ ਔਰਤ ਨੂੰ ਝਾਂਸੇ ਵਿੱਚ ਲੈ ਕੇ ਬਲਾਤਕਾਰ ਕੀਤਾ। ਇੰਨਾ ਹੀ ਨਹੀਂ ਦੋਸ਼ੀ ਨੇ ਉਸ ਦੀ ਅਸ਼ਲੀਲ ਫੋਟੋ ਆਪਣੇ ਕੋਲ ਰਖ ਲਈ ਅਤੇ ਵੀਡੀਓ ਵੀ ਬਣਾਈ। ਜਦੋਂ ਔਰਤ ਗਰਭਵਤੀ ਹੋ ਗਈ ਤਾਂ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਦਾ ਗਰਭਪਾਤ ਕਰਵਾਉਣ ਲਈ ਮਜਬੂਰ ਕੀਤਾ ਗਿਆ।
ਔਰਤ ਨੇ ਉਸ ਦੇ ਖਿਲਾਫ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ।ਇਸ ਤੋਂ ਬਾਅਦ ਪੰਜ ਮਹੀਨੇ ਤੱਕ ਚੱਲੀ ਲੰਮੀ ਜਾਂਚ ਤੋਂ ਬਾਅਦ ਦੋਸ਼ ਸਹੀ ਪਾਏ ਗਏ। ਅਧਿਕਾਰੀਆਂ ਨੇ ਏਐਸਆਈ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਮੁਲਜ਼ਮ ਏਐਸਆਈ ਸੁਖਵਿੰਦਰ ਸਿੰਘ ਵਾਸੀ ਸੰਗਰੂਰ ਖ਼ਿਲਾਫ਼ ਥਾਣਾ ਸਦਰ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਪੀੜਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਸ ਦਾ ਪਤੀ ਕਾਫੀ ਸਮੇਂ ਤੋਂ ਬਿਮਾਰ ਸੀ। ਇਸ ਦੌਰਾਨ ਉਨ੍ਹਾਂ ਦੀ ਏਐਸਆਈ ਸੁਖਵਿੰਦਰ ਸਿੰਘ ਨੂੰ ਮਿਲੀ। ਦੋਸ਼ੀ ਮੁਲਾਜ਼ਮ ਨੇ ਉਸ ਨੂੰ ਆਪਣੇ ਝਾਂਸੇ ਵਿੱਚ ਲੈ ਲਿਆ ਅਤੇ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ, ਫਿਰ ਘਰ ਆਉਣ ਲੱਗ ਪਿਆ। ਇਸ ਤੋਂ ਬਾਅਦ ਦੋਸ਼ੀ ਉਸ ਨੂੰ ਵੱਖ-ਵੱਖ ਥਾਵਾਂ ‘ਤੇ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ।
ਦੋਸ਼ੀ ਨੇ ਉਸ ਦੀਆਂ ਅਸ਼ਲੀਲ ਫੋਟੋਆਂ ਖਿੱਚ ਲਈਆਂ ਅਤੇ ਮੋਬਾਈਲ ਤੋਂ ਵੀਡੀਓ ਵੀ ਬਣਾਈ। ਪੀੜਤਾ ਦਾ ਦੋਸ਼ ਹੈ ਕਿ ਇਸ ਦੌਰਾਨ ਉਹ ਗਰਭਵਤੀ ਹੋ ਗਈ। ਦੋਸ਼ੀ ਏਐਸਆਈ ਸੁਖਵਿੰਦਰ ਨੇ ਉਸ ਨੂੰ ਗਰਭਪਾਤ ਕਰਵਾਉਣ ਲਈ ਕਿਹਾ। ਇਸ ‘ਤੇ ਉਸ ਨੇ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਦੋਸ਼ੀ ਨੇ ਉਸ ਦੇ ਪਤੀ ਅਤੇ ਰਿਸ਼ਤੇਦਾਰਾਂ ਕੋਲ ਉਸ ਦੀ ਅਸ਼ਲੀਲ ਫੋਟੋ-ਵੀਡੀਓ ਵਾਇਰਲ ਕਰਨ ਦੀ ਧਮਕੀ ਦੇਕੇ ਉਸ ਦਾ ਗਰਭਪਾਤ ਕਰਵਾ ਦਿੱਤਾ। ਇਸ ਤੋਂ ਬਾਅਦ ਦੋਸ਼ੀ ਲਗਾਤਾਰ ਉਸ ਨੂੰ ਕੁੱਟਦਾ ਰਿਹਾ ਅਤੇ ਉਸ ਨਾਲ ਜ਼ਬਰਦਸਤੀ ਕਰਦਾ ਰਿਹਾ। ਦੋਸ਼ੀ ਪੁਲਿਸ ਮੁਲਾਜ਼ਮ ਹੋਣ ਦਾ ਰੌਬ ਵਿਖਾ ਕੇ ਉਸ ਨੂੰ ਡਰਾ ਦਿੰਦਾ ਸੀ। ਪਰ ਜਦੋਂ ਹੱਦ ਤੋਂ ਵੱਧ ਹੋ ਗਿਆ ਤਾਂ ਉਸ ਨੇ ਦੋਸ਼ੀ ਖਿਲਾਫ ਸ਼ਿਕਾਇਤ ਦਿੱਤੀ।
ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਗਿਆ ਹੈ। ਅਜੇ ਤੱਕ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ।