ਕੈਨੇਡਾ ‘ਚ 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਦੇ ਖਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਹੁਣ ਟਰੈਵਲ ਏਜੰਟ ਅਤੇ ਇਮੀਗ੍ਰੇਸ਼ਨ ਏਜੰਸੀ ‘ਤੇ ਕਾਰਵਾਈ ਕਰਨ ਦਾ ਮਨ ਬਣਾ ਲਿਆ ਹੈ। ਪੰਜਾਬ ਵਿੱਚ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 10 ਜੁਲਾਈ ਤੱਕ ਸਾਰੇ ਟਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।
ਮੰਤਰੀ ਕੁਲਦੀਪ ਧਾਲੀਵਾਲ ਨੇ ਮੰਨਿਆ ਹੈ ਕਿ ਵੱਡੀ ਗਿਣਤੀ ਵਿੱਚ ਪੰਜਾਬੀ ਲੋਕ ਠੱਗ ਟਰੈਵਲ ਏਜੰਟਾਂ ਦੇ ਚੁੰਗਲ ਵਿੱਚ ਫਸ ਜਾਂਦੇ ਹਨ। ਕਈ ਲੋਕ ਵਿਦੇਸ਼ਾਂ ਵਿਚ ਪ੍ਰੇਸ਼ਾਨ ਹੁੰਦੇ ਰਹਿੰਦੇ ਹਨ ਅਤੇ ਕਈਆਂ ਦਾ ਇੱਥੇ ਹੀ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਂਦਾ ਹੈ। ਉਨ੍ਹਾਂ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਹਦਾਇਤ ਕੀਤੀ ਕਿ ਉਹ ਟਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੇ ਕਾਗਜ਼ਾਤ ਚੈੱਕ ਕਰਕੇ 10 ਜੁਲਾਈ ਤੱਕ ਰਿਪੋਰਟ ਪੇਸ਼ ਕਰਨ।