
ਹਜ਼ਾਰਾਂ ਕਰੋੜਾਂ ਦੇ ਡਰੱਗਜ਼ ਮਾਮਲੇ ‘ਚ ਭਗੌੜੇ ਏਆਈਜੀ ਰਾਜਜੀਤ ਸਿੰਘ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਦੋਸ਼ੀ ਰਾਜਜੀਤ ‘ਤੇ ਹੁਣ ਅਪਰਾਧਿਕ ਸਾਜ਼ਿਸ਼ ਰਚਣ, ਰਿਕਾਰਡ ‘ਚ ਹੇਰਾਫੇਰੀ ਅਤੇ ਜਬਰੀ ਵਸੂਲੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਦਰਅਸਲ, ਸਾਲ 2017 ‘ਚ ਇੰਸਪੈਕਟਰ ਇੰਦਰਜੀਤ ਨੂੰ ਹਥਿਆਰ ਅਤੇ ਨਸ਼ਾ ਤਸਕਰੀ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੇ ਘਰ ਦੀ ਤਲਾਸ਼ੀ ਦੌਰਾਨ ਏ.ਕੇ.-47, 4 ਕਿਲੋ ਹੈਰੋਇਨ, 3 ਕਿਲੋ ਸਮੈਕ ਅਤੇ ਹੋਰ ਦੇਸੀ ਹਥਿਆਰ ਬਰਾਮਦ ਕੀਤੇ ਗਏ ਸੀ। ਜਿਸ ਤੋਂ ਬਾਅਦ ਇੰਸਪੈਕਟਰ ਇੰਦਰਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।
ਇਸ ਮਾਮਲੇ ਵਿੱਚ ਏਆਈਜੀ ਰਾਜਜੀਤ ਸਿੰਘ ’ਤੇ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਦਾ ਬਚਾਅ ਕਰਦਿਆਂ ਝੂਠਾ ਰਿਕਾਰਡ ਪੇਸ਼ ਕਰਨ ਦਾ ਦੋਸ਼ ਹੈ। ਇਸ ਦੇ ਨਾਲ ਹੀ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨਾਲ ਛੇੜਛਾੜ ਕਰਨ, ਇੰਦਰਜੀਤ ਨੂੰ ਪ੍ਰਮੋਸ਼ਨ ਦੇਣ ਅਤੇ ਡਰੱਗ ਮਾਮਲੇ ਵਿੱਚ ਬਚਾਅ ਕਰਨ ਦੀ ਕੋਸ਼ਿਸ਼ ਕਰਨ ਦੇ ਵੀ ਆਰੋਪ ਹਨ।