ਵਿਰੋਧੀ ਪਾਰਟੀਆਂ ਵੀ ਭਾਜਪਾ ਦੇ ਖਿਲਾਫ ਇਕੱਠੇ ਚੋਣ ਮੈਦਾਨ ਵਿੱਚ ਉਤਰਨ ਦੇ ਮਕਸਦ ਨਾਲ ਮਹਾਗਠਜੋੜ ਬਣਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਜਦਕਿ ਭਾਜਪਾ ਵਿਚ ਵੀ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਇਸ ਦੌਰਾਨ ਹੁਣ 18 ਜੁਲਾਈ ਨੂੰ ਐਨਡੀਏ ਦੀ ਵੱਡੀ ਮੀਟਿੰਗ ਬੁਲਾਈ ਗਈ ਹੈ। ਸੂਤਰਾਂ ਮੁਤਾਬਕ ਇਹ ਮੀਟਿੰਗ ਦਿੱਲੀ ਦੇ ਅਸ਼ੋਕਾ ਹੋਟਲ ‘ਚ ਹੋਵੇਗੀ।
ਇਸ ਮੀਟਿੰਗ ਵਿੱਚ ਲੰਮੇ ਸਮੇਂ ਤੋਂ ਐਨਡੀਏ ਤੋਂ ਵੱਖ ਚੱਲ ਰਹੇ ਅਕਾਲੀ ਦਲ ਦੀ ਤਰਫੋਂ ਸੁਖਬੀਰ ਬਾਦਲ, ਲੋਜਪਾ ਦੇ ਚਿਰਾਗ ਪਾਸਵਾਨ ਸ਼ਾਮਲ ਹੋਣਗੇ। ਬੈਠਕ ‘ਚ ਚੰਦਰਬਾਬੂ ਨਾਇਡੂ ਦੀ ਟੀਡੀਪੀ ਵੀ ਹਿੱਸਾ ਲੈ ਸਕਦੀ ਹੈ। ਸੁਖਬੀਰ ਬਾਦਲ ਅਤੇ ਚਿਰਾਗ ਪਾਸਵਾਨ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਐਨਡੀਏ ਦੀ ਮੀਟਿੰਗ ਵਿੱਚ ਕੁਝ ਨਵੀਆਂ ਪਾਰਟੀਆਂ ਵੀ ਸ਼ਾਮਲ ਹੋ ਸਕਦੀਆਂ ਹਨ।
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵਿੱਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਭਾਜਪਾ ਦੀ ਸਿਖਰਲੀ ਲੀਡਰਸ਼ਿਪ ਦੀਆਂ ਕਈ ਦੌਰ ਦੀਆਂ ਮੀਟਿੰਗਾਂ ਤੋਂ ਬਾਅਦ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵੀ ਹੋਈ। ਇਹ ਮੀਟਿੰਗ ਕੇਂਦਰੀ ਮੰਤਰੀ ਮੰਡਲ ਵਿੱਚ ਫੇਰਬਦਲ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਚੱਲ ਰਹੀ ਚਰਚਾ ਦੌਰਾਨ ਹੋਈ ਹੈ। ਇਸ ਤੋਂ ਬਾਅਦ ਭਾਜਪਾ ਨੇ ਚਾਰ ਰਾਜਾਂ ਵਿੱਚ ਸੂਬਾ ਪ੍ਰਧਾਨ ਵੀ ਬਦਲ ਦਿੱਤੇ ਹਨ।