ਜਲੰਧਰ /ਅਮਨਦੀਪ ਸਿੰਘ
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ. ਮਨਮੋਹਨ ਸਿੰਘ ਦਾ ਦੇਹਾਂਤ ਹੋ ਗਿਆ ਹੈ। ਸਾਹ ਲੈਣ ‘ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ ‘ਚ ਲਿਆਂਦਾ ਗਿਆ ਸੀ। ਉਨ੍ਹਾਂ ਨੂੰ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ। ਕਈ ਵਿਭਾਗਾਂ ਦੀਆਂ ਟੀਮਾਂ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀਆਂ ਸਨ, ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।
ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਐਕਸ ‘ਤੇ ਲਿਖਿਆ, ਭਾਰਤ ਆਪਣੇ ਸਭ ਤੋਂ ਮਸ਼ਹੂਰ ਨੇਤਾਵਾਂ ਵਿੱਚੋਂ ਇੱਕ, ਡਾ. ਮਨਮੋਹਨ ਸਿੰਘ ਦੇ ਦਿਹਾਂਤ ‘ਤੇ ਸੋਗ ਮਨਾ ਰਿਹਾ ਹੈ। ਇੱਕ ਸਾਧਾਰਨ ਪਿਛੋਕੜ ਤੋਂ ਉੱਠ ਕੇ, ਉਹ ਇੱਕ ਪ੍ਰਸਿੱਧ ਅਰਥ ਸ਼ਾਸਤਰੀ ਬਣ ਗਏ। ਉਹ ਵਿੱਤ ਮੰਤਰੀ ਸਮੇਤ ਵੱਖ-ਵੱਖ ਸਰਕਾਰੀ ਅਹੁਦਿਆਂ ‘ਤੇ ਰਹੇ ਅਤੇ ਸਾਲਾਂ ਦੌਰਾਨ ਸਾਡੀ ਆਰਥਿਕ ਨੀਤੀ ‘ਤੇ ਡੂੰਘੀ ਛਾਪ ਛੱਡੀ। ਪਾਰਲੀਮੈਂਟ ਵਿਚ ਉਨ੍ਹਾਂ ਦੇ ਦਖਲ ਵੀ ਬਹੁਤ ਸਾਰਥਿਕ ਸਨ। ਸਾਡੇ ਪ੍ਰਧਾਨ ਮੰਤਰੀ ਹੋਣ ਦੇ ਨਾਤੇ, ਉਨ੍ਹਾਂ ਨੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਵਿਆਪਕ ਯਤਨ ਕੀਤੇ।
ਰਾਬਰਟ ਵਾਡਰਾ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਫੇਸਬੁੱਕ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਸੀਨੀਅਰ ਕਾਂਗਰਸੀ ਨੇਤਾਵਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਦਿੱਲੀ ਏਮਜ਼ ‘ਚ ਪਹੁੰਚਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।