
50 ਸਾਲਾ ਰੇਖਾ ਗੁਪਤਾ ਜਿੰਦਲ ਦਿੱਲੀ ਦੀ ਨੌਵੀਂ ਮੁੱਖ ਮੰਤਰੀ ਬਣ ਗਈ ਹੈ। ਉਨ੍ਹਾਂ ਨੇ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਆਪਣੇ ਅਹੁਦੇ ਦੀ ਸਹੁੰ ਚੁੱਕੀ। ਰੇਖਾ ਗੁਪਤਾ ਦੇ ਨਾਲ 6 ਮੰਤਰੀਆਂ ਨੇ ਵੀ ਸਹੁੰ ਚੁੱਕੀ ਹੈ। ਇਸ ਵਿੱਚ ਅਰਵਿੰਦ ਕੇਜਰੀਵਾਲ ਨੂੰ ਹਰਾਉਣ ਵਾਲੇ ਪ੍ਰਵੇਸ਼ ਵਰਮਾ, ਆਸ਼ੀਸ਼ ਸੂਦ, ਮਨਜਿੰਦਰ ਸਿੰਘ ਸਿਰਸਾ, ਰਵਿੰਦਰ ਇੰਦਰਰਾਜ ਸਿੰਘ, ਕਪਿਲ ਮਿਸ਼ਰਾ ਅਤੇ ਪੰਕਜ ਕੁਮਾਰ ਸਿੰਘ ਦੇ ਨਾਂ ਸ਼ਾਮਲ ਹਨ।
ਦਿੱਲੀ ਦੇ ਨਵੇਂ ਮੰਤਰੀਆਂ ਵਿੱਚੋਂ ਸਿੱਖ ਚਿਹਰੇ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ਵਿੱਚ ਸਹੁੰ ਚੁੱਕੀ ਹੈ, ਜਿਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਮਨਜਿੰਦਰ ਸਿੰਘ ਸਿਰਸਾ ਨੂੰ ਰਾਜੌਰੀ ਗਾਰਡਨ ਤੋਂ ਭਾਜਪਾ ਦਾ ਉਮੀਦਵਾਰ ਬਣਾਇਆ ਸੀ, ਜਿੱਥੇ ਉਨ੍ਹਾਂ ਨੇ ਜਿੱਤ ਦਰਜ ਕਰਕੇ ਭਾਜਪਾ ਹਾਈਕਮਾਂਡ ਦੇ ਫੈਸਲੇ ਨੂੰ ਸਹੀ ਠਹਿਰਾਇਆ। ਇਸ ਦਾ ਨਤੀਜਾ ਇਹ ਨਿਕਲਿਆ ਕਿ ਹੁਣ ਉਨ੍ਹਾਂ ਨੂੰ ਕੈਬਨਿਟ ਵਿੱਚ ਸਿੱਧੀ ਐਂਟਰੀ ਮਿਲ ਗਈ ਹੈ। ਇਹ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀਆਂ ਨੇ ਕਈ ਮੁੱਦੇ ਚੁੱਕੇ ਹਨ। ਆਓ ਜਾਣਦੇ ਹਾਂ ਮਨਜਿੰਦਰ ਸਿੰਘ ਸਿਰਸਾ ਨੇ ਹੁਣ ਤੱਕ ਸਿੱਖਾਂ ਨਾਲ ਜੁੜੇ ਕਿਹੜੇ-ਕਿਹੜੇ ਮੁੱਦੇ ਚੁੱਕੇ ਹਨ।
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਦੇ ਪੀਰ ਬਾਬਾ ਖੈਬਰ ਪਖਤੂਨਖਵਾ ਸੂਬੇ ਵਿੱਚ ਸਿੱਖ ਮਹਿਲਾ ਅਧਿਆਪਕਾ ਦੀਨਾ ਕੌਰ ਦੇ ਅਗਵਾ ਅਤੇ ਜਬਰੀ ਵਿਆਹ ਦਾ ਮਾਮਲਾ ਪਾਕਿਸਤਾਨ ਕੋਲ ਉਠਾਉਣ ਅਤੇ ਅਧਿਆਪਕ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਵਿਦੇਸ਼ ਮੰਤਰੀ ਐੱਸਪੀ ਜੈਸ਼ੰਕਰ ਨੂੰ ਬੇਨਤੀ ਕੀਤੀ ਸੀ। ਉਸ ਸਮੇ ਸਿਰਸਾ ਨੇ ਕਿਹਾ ਸੀ ਕਿ ਪਾਕਿਸਤਾਨ ਵਿੱਚ ਘੱਟ ਗਿਣਤੀ ਸਿੱਖ, ਹਿੰਦੂ ਅਤੇ ਹੋਰ ਭਾਈਚਾਰਿਆਂ ਦੀਆਂ ਲੜਕੀਆਂ ਨੂੰ ਅਗਵਾ, ਧਰਮ ਪਰਿਵਰਤਨ ਅਤੇ ਫਿਰ ਉਨ੍ਹਾਂ ਦੇ ਅਗਵਾਕਾਰਾਂ ਨਾਲ ਵਿਆਹ ਕਰਵਾਉਣਾ ਆਮ ਗੱਲ ਹੋ ਗਈ ਹੈ। ਪਾਕਿਸਤਾਨ ਵਿੱਚ ਮਨੁੱਖੀ ਅਧਿਕਾਰਾਂ ਦੀ ਇਹ ਤਰਸਯੋਗ ਸਥਿਤੀ ਹੈ।