ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਕਰਵਾਉਣ ਬਾਰੇ ਗੱਲ ਕਰਦਿਆਂ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਕਰਨ ਅਤੇ ਨਵੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ 21 ਅਕਤੂਬਰ 2023 ਤੋਂ ਸ਼ੁਰੂ ਹੋਵੇਗੀ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਚੋਣਾਂ ਕਰਵਾਉਣ ਲਈ ਰਾਹ ਪੱਧਰਾ ਹੋਵੇਗਾ ਜਿਸ ਨਾਲ ਇਹ ਯਕੀਨੀ ਹੋ ਜਾਵੇਗਾ ਕਿ ਜਮਹੂਰੀਅਤ ਢੰਗ ਨਾਲ ਚੁਣੀ ਸ਼੍ਰੋਮਣੀ ਕਮੇਟੀ ਸਿੱਖਾਂ ਦੇ ਮਾਮਲਿਆਂ ਦੀ ਵਾਗਡੋਰ ਸੰਭਾਲੇ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਆਰਜ਼ੀ ਪ੍ਰਧਾਨ ਵਾਲੀ ਅੰਤਰਿਮ ਕਮੇਟੀ ਸੰਸਥਾ ਦੇ ਕੰਮਕਾਜ ਚਲਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪ੍ਰਮੁੱਖ ਸਿੱਖ ਸੰਸਥਾ ਦੀਆਂ ਚੋਣਾਂ ਜਲਦੀ ਕਰਵਾਉਣਾ ਯਕੀਨੀ ਬਣਾਏਗੀ।
ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਦੇ ਸੰਬੰਧ ਵਿੱਚ ਅਹਿਮ ਜਾਣਕਾਰੀ.. 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ
ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੀ ਪ੍ਰਤੀਕਰਮ ਆਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ….ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀਆਂ ਜਰਨਲ ਚੋਣਾਂ ਲਈ ਵੋਟਾਂ ਬਣਾਉਣੀਆਂ ਸਰਕਾਰ ਦੀ ਜਿੰਮੇਵਾਰੀ ਹੈ। ਇਸ ਸਬੰਧੀ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਕਾਫੀ ਸਮਾਂ ਪਹਿਲਾਂ ਸਬੰਧਤ ਸੂਬਿਆਂ ਦੇ ਮੁੱਖ ਸਕੱਤਰਾਂ ਤੇ ਪ੍ਰਸ਼ਾਸਕ ਨੂੰ ਪੱਤਰ ਲਿਖਿਆ ਜਾ ਚੁੱਕਾ ਹੈ।